Punjab Weather Update! ਮੌਸਮ ਵਿਭਾਗ ਦੇ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਯੈਲੋ ਅਲਰਟ ਜਾਰੀ
ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਵਿੱਚ ਭਾਰੀ ਮੀਂਹ ਦੀ ਸੰਭਾਵਨਾ- ਅਸਮਾਨੀ ਬਿਜਲੀ ਚਮਕਣ ਦੇ ਆਸਾਰ
ਚੰਡੀਗੜ੍ਹ, 04 ਜੁਲਾਈ 2026- ਪੰਜਾਬ ਵਿੱਚ ਮੌਨਸੂਨ ਦੀ ਸਰਗਰਮੀ ਇੱਕ ਵਾਰ ਫਿਰ ਤੇਜ਼ ਹੋ ਗਈ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਨੇ ਤਾਜ਼ਾ ਭਵਿੱਖਬਾਣੀ ਜਾਰੀ ਕਰਦਿਆਂ ਸੂਬੇ ਦੇ ਸੱਤ ਪ੍ਰਮੁੱਖ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਨਵਾਂ ਸ਼ਹਿਰ ਸ਼ਾਮਲ ਹਨ।
ਖ਼ਰਾਬ ਮੌਸਮ ਦੇ ਮੱਦੇਨਜ਼ਰ ਵਿਭਾਗ ਨੇ ਆਮ ਲੋਕਾਂ ਨੂੰ ਸਾਵਧਾਨ ਅਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਵੱਲੋਂ ਅੱਜ ਸ਼ਨੀਵਾਰ ਅਤੇ ਐਤਵਾਰ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਦੇ ਕੁਝ ਖੇਤਰਾਂ ਵਿੱਚ ਅਸਮਾਨੀ ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ।
ਮੌਸਮ ਮਾਹਿਰਾਂ ਅਨੁਸਾਰ ਇਹ ਸਥਿਤੀ ਸੋਮਵਾਰ ਤੋਂ ਵੀਰਵਾਰ ਤੱਕ ਹੋਰ ਵੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਇਨ੍ਹਾਂ ਦਿਨਾਂ ਵਿੱਚ ਵੀ ਯੈਲੋ ਅਲਰਟ ਜਾਰੀ ਰਹੇਗਾ, ਜਿਸ ਦੌਰਾਨ ਤੇਜ਼ ਹਵਾਵਾਂ ਦੇ ਨਾਲ-ਨਾਲ ਰੁਕ-ਰੁਕ ਕੇ ਭਾਰੀ ਮੀਂਹ ਪੈਣ ਦੇ ਪੂਰੇ ਆਸਾਰ ਹਨ।
ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿੱਚ ਇਸ ਮੀਂਹ ਕਾਰਨ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਭਾਰੀ ਮੀਂਹ ਦੇ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ।
ਮੌਸਮ ਵਿਗਿਆਨੀਆਂ ਦਾ ਮੰਨਣਾ ਹੈ ਕਿ ਮੌਨਸੂਨ ਦੇ ਸ਼ੁਰੂਆਤੀ ਪੜਾਅ ਵਿੱਚ ਤਾਪਮਾਨ ਦਾ ਅਜਿਹਾ ਉਤਾਰ-ਚੜ੍ਹਾਅ ਆਮ ਗੱਲ ਹੈ। ਉਨ੍ਹਾਂ ਦੱਸਿਆ ਕਿ ਜਦੋਂ ਮੀਂਹ ਕੁਝ ਸਮੇਂ ਲਈ ਰੁਕਦਾ ਹੈ, ਤਾਂ ਧੁੱਪ ਕਾਰਨ ਤਾਪਮਾਨ ਤੇਜ਼ੀ ਨਾਲ ਵਧ ਜਾਂਦਾ ਹੈ, ਪਰ ਵਾਯੂਮੰਡਲ ਵਿੱਚ ਨਮੀ (Humid) ਦੀ ਮਾਤਰਾ ਜ਼ਿਆਦਾ ਹੋਣ ਕਰਕੇ ਦੁਬਾਰਾ ਮੀਂਹ ਪੈਣ ਦੇ ਅਨੁਕੂਲ ਹਾਲਾਤ ਬਣ ਜਾਂਦੇ ਹਨ।
ਆਉਣ ਵਾਲੇ ਦਿਨਾਂ ਵਿੱਚ ਮੌਸਮ ਵਿੱਚ ਹੋਰ ਬਦਲਾਅ ਦੇਖਣ ਨੂੰ ਮਿਲਣਗੇ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖ਼ਰਾਬ ਮੌਸਮ ਅਤੇ ਮੀਂਹ ਦੌਰਾਨ ਘਰਾਂ ਤੋਂ ਬਾਹਰ ਨਿਕਲਣ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ। ਖ਼ਾਸ ਕਰਕੇ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਵੇਲੇ ਖੁੱਲ੍ਹੇ ਮੈਦਾਨਾਂ, ਕਮਜ਼ੋਰ ਇਮਾਰਤਾਂ ਜਾਂ ਦਰੱਖਤਾਂ ਹੇਠਾਂ ਖੜ੍ਹਨ ਤੋਂ ਗੁਰੇਜ਼ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।
















