Punjab Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ’ ਅਲਰਟ ਜਾਰੀ

On: ਜੂਨ 5, 2026 10:32 ਪੂਃ ਦੁਃ

 

Punjab Rain Alert: ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਭਾਰੀ ਮੀਂਹ ਪੈਣ ਬਾਰੇ ‘ਯੈਲੋ’ ਅਲਰਟ ਜਾਰੀ- ਵੀਰਵਾਰ ਸ਼ਾਮ ਨੂੰ ਅਚਾਨਕ ਬਦਲੇ ਮੌਸਮ ਕਾਰਨ ਕਈ ਜ਼ਿਲ੍ਹਿਆਂ ਵਿੱਚ ਚੱਲੀ ਧੂੜ ਭਰੀ ਹਨ੍ਹੇਰੀ, ਪਾਰਾ 3 ਤੋਂ 5 ਡਿਗਰੀ ਡਿੱਗਿਆ!

ਚੰਡੀਗੜ੍ਹ, 5 ਜੂਨ 2026 (Punjab Rain Alert): ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਅਤੇ ਹੁੰਮਸ ਤੋਂ ਪਰੇਸ਼ਾਨ ਲੋਕਾਂ ਨੂੰ ਬੀਤੀ ਸ਼ਾਮ ਵੱਡੀ ਰਾਹਤ ਮਿਲੀ ਹੈ। ਵੀਰਵਾਰ ਸ਼ਾਮ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਮੌਸਮ ਨੇ ਅਚਾਨਕ ਕਰਵਟ ਲਈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀ ਹਨ੍ਹੇਰੀ ਚੱਲਣ ਦੇ ਨਾਲ-ਨਾਲ ਜ਼ੋਰਦਾਰ ਮੀਂਹ ਪਿਆ।

ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਅੱਜ (ਸ਼ੁੱਕਰਵਾਰ) ਅਤੇ ਭਲਕੇ (ਸ਼ਨੀਵਾਰ) ਵੀ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਦੁਪਹਿਰ ਕਰੀਬ ਤਿੰਨ ਵਜੇ ਅੰਮ੍ਰਿਤਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਕਾਰਨ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ।

ਪਿਛਲੇ ਕਈ ਦਿਨਾਂ ਤੋਂ 40 ਡਿਗਰੀ ਦੇ ਆਸ-ਪਾਸ ਪਹੁੰਚ ਰਹੇ ਪਾਰੇ ਕਾਰਨ ਬੇਹਾਲ ਹੋਏ ਲੋਕਾਂ ਨੇ ਸੁੱਖ ਦਾ ਸਾਹ ਲਿਆ। ਹਾਲਾਂਕਿ, ਦਿਨ ਦੇ ਸਮੇਂ ਮੌਸਮ ਖ਼ੁਸ਼ਕ ਰਹਿਣ ਕਰਕੇ ਪੰਜਾਬ ਦੇ ਔਸਤਨ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਦਾ ਵਾਧਾ ਵੀ ਦੇਖਿਆ ਗਿਆ।

ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 42.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ, ਜਦੋਂ ਕਿ ਸਭ ਤੋਂ ਘੱਟ ਨਿਊਨਤਮ ਤਾਪਮਾਨ 23.8 ਡਿਗਰੀ ਸੈਲਸੀਅਸ ਐੱਸ.ਬੀ.ਐੱਸ. ਨਗਰ (ਨਵਾਂਸ਼ਹਿਰ) ਵਿਖੇ ਦਰਜ ਹੋਇਆ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 38.8 ਡਿਗਰੀ, ਲੁਧਿਆਣਾ ਦਾ 40.4 ਡਿਗਰੀ ਅਤੇ ਪਟਿਆਲਾ ਦਾ 40.6 ਡਿਗਰੀ ਸੈਲਸੀਅਸ ਰਿਹਾ।

ਮੀਂਹ ਪੈਣ ਤੋਂ ਪਹਿਲਾਂ ਚੱਲੀ ਤੇਜ਼ ਹਨ੍ਹੇਰੀ ਦੌਰਾਨ ਕਈ ਥਾਵਾਂ ‘ਤੇ ਧੂੜ ਦਾ ਗੁਬਾਰ ਛਾ ਗਿਆ, ਜਿਸ ਕਾਰਨ ਸੜਕਾਂ ‘ਤੇ ਵਿਜ਼ੀਬਿਲਟੀ ਕਾਫ਼ੀ ਘੱਟ ਗਈ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ, ਮੀਂਹ ਤੋਂ ਬਾਅਦ ਆਸਮਾਨ ਸਾਫ਼ ਹੋ ਗਿਆ ਅਤੇ ਮੌਸਮ ਸੁਹਾਵਣਾ ਹੋ ਗਿਆ।

ਮੌਸਮ ਵਿਭਾਗ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਇਸ ਦੌਰਾਨ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। 7 ਜੂਨ ਨੂੰ ਵੀ ਕਈ ਥਾਵਾਂ ‘ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਤੋਂ ਬਾਅਦ 8 ਅਤੇ 9 ਜੂਨ ਨੂੰ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ, ਜਦੋਂ ਕਿ 10 ਜੂਨ ਤੋਂ ਇੱਕ ਨਵੀਂ ਪੱਛਮੀ ਗੜਬੜੀ (Western Disturbance) ਦੇ ਸਰਗਰਮ ਹੋਣ ਨਾਲ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ।

 

Join WhatsApp

Join Now

Leave a Comment