Punjab News: ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਵੱਡੇ ਪੱਧਰ ‘ਤੇ ਨੌਜਵਾਨ AAP ‘ਚ ਸ਼ਾਮਲ
ਅਨਿਲ ਚੌਹਾਨ ਦੀ ਅਗਵਾਈ ਹੇਠ ਨੌਜਵਾਨਾਂ ਨੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ, ਅਮਨ ਅਰੋੜਾ ਦੀ ਅਗਵਾਈ ’ਤੇ ਭਰੋਸਾ ਪ੍ਰਗਟਾਉਂਦਿਆਂ ਨੌਜਵਾਨਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ
ਸੁਨਾਮ / ਊਧਮ ਸਿੰਘ ਵਾਲਾ, 15 ਸਤੰਬਰ 2026- ਸੁਨਾਮ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਅਨਿਲ ਚੌਹਾਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ਵਿੱਚ ਭਰੋਸਾ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਅਮਨ ਅਰੋੜਾ ਨੇ ਨੌਜਵਾਨਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਸੂਬੇ ਦੀ ਤਰੱਕੀ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਨੌਜਵਾਨਾਂ ਨੂੰ ਅੱਗੇ ਆਉਣ, ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਸੂਬੇ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਨੌਜਵਾਨਾਂ ਨੇ ਕਿਹਾ ਕਿ ਉਹ ਅਮਨ ਅਰੋੜਾ ਦੀ ਕਾਰਜਸ਼ੈਲੀ, ਲੋਕਾਂ ਨਾਲ ਸਿੱਧੇ ਸੰਵਾਦ ਅਤੇ ਸੁਨਾਮ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁਖੀ ਸੋਚ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਅਨਿਲ ਚੌਹਾਨ ਨੇ ਕਿਹਾ ਕਿ ਨੌਜਵਾਨਾਂ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਵਿਕਾਸ ਅਤੇ ਲੋਕ-ਹਿੱਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਨਾਲ ਜੋੜਿਆ ਜਾਵੇਗਾ।
ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।
ਨੌਜਵਾਨਾਂ ਦੀ ਇਸ ਸ਼ਮੂਲੀਅਤ ਨੂੰ ਸੁਨਾਮ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ ਕਰਨ ਵਾਲੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਅਨਿਲ ਚੌਹਾਨ, ਪ੍ਰਦੀਪ ਗਿੱਲ, ਸਿਮਰਨ ਮਹਿਰਾ, ਕਰਨ ਗਿੱਲ, ਵਿੱਕੀ ਕਲਿਆਣ, ਹਰਸ਼ ਸਤਿਗੁਰ ਸਿੰਘ, ਸੰਜੇ ਕੁਮਾਰ, ਮਨਜੀਤ ਸਿੰਘ, ਹਰਪ੍ਰੀਤ ਸਿੰਘ ਅਤੇ ਲਗਭਗ 150 ਨੌਜਵਾਨ ਹਾਜ਼ਰ ਸਨ। ਆਮ ਆਦਮੀ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ ਨੇ ਇਸ ਮੌਕੇ ਇਹਨਾਂ ਨੌਜਵਾਨਾਂ ਦਾ ਸਵਾਗਤ ਕੀਤਾ।
















