Saturday, April 13, 2024
No menu items!
HomeChandigarhਪੁਰਾਣੀ ਪੈਨਸ਼ਨ ਬਹਾਲੀ ਦਾ ਅੱਧ-ਅਧੂਰਾ ਨੋਟੀਫਿਕੇਸ਼ਨ! ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਭਗਵੰਤ...

ਪੁਰਾਣੀ ਪੈਨਸ਼ਨ ਬਹਾਲੀ ਦਾ ਅੱਧ-ਅਧੂਰਾ ਨੋਟੀਫਿਕੇਸ਼ਨ! ਪੰਜਾਬ ਦੇ ਲੱਖਾਂ ਮੁਲਾਜ਼ਮਾਂ ਵਲੋਂ ਭਗਵੰਤ ਮਾਨ ਦੀ ਰਿਹਾਇਸ਼ ਘੇਰਨ ਦਾ ਐਲਾਨ, DTF ਨੇ ਵੀ ਕੀਤੀ ਹਮਾਇਤ

 

ਪੰਜਾਬ ਨੈੱਟਵਰਕ, ਸੰਗਰੂਰ

“ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲੀ ਦਾ ਵਾਅਦਾ ਕਰਕੇ ਮੁੱਕਰ ਗਈ ਹੈ ਜਿਸ ਕਾਰਨ ਪੰਜਾਬ ਦੇ ਮੁਲਾਜ਼ਮ ਆਪਣੇ ਆਪ ਨੂੰ ਠੱਗਿਆ ਗਿਆ ਮਹਿਸੂਸ ਕਰ ਰਹੇ ਹਨ। ਸਰਕਾਰ ਨੇ ਨਵੰਬਰ 2022 ਵਿੱਚ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਇੱਕ ਅੱਧ-ਅਧੂਰਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ।

ਪ੍ਰੰਤੂ ਉਸ ਤੋਂ ਬਾਅਦ ਸਵਾ ਸਾਲ ਬੀਤ ਜਾਣ ‘ਤੇ ਵੀ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਬਹਾਲ ਨਾ ਕਰਨਾ ਸਰਕਾਰ ਦੀ ਬੇਈਮਾਨੀ ਨੂੰ ਦਰਸਾਉਂਦਾ ਹੈ ਕਿ ਇਸ ਨੇ ਉਸ ਸਮੇਂ ਲੱਖਾਂ ਮੁਲਾਜ਼ਮਾਂ ਦੀਆਂ ਭਾਵਨਾਵਾਂ ਨਾਲ ਖੇਡ ਕੇ ਉਸ ਨੋਟੀਫਿਕੇਸ਼ਨ ਨੂੰ ਉਸ ਸਮੇਂ ਕੁਝ ਰਾਜਾਂ ਦੀਆਂ ਚੋਣਾਂ ਵਿੱਚ ਵੋਟਾਂ ਵਟੋਰਨ ਲਈ ਵਰਤਿਆ।

ਆਮ ਆਦਮੀ ਪਾਰਟੀ ਪੰਜਾਬ ਤੋਂ ਬਾਹਰ ਇਹ ਝੂਠ ਫੈਲਾਅ ਕੇ ਲੋਕਾਂ ਨੂੰ ਗੁੰਮਰਾਹ ਵੀ ਕਰ ਰਹੀ ਹੈ ਕਿ ਇਸ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਜਨਰਲ ਸਕੱਤਰ ਹਰਭਗਵਾਨ ਗੁਰਨੇ ਨੇ ਕੀਤਾ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ ਅਤੇ ਪ੍ਰੈਸ ਸਕੱਤਰ ਜਸਬੀਰ ਨਮੋਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਰਵਈਏ ਤੋਂ ਨਹੀਂ ਲਗਦਾ ਕਿ ਪੰਜਾਬ ਸਰਕਾਰ ਦਾ ਨੇੜਲੇ ਭਵਿੱਖ ਵਿੱਚ ਵੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਕੋਈ ਇਰਾਦਾ ਹੈ। ਸਰਕਾਰ ਮੁਲਾਜ਼ਮਾਂ ਨੂੰ ਮੀਟਿੰਗਾਂ ਦੇ ਕੇ ਭੱਜ ਰਹੀ ਹੈ।

ਇਸ ਤੋਂ ਪੰਜਾਬ ਦੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਕਾਫ਼ੀ ਨਾਰਾਜ਼ਗੀ ਹੈ ਜੋ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਹਿੰਗੀ ਪੈ ਸਕਦੀ ਹੈ। ਜਥੇਬੰਦਕ ਸਕੱਤਰ ਪਵਨ ਕੁਮਾਰ ਅਤੇ ਵਿੱਤ ਸਕੱਤਰ ਯਾਦਵਿੰਦਰ ਪਾਲ ਧੂਰੀ ਨੇ ਕਿਹਾ ਕਿ ਜਿਹੜੀਆਂ ਸਰਕਾਰਾਂ ਦੀ ਨੀਤ ਸਾਫ ਸੀ ਉਹਨਾਂ ਨੇ ਬਾਅਦ ਵਿੱਚ ਸੱਤਾ ਵਿੱਚ ਆ ਕੇ ਵੀ ਪੰਜਾਬ ਸਰਕਾਰ ਨਾਲੋਂ ਪਹਿਲਾਂ ਪੁਰਾਣੀ ਪੈਨਸ਼ਨ ਲਾਗੂ ਕਰ ਦਿੱਤੀ ਹੈ।

ਆਗੂਆਂ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਚਰਿੱਤਰ ਨੂੰ ਨੰਗਾ ਕਰਨ ਲਈ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਦੁਆਰਾ 25 ਫਰਵਰੀ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਨੇੜੇ ਕੀਤੀ ਜਾ ਰਹੀ ਰੈਲੀ ਵਿੱਚ ਜ਼ਿਲ੍ਹੇ ਭਰ ਵਿੱਚੋਂ ਆਪਣੇ ਕਾਡਰ ਸਮੇਤ ਪੂਰੀ ਤਾਕਤ ਨਾਲ ਸ਼ਮੂਲੀਅਤ ਕਰਨਗੇ ਅਤੇ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਅਵਾਜ਼ ਮੁੱਖ ਮੰਤਰੀ ਦੇ ਕੰਨਾਂ ਤੱਕ ਪਹੁੰਚਾਉਣਗੇ।

RELATED ARTICLES
- Advertisment -

Most Popular

Recent Comments