ਸ਼ੁੱਕਰਵਾਰ, ਜੂਨ 14, 2024
No menu items!
HomeChandigarhਪੰਜਾਬ ਕੈਬਨਿਟ ਵੱਲੋਂ ਗ਼ਰੀਬਾਂ ਨੂੰ ਵੱਡੀ ਰਾਹਤ! ਪੌਣੇ 11 ਲੱਖ ਕੱਟੇ ਰਾਸ਼ਨ...

ਪੰਜਾਬ ਕੈਬਨਿਟ ਵੱਲੋਂ ਗ਼ਰੀਬਾਂ ਨੂੰ ਵੱਡੀ ਰਾਹਤ! ਪੌਣੇ 11 ਲੱਖ ਕੱਟੇ ਰਾਸ਼ਨ ਕਾਰਡ ਬਹਾਲ ਕਰਨ ਦਾ ਫ਼ੈਸਲਾ

 

ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ 10.77 ਲੱਖ ਰਾਸ਼ਨ ਕਾਰਡ ਬਹਾਲ ਕਰਨ ਦਾ ਐਲਾਨ ਕੀਤਾ ਹੈ ਤਾਂ ਕਿ ਲੋਕ ਜਨਤਕ ਵੰਡ ਪ੍ਰਣਾਲੀ ਤਹਿਤ ਵੰਡੇ ਜਾ ਰਹੇ ਰਾਸ਼ਨ ਦਾ ਲਾਭ ਲੈ ਸਕਣ। ਇਸ ਬਾਰੇ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਕਾਰਡ ਤਸਦੀਕ ਕਰਨ ਦੀ ਪ੍ਰਕਿਰਿਆ ਦੌਰਾਨ ਕੱਟੇ ਗਏ ਸਨ। ਵਡੇਰੇ ਜਨਤਕ ਹਿੱਤ ਵਿੱਚ ਮੰਤਰੀ ਮੰਡਲ ਨੇ ਇਹ ਕਾਰਡ ਬਹਾਲ ਕਰਨ ਦਾ ਫੈਸਲਾ ਲਿਆ ਹੈ। ਇਸ ਫੈਸਲੇ ਦੇ ਤਹਿਤ ਇਹ ਸਾਰੇ ਲਾਭਪਾਤਰੀ ਰਾਸ਼ਨ ਦਾ ਲਾਭ ਲੈਣ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸ਼ੁਰੂ ਕੀਤੀ ਜਾ ਰਹੀ ਸਕੀਮ ਦਾ ਫਾਇਦਾ ਵੀ ਉਠਾ ਸਕਣਗੇ।

15 ਹੋਰ ਜ਼ਿਲ੍ਹਿਆਂ ਵਿੱਚ ਸੀ.ਐਮ. ਦੀ ਯੋਗਸ਼ਾਲਾ ਸ਼ੁਰੂ ਕਰਨ ਦੀ ਪ੍ਰਵਾਨਗੀ

ਪੰਜਾਬ ਵਜ਼ਾਰਤ ਨੇ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ 15 ਹੋਰ ਜ਼ਿਲ੍ਹਿਆਂ ਵਿੱਚ ਸ਼ੁਰੂ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬਰਨਾਲਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿ, ਪਠਾਨਕੋਟ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ ਅਤੇ ਮਲੇਰਕੋਟਲਾ ਸ਼ਾਮਲ ਹਨ।

ਸੂਬਾ ਸਰਕਾਰ ਦੇ ਇਸ ਸਿਹਤਮੰਦ ਉਪਰਾਲੇ ਨੂੰ ਪਹਿਲੇ ਪੜਾਅ ਵਿੱਚ 9 ਜ਼ਿਲ੍ਹਿਆਂ ਵਿੱਚ ਅਮਲ ਵਿੱਚ ਲਿਆਉਣ ਤੋਂ ਬਾਅਦ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ। ਇਸ ਲੋਕ ਪੱਖੀ ਕਦਮ ਨਾਲ ਹੁਣ ਸਮੁੱਚਾ ਪੰਜਾਬ ਇਸ ਸਕੀਮ ਹੇਠ ਆ ਜਾਵੇਗਾ ਜਿਸ ਕਰਕੇ ਇਸ ਸਕੀਮ ਲਈ ਵਾਧੂ ਟਰੇਨਰ ਅਤੇ ਹੋਰ ਸਟਾਫ਼ ਭਰਤੀ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।

500 ਵਰਗ ਗਜ਼ ਤੱਕ ਇਮਾਰਤੀ ਨਕਸ਼ਿਆਂ ਦੀ ਸਵੈ-ਤਸਦੀਕ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਮਿਊਂਸਪਲ ਹੱਦਾਂ ਅੰਦਰ 500 ਵਰਗ ਗਜ਼ ਤੱਕ ਦੇ ਰਿਹਾਇਸ਼ੀ ਇਮਾਰਤਾਂ ਦੇ ਨਕਸ਼ਿਆਂ ਨੂੰ ਸਵੈ-ਤਸਦੀਕ ਕਰਨ ਲਈ ‘ਪੰਜਾਬ ਮਿਉਂਸਪਲ ਬਿਲਡਿੰਗ ਬਾਇਲਾਜ਼-2018’ ਦੀ ਧਾਰਾ 3.14.1 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸਵੈ-ਤਸਦੀਕ ਤੋਂ ਭਾਵ ਹੈ ਕਿ ਨਕਸ਼ਿਆਂ ਨੂੰ ਕਿਸੇ ਵੀ ਅਧਿਕਾਰੀ/ਕਰਮਚਾਰੀ ਰਾਹੀਂ ਭੇਜਣ ਦੀ ਬਜਾਏ ਸਿੱਧੇ ਤੌਰ ਉਤੇ ਆਰਕੀਟੈਕਟ ਵੱਲੋਂ ਹੀ ਪ੍ਰਵਾਨਗੀ ਦਿੱਤੀ ਜਾਵੇ। ਇਸ ਵਿੱਚ ਮਾਲਕ ਤੇ ਆਰਕੀਟੈਕਟ ਵੱਲੋਂ ਦਿੱਤੇ ਜਾਣ ਵਾਲੇ ਸਵੈ-ਘੋਸ਼ਣਾ ਪੱਤਰ ਵਿੱਚ ਕੁਝ ਸ਼ਰਤਾਂ ਦਰਜ ਕੀਤੀਆਂ ਗਈਆਂ ਹਨ ਜਿਸ ਨਾਲ ਇਹ ਤਸਦੀਕ ਹੋ ਸਕੇ ਕਿ ਉਪ-ਨਿਯਮ ਦੀ ਪਾਲਣਾ ਕੀਤੀ ਜਾ ਰਹੀ ਹੈ ਅਤੇ ਜੋ ਦਸਤਾਵੇਜ਼ ਅਪਲੋਡ ਕੀਤੇ ਗਏ ਹਨ, ਉਨ੍ਹਾਂ ਨਿਯਮਾਂ ਮੁਤਾਬਕ ਹਨ।

ਇਹ ਜ਼ਿਕਰਯੋਗ ਹੈ ਕਿ ਰਿਹਾਇਸ਼ੀ ਨਕਸ਼ਿਆਂ ਵਿੱਚੋਂ 500 ਵਰਗ ਤੱਕ ਦੇ ਨਕਸ਼ੇ ਤਕਰੀਬਨ 90 ਫੀਸਦੀ ਹੁੰਦੇ ਹਨ ਅਤੇ ਇਸ ਲਈ ਇਨ੍ਹਾਂ ਨੂੰ ਪ੍ਰਵਾਨ ਕੀਤੇ ਜਾਣ ਲਈ ਸੁਖਾਵੇਂ ਤਰੀਕੇ ਨਾਲ ਅਪਣਾਉਣ ਲਈ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਬੇਲੋੜੀ ਦੇਰੀ ਤੋਂ ਛੁਟਕਾਰਾ ਮਿਲੇਗਾ। ਸਵੈ-ਤਸਦੀਕ ਦਾ ਉਦੇਸ਼ ਪ੍ਰਵਾਨਗੀ ਲਈ ਲੱਗਣ ਵਾਲੇ ਸਮੇਂ ਨੂੰ ਘਟਾਉਣਾ, ਵਧੇਰੇ ਪਾਰਦਸ਼ਤਾ ਅਤੇ ਇਮਾਰਤੀ ਉਪ-ਨਿਯਮਾਂ ਦੀ ਪਾਲਣਾ ਕਰਨ ਲਈ ਨਾਗਰਿਕਾਂ ਨੂੰ ਸੰਵੇਦਨਸ਼ੀਲ ਬਣਾਉਣਾ ਹੈ।

ਗੰਨਾ ਉਤਪਾਦਕਾਂ ਲਈ ਗੰਨੇ ਦੇ ਵੱਧ ਭਾਅ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਗੰਨੇ ਦੀਆਂ ਅਗੇਤੀਆਂ ਅਤੇ ਦਰਮਿਆਨੀਆਂ ਪਛੇਤੀਆਂ ਕਿਸਮਾਂ ਲਈ ਗੰਨੇ ਦਾ ਭਾਅ ਕ੍ਰਮਵਾਰ ਪ੍ਰਤੀ ਕੁਇੰਟਲ 391 ਰੁਪਏ ਅਤੇ 381 ਰੁਪਏ ਦੇ ਤਹਿਤ ਅਦਾਇਗੀ ਯਕੀਨੀ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਗੰਨਾ ਉਤਪਾਦਕਾਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਭਾਅ ਦਿੱਤਾ ਜਾ ਰਿਹਾ ਹੈ। ਪਿੜਾਈ ਸੀਜ਼ਨ, 2023-24 ਦੌਰਾਨ ਅਗੇਤੀਆਂ ਅਤੇ ਦਰਮਿਆਨੀਆਂ ਪਛੇਤੀਆਂ ਕਿਸਮਾਂ ਲਈ ਤੈਅ ਕੀਤੇ 391 ਰੁਪਏ ਅਤੇ 381 ਰੁਪਏ ਪ੍ਰਤੀ ਕੁਇੰਟਲ ਵਿੱਚੋਂ 55.50 ਰੁਪਏ ਪ੍ਰਤੀ ਕੁਇੰਟਲ ਦੀ ਸਬਸਿਡੀ ਸੂਬਾ ਸਰਕਾਰ ਵੱਲੋਂ ਸਿੱਧੇ ਤੌਰ ਉਤੇ ਕਿਸਾਨਾਂ ਦੇ ਖਾਤਿਆਂ ਵਿੱਚ ਅਦਾ ਕੀਤੀ ਜਾਵੇਗੀ।

ਫਰਿਸ਼ਤੇ ਸਕੀਮ ਲਾਗੂ ਕਰਨ ਦੀ ਪ੍ਰਵਾਨਗੀ

ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਮੰਤਰੀ ਮੰਡਲ ਨੇ ਫਰਿਸ਼ਤੇ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਸਕੀਮ ਸੂਚੀਬੱਧ ਕੀਤੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹਾਦਸਾਗ੍ਰਸਤ ਪੀੜਤਾਂ ਨੂੰ ਤੁਰੰਤ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਸੂਬਾ ਸਰਕਾਰ ਸਹਾਇਤਾ ਕਰਨ ਵਾਲੇ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਇਨਾਮੀ ਰਾਸ਼ੀ ਤੋਂ ਇਲਾਵਾ ਸਹਾਇਤਾ ਕਰਨ ਵਾਲੇ ਇਨਸਾਨ ਨੂੰ ਫਰਿਸ਼ਤੇ ਵਜੋਂ ਪ੍ਰਸੰਸਾ ਪੱਤਰ ਦੇਣ ਦੇ ਨਾਲ-ਨਾਲ ਕਾਨੂੰਨੀ ਝੰਜਟਾਂ ਅਤੇ ਪੁਲਿਸ ਪੜਤਾਲ ਤੋਂ ਵੀ ਬਚਾਅ ਕੀਤਾ ਜਾਵੇਗਾ।

ਟਰਾਂਸਪੋਰਟ ਵਿਭਾਗ ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ, ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਸਾਲ 2018-19 ਤੋਂ ਸਾਲ 2021-22 ਦੀਆਂ ਪ੍ਰਸ਼ਾਸਕੀ ਰਿਪੋਰਟਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਜਤਿੰਦਰ ਸਿੰਘ ਔਲਖ ਨੂੰ ਪੀ.ਪੀ.ਐਸ.ਸੀ ਦਾ ਚੇਅਰਮੈਨ ਬਣਾਉਣ ਲਈ ਰਾਜਪਾਲ ਨੂੰ ਸਿਫਾਰਸ਼

ਮੰਤਰੀ ਮੰਡਲ ਨੇ ਸਾਬਕਾ ਆਈ.ਪੀ.ਐਸ. ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤੀ ਕਰਨ ਲਈ ਰਾਜਪਾਲ ਨੂੰ ਸਿਫਾਰਸ਼ ਕੀਤੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES

Most Popular

Recent Comments