Punjab News: ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ ਰੋਸ ਮਾਰਚ ‘ਚ- ਹਰਗੋਬਿੰਦ ਕੌਰ
ਪੰਜਾਬ ਨੈੱਟਵਰਕ, ਚੰਡੀਗੜ੍ਹ
Punjab News : ਜਲੰਧਰ ਦੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ 7 ਜੁਲਾਈ ਦਿਨ ਐਤਵਾਰ ਨੂੰ ਰੋਸ ਮਾਰਚ ਕੀਤਾ ਜਾਵੇਗਾ। ਜਿਸ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ।
ਉਪਰੋਕਤ ਜਾਣਕਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਜਲੰਧਰ ਵਿਖੇ ਹੋਣ ਵਾਲੀ ਜਿਮਨੀ ਚੋਣ ਵਿਚ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠਾਂ ਦੀ ਪੰਡ, ਡੋਰ ਟੂ ਡੋਰ ਕੈਂਪੇਨ ਕਰਕੇ, ਲੋਕਾਂ ਦੀ ਕਚਹਿਰੀ ਵਿੱਚ ਖੋਲ੍ਹੀ ਜਾਵੇਗੀ।
ਇਸ ਰੋਸ ਪ੍ਰਦਰਸ਼ਨ ਸਬੰਧੀ ਵੱਖ ਵੱਖ ਜ਼ਿਲਿਆਂ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤੇ ਹਰ ਥਾਂ ਤੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ। ਉਹਨਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੰਜਾਬ ਸਰਕਾਰ ਨੇ ਪੂਰਾ ਨਹੀਂ ਕੀਤਾ।
ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਭਾਰੀ ਨਰਾਜਗੀ ਹੈ। ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਬਿਨਾ ਕਿਸੇ ਗੱਲੋ ਖਤਮ ਕੀਤੀਆਂ ਹਨ।
ਜਿੰਨਾ ਚਿਰ ਉਹਨਾਂ ਦੀਆਂ ਸੇਵਾਵਾਂ ਬਹਾਲ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਸੰਘਰਸ਼ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਗਵੰਤ ਮਾਨ ਦੀ ਸਰਕਾਰ ਨੇ ਝੂਠੇ ਲਾਰੇ ਹੀ ਲਗਾਏ ਸਨ। ਇਸੇ ਕਰਕੇ ਹੀ ਲੋਕ ਸਭਾ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ।