ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ; 15,000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਗ੍ਰਿਫਤਾਰ
Punjab Network
ਚੰਡੀਗੜ੍ਹ, 9 ਫਰਵਰੀ, 2026:
ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਮੋਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ASI) ਜਸਵੀਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੋਹਾਲੀ ਦੇ ਸੈਕਟਰ 127 ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਖਰੜ ਵਿਖੇ ਸੁਮਨ ਲਤਾ ਨਾਂ ਦੀ ਮਹਿਲਾ ਖ਼ਿਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕਰਵਾਇਆ ਸੀ, ਜਿਸ ਵਿੱਚ ਤਫ਼ਤੀਸ਼ੀ ਅਫ਼ਸਰ (IO) ਏ.ਐੱਸ.ਆਈ. ਜਸਵੀਰ ਸਿੰਘ ਸੀ।
ਜਦੋਂ ਸ਼ਿਕਾਇਤਕਰਤਾ ਨੇ ਇਸ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਲਈ ਉਸ ਨਾਲ ਸੰਪਰਕ ਕੀਤਾ, ਤਾਂ ਮੁਲਜ਼ਮ ਏ.ਐੱਸ.ਆਈ. ਨੇ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕਰਨ ਬਦਲੇ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਸੀ।
ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।






