Punjab Weather Update: ਤਾਪਮਾਨ ਵਿੱਚ 4 ਤੋਂ 5 ਡਿਗਰੀ ਤੱਕ ਦੀ ਗਿਰਾਵਟ ਆਉਣ ਦੀ ਸੰਭਾਵਨਾ; 8 ਜੂਨ ਤੋਂ ਮੌਸਮ ਫਿਰ ਹੋਵੇਗਾ ਖੁਸ਼ਕ- ਫਰੀਦਕੋਟ 42.6 ਡਿਗਰੀ ਸੈਲਸੀਅਸ ਤਾਪਮਾਨ ਨਾਲ ਰਿਹਾ ਪੰਜਾਬ ਵਿੱਚ ਸਭ ਤੋਂ ਗਰਮ
ਚੰਡੀਗੜ੍ਹ, 4 ਜੂਨ 2026- Punjab Weather Update- ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਦੇ ਕਹਿਰ ਤੋਂ ਪ੍ਰੇਸ਼ਾਨ ਲੋਕਾਂ ਲਈ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਅੱਜ (ਵੀਰਵਾਰ) ਤੋਂ ਅਗਲੇ ਚਾਰ ਦਿਨਾਂ ਤੱਕ ਸੂਬੇ ਵਿੱਚ ਤੇਜ਼ ਹਵਾਵਾਂ ਚੱਲਣ, ਗਰਜ-ਚਮਕ ਹੋਣ ਅਤੇ ਮੀਂਹ ਪੈਣ ਦੀ ਸੰਭਾਵਨਾ ਜਤਾਉਂਦਿਆਂ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਲੰਘੇ ਬੁੱਧਵਾਰ ਨੂੰ ਪੰਜਾਬ ਵਿੱਚ ਗਰਮੀ ਦਾ ਤਿੱਖਾ ਅਸਰ ਦੇਖਣ ਨੂੰ ਮਿਲਿਆ, ਜਿੱਥੇ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਪੂਰੇ ਸੂਬੇ ਵਿੱਚ ਸਭ ਤੋਂ ਵੱਧ ਰਿਹਾ।
ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ ਤਾਪਮਾਨ ਆਮ ਨਾਲੋਂ 2.7 ਡਿਗਰੀ ਹੇਠਾਂ ਚੱਲ ਰਿਹਾ ਹੈ, ਪਰ ਖੁਸ਼ਕ ਮੌਸਮ ਕਾਰਨ ਇਸ ਵਿੱਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਸੀ। ਅਨੁਮਾਨ ਹੈ ਕਿ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੌਸਮ ਸਭ ਤੋਂ ਜ਼ਿਆਦਾ ਪ੍ਰਭਾਵਿਤ ਰਹੇਗਾ। ਇਸ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਝੱਖੜ ਚੱਲ ਸਕਦਾ ਹੈ ਅਤੇ ਮੀਂਹ ਪੈਣ ਦੇ ਪੂਰੇ ਆਸਾਰ ਹਨ। ਮੌਸਮ ਵਿੱਚ ਆਉਣ ਵਾਲੇ ਇਸ ਬਦਲਾਅ ਸਦਕਾ ਤਾਪਮਾਨ ਵਿੱਚ 4 ਤੋਂ 5 ਡਿਗਰੀ ਤੱਕ ਦੀ ਗਿਰਾਵਟ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੇਗੀ।
ਵਿਭਾਗ ਵੱਲੋਂ 6 ਅਤੇ 7 ਜੂਨ ਲਈ ਸੂਬੇ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦੋਹਾਂ ਦਿਨਾਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਰਾਹਤ ਜ਼ਿਆਦਾ ਦਿਨ ਨਹੀਂ ਰਹੇਗੀ, ਕਿਉਂਕਿ ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 8 ਜੂਨ ਤੋਂ ਮੌਸਮ ਇੱਕ ਵਾਰ ਫਿਰ ਖੁਸ਼ਕ ਹੋ ਜਾਵੇਗਾ ਅਤੇ ਤਾਪਮਾਨ ਵਧਣਾ ਸ਼ੁਰੂ ਹੋ ਸਕਦਾ ਹੈ।
ਲੰਘੇ ਦਿਨ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 39.4 ਡਿਗਰੀ ਅਤੇ ਰੂਪਨਗਰ ਵਿੱਚ 37.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਯਾਨੀ 22.4 ਡਿਗਰੀ ਸੈਲਸੀਅਸ ਨਿਊਨਤਮ (ਘੱਟੋ-ਘੱਟ) ਤਾਪਮਾਨ ਰਿਕਾਰਡ ਕੀਤਾ ਗਿਆ ਹੈ।
















