Good News: ਨਵ-ਨਿਯੁਕਤ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ
Good News: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ।
ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ।