Punjab Roadways Strike 2026; ਸਾਵਧਾਨ! ਪੰਜਾਬ ‘ਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਦਾ ਐਲਾਨ! ਪੜ੍ਹੋ ਪੂਰੀ ਖ਼ਬਰ

 

Punjab Roadways Strike 2026; ਸਾਵਧਾਨ! ਪੰਜਾਬ ‘ਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਦਾ ਐਲਾਨ! ਪੜ੍ਹੋ ਪੂਰੀ ਖ਼ਬਰ

ਪਨਬੱਸ ਤੇ PRTC ਕੰਟਰੈਕਟ ਵਰਕਰਾਂ ਦਾ ਜ਼ੋਰਦਾਰ ਪ੍ਰਦਰਸ਼ਨ; ਮੰਗਾਂ ਨਾ ਮੰਨਣ ‘ਤੇ 25 ਤੋਂ 27 ਤੱਕ ਹੜਤਾਲ ਦੀ ਚੇਤਾਵਨੀ

ਆਊਟਸੋਰਸ ਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ‘ਤੇ ਦਰਜ ਕੇਸ ਰੱਦ ਕਰਨ ਦੀ ਮੰਗ

ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਤੋਂ ਬਾਅਦ ਸੰਗਰੂਰ ਧਰਨਾ ਫਿਲਹਾਲ ਮੁਲਤਵੀ, ਪਰ ਸੰਘਰਸ਼ ਜਾਰੀ

ਮੰਗਾਂ ਪੂਰੀਆਂ ਨਾ ਹੋਣ ‘ਤੇ 25, 26 ਅਤੇ 27 ਤਾਰੀਖ਼ ਨੂੰ ਪੂਰੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ

Punjab Roadways Strike 2026; ਅੰਮ੍ਰਿਤਸਰ, 21 ਮਈ 2026: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. (PRTC) ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਬੱਸ ਸਟੈਂਡ ‘ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਆਗੂਆਂ ਅਤੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ।

ਯੂਨੀਅਨ ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ 25, 26 ਅਤੇ 27 ਤਾਰੀਖ਼ ਨੂੰ ਪੂਰੇ ਪੰਜਾਬ ਵਿੱਚ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਕੀਤੀ ਜਾਵੇਗੀ।

ਪ੍ਰਦਰਸ਼ਨਕਾਰੀਆਂ ਨੇ ਸਾਫ਼ ਲਫ਼ਜ਼ਾਂ ਵਿੱਚ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਨ੍ਹਾਂ ਦਾ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।

ਯੂਨੀਅਨ ਦੇ ਸੂਬਾਈ ਆਗੂ ਜੋਧ ਸਿੰਘ ਨੇ ਦੱਸਿਆ ਕਿ ਬੀਤੀ 18 ਤਾਰੀਖ਼ ਨੂੰ ਮੁਲਾਜ਼ਮਾਂ ਵੱਲੋਂ ਇੱਕ ਦਿਨ ਦੀ ਸੰਕੇਤਕ ਹੜਤਾਲ ਕੀਤੀ ਗਈ ਸੀ। ਇਸ ਤੋਂ ਬਾਅਦ ਪੰਜਾਬ ਦੇ ਵਿੱਤ ਤੇ ਆਵਾਜਾਈ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਯੂਨੀਅਨ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਮੰਤਰੀ ਨੇ ਮੁਲਾਜ਼ਮਾਂ ਨੂੰ ਜਲਦ ਹੀ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾਇਆ।

ਹਾਲਾਂਕਿ, ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਪਿਛਲੇ ਕਈ ਸਾਲਾਂ ਤੋਂ ਸੰਘਰਸ਼ ਕਰ ਰਹੇ ਹਨ; ਚਾਹੇ ਪਿਛਲੀਆਂ ਸਰਕਾਰਾਂ ਹੋਣ ਜਾਂ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ, ਮੁਲਾਜ਼ਮਾਂ ਨੂੰ ਹਮੇਸ਼ਾ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰਨਾ ਪੈਂਦਾ ਹੈ।

ਯੂਨੀਅਨ ਦੀਆਂ ਮੁੱਖ ਮੰਗਾਂ ਵਿੱਚ ਆਊਟਸੋਰਸ ਅਤੇ ਕੰਟਰੈਕਟ (ਠੇਕਾ) ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ (ਪੱਕਾ) ਕਰਨਾ, ਪਿਛਲੇ ਅੰਦੋਲਨਾਂ ਦੌਰਾਨ ਮੁਲਾਜ਼ਮਾਂ ‘ਤੇ ਦਰਜ ਕੀਤੇ ਗਏ ਕੇਸ ਵਾਪਸ ਲੈਣਾ ਅਤੇ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨਾ ਸ਼ਾਮਲ ਹੈ।

ਜੋਧ ਸਿੰਘ ਨੇ ਕਿਹਾ ਕਿ ਅੰਦੋਲਨ ਦੌਰਾਨ ਕਈ ਮੁਲਾਜ਼ਮਾਂ ‘ਤੇ ਧਾਰਾ 307 ਵਰਗੇ ਗੰਭੀਰ ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕਿਲੋਮੀਟਰ ਸਕੀਮ ਵਾਲੀਆਂ ਨਿੱਜੀ ਬੱਸਾਂ ਨੂੰ ਬੰਦ ਕਰਨ ਦੀ ਮੰਗ ਵੀ ਪ੍ਰਮੁੱਖਤਾ ਨਾਲ ਉਠਾਈ ਜਾ ਰਹੀ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ, ਬੱਸ ਸਟੈਂਡਾਂ ਅਤੇ ਬੱਸਾਂ ਵਿੱਚ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਪ੍ਰਚਾਰ ਮੁਹਿੰਮ ਜਾਰੀ ਰਹੇਗੀ।

ਯੂਨੀਅਨ ਦੇ ਸੂਬਾਈ ਕੈਸ਼ੀਅਰ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ 20 ਤਾਰੀਖ਼ ਨੂੰ ਸੰਗਰੂਰ ਵਿਖੇ ਇੱਕ ਵੱਡਾ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਉਲੀਕਿਆ ਗਿਆ ਸੀ, ਜਿਸ ਵਿੱਚ ਪੂਰੇ ਪੰਜਾਬ ਤੋਂ ਮੁਲਾਜ਼ਮ ਪਹੁੰਚ ਰਹੇ ਸਨ।

ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਮੀਟਿੰਗ ਤੋਂ ਬਾਅਦ ਇਸ ਅੰਦੋਲਨ ਨੂੰ ਕੁਝ ਸਮੇਂ ਲਈ ਰੋਕਿਆ ਗਿਆ ਹੈ। ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਮੁਲਾਜ਼ਮਾਂ ‘ਤੇ ਦਰਜ ਕੇਸ ਬੰਦ ਕੀਤੇ ਜਾਣਗੇ ਅਤੇ ਪੱਕੇ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਪ੍ਰਕਿਰਿਆ ਜਲਦ ਸ਼ੁਰੂ ਹੋਵੇਗੀ।

ਮੁਲਾਜ਼ਮ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸਰਕਾਰ ਨੇ ਆਪਣੇ ਵਾਅਦੇ ਪੂਰੇ ਨਾ ਕੀਤੇ ਤਾਂ 25, 26 ਅਤੇ 27 ਤਾਰੀਖ਼ ਨੂੰ ਪੂਰੇ ਪੰਜਾਬ ਵਿੱਚ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ਕੀਤੀ ਜਾਵੇਗੀ।

ਯੂਨੀਅਨ ਨੇ ਮੁੱਖ ਮੰਤਰੀ ‘ਤੇ ਵਾਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਚੋਣਾਂ ਅਤੇ ਵਿਧਾਨ ਸਭਾ ਵਿੱਚ ਕੀਤੇ ਵਾਦੇ ਭੁੱਲ ਚੁੱਕੀ ਹੈ। ਜੇਕਰ ਹੁਣ ਵੀ ਕੋਈ ਹੱਲ ਨਾ ਨਿਕਲਿਆ, ਤਾਂ ਉਹ ਘਰ-ਘਰ ਜਾ ਕੇ ਸਰਕਾਰ ਵਿਰੁੱਧ ਮੁਹਿੰਮ ਚਲਾਉਣਗੇ ਅਤੇ ਜਨਤਾ ਨੂੰ ਜਾਗਰੂਕ ਕਰਨਗੇ।