Tuesday, April 23, 2024
No menu items!
HomePunjabPunjab News: ਜਨਤਕ ਜਥੇਬੰਦੀਆਂ ਵੱਲੋਂ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਘੋਲ ਉਸਾਰਨ ਦਾ...

Punjab News: ਜਨਤਕ ਜਥੇਬੰਦੀਆਂ ਵੱਲੋਂ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਘੋਲ ਉਸਾਰਨ ਦਾ ਹੋਕਾ ਦੇਣ ਲਈ 23 ਮਾਰਚ ਨੂੰ ਬਰਨਾਲਾ ਵਿਖੇ ਸ਼ਹੀਦੀ ਕਾਨਫਰੰਸ ਕਰਨ ਦਾ ਐਲਾਨ

 

Punjab News: ਚੋਣਾਂ ‘ਚ ਉਲਝਣ ਦੀ ਥਾਂ ਹਕੀਕੀ ਲੋਕ ਮੁੱਦਿਆਂ ਦਾ ਸੰਦੇਸ਼ ਦੇਵੇਗੀ ਕਾਨਫਰੰਸ

ਪੰਜਾਬ ਨੈੱਟਵਰਕ, ਬਰਨਾਲ਼ਾ

Punjab News: ਪੰਜਾਬ ਦੇ ਵੱਖ-ਵੱਖ ਮਿਹਨਤਕਸ਼ ਤਬਕਿਆਂ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਲੋਕ ਸਭਾ ਚੋਣਾਂ ਦੀ ਘੜਮੱਸ ਦੌਰਾਨ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸਾਮਰਾਜੀ ਹੱਲੇ ਵਿਰੁੱਧ ਸਾਂਝੇ ਘੋਲ ਉਸਾਰਨ ਦਾ ਹੋਕਾ ਦੇਣ ਲਈ ਬਰਨਾਲਾ ਵਿਖੇ ਵਿਸ਼ਾਲ ਸੂਬਾਈ ਕਾਨਫਰੰਸ ਕੀਤੀ ਜਾਵੇਗੀ। ਇਹ ਫੈਸਲਾ ਬੀਕੇਯੂ (ਏਕਤਾ ਉਗਰਾਹਾਂ) ਦੇ ਸੱਦੇ ‘ਤੇ ਅਧਿਆਪਕ ਆਗੂ ਬਲਵੀਰ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਕਿਸਾਨਾਂ, ਖੇਤ ਮਜ਼ਦੂਰਾਂ,ਸਨਅਤੀ ਤੇ ਬਿਜਲੀ ਕਾਮਿਆਂ, ਵਿਦਿਆਰਥੀਆਂ, ਵੱਖ ਵੱਖ ਵਿਭਾਗਾਂ ਦੇ ਠੇਕਾ ਕਰਮਚਾਰੀਆਂ ਤੇ ਅਧਿਆਪਕ ਜਥੇਬੰਦੀਆਂ ਦੀ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ।

ਇਹ ਜਾਣਕਾਰੀ ਬੀਕੇਯੂ (ਏਕਤਾ ਉਗਰਾਹਾਂ) ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵਲੋਂ ਜਾਰੀ ਕੀਤੇ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਅਤੇ ਉਹਨਾਂ ਦੇ ਸਾਥੀਆਂ ਵੱਲੋਂ ਦੇਸ਼ ਦੇ ਲੋਕਾਂ ਨੂੰ ਸਾਮਰਾਜੀ ਅਤੇ ਜਗੀਰੂ ਲੁੱਟ ਤੇ ਦਾਬੇ ਤੋਂ ਮੁਕਤ ਕਰਾਉਣ ਲਈ ਸ਼ਹਾਦਤਾਂ ਦਿੱਤੀਆਂ ਗਈਆਂ ਸਨ।

ਪਰ 1947 ਤੋਂ ਬਾਅਦ ਭਾਜਪਾ ਸਮੇਤ ਬਦਲ ਬਦਲ ਕੇ ਆਈਆਂ ਕੇਂਦਰੀ ਤੇ ਸੂਬਾਈ ਸਰਕਾਰਾਂ ਵੱਲੋਂ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਦੇਸ਼ ਦੇ ਕੁਦਰਤੀ ਸਰੋਤਾਂ ਤੇ ਕਿਰਤ-ਸ਼ਕਤੀ ਨੂੰ ਦੇਸੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਲੋਕ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਲੋਟੂ ਨੀਤੀਆਂ ਦਾ ਟਾਕਰਾ ਵੱਖ ਵੱਖ ਤਬਕਿਆਂ ਦੇ ਸਾਂਝੇ, ਵਿਸ਼ਾਲ ਤੇ ਸਿਰੜੀ ਘੋਲਾਂ ਦੇ ਰਾਹੀਂ ਹੀ ਕੀਤਾ ਜਾ ਸਕਦਾ ਹੈ।

ਇਸ ਮੌਕੇ ਹੋਰਨਾਂ ਬੁਲਾਰਿਆਂ ਨੇ ਆਖਿਆ ਕਿ ਬਰਨਾਲਾ ਦੀ ਸ਼ਹੀਦੀ ਕਾਨਫਰੰਸ ਸ਼ਹੀਦਾਂ ਦੀ ਸਾਮਰਾਜ ਵਿਰੋਧੀ ਵਿਰਾਸਤ ਨੂੰ ਬੁਲੰਦ ਕਰਨ ਅਤੇ ਲੋਕ ਸਭਾ ਚੋਣਾਂ ਦੇ ਭਟਕਾਊ ਤੇ ਭਰਮਾਊ ਮਾਹੌਲ ਦਰਮਿਆਨ ਹਕੀਕੀ ਲੋਕ ਮੁੱਦਿਆਂ ਨੂੰ ਉਭਾਰਨ ਰਾਹੀਂ ਲੋਕਾਂ ਦੀ ਸੰਘਰਸ਼ਸ਼ੀਲ ਤਾਕਤ ਦੇ ਪੋਲ ਨੂੰ ਉਭਾਰਨ ਸਮੇਤ ਹਕੀਕੀ ਲੋਕ ਮੁੱਦਿਆਂ ਉੱਤੇ ਸੰਘਰਸ਼ਾਂ ਨੂੰ ਤੇਜ ਕਰਨ ਰਾਹੀਂ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਟਾਕਰਾ ਕਰਨ ਦਾ ਸੰਦੇਸ਼ ਦੇਣ ਦਾ ਜ਼ਰੀਆ ਵੀ ਬਣੇਗੀ।

ਉਹਨਾਂ ਆਖਿਆ ਕਿ ਕਾਨਫਰੰਸ ਦੌਰਾਨ ਕਿਸਾਨ-ਮਜ਼ਦੂਰ ਪੱਖੀ ਤੇ ਕਾਰਪੋਰੇਟ/ਸਾਮਰਾਜ/ਜਗੀਰਦਾਰੀ ਵਿਰੋਧੀ ਖੇਤੀ ਨੀਤੀ ਲਿਆਉਣ, ਐਮ ਐਸ ਪੀ ਦੀ ਸੰਵਿਧਾਨਕ ਗਾਰੰਟੀ,ਸਰਵ ਜਨਤਕ ਵੰਡ ਪ੍ਰਣਾਲੀ ਲਾਗੂ ਕਰਨ,ਪੁਰਾਣੀ ਪੈਨਸ਼ਨ ਦਾ ਹੱਕ ਬਹਾਲ ਕਰਨ, ਠੇਕਾ ਕਾਮਿਆਂ ਨੂੰ ਰੈਗੂਲਰ ਕਰਨ, ਸਭਨਾਂ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੇ ਕਦਮ ਰੋਕਣ ਤੇ ਸਰਕਾਰੀਕਰਨ ਦਾ ਅਮਲ ਚਲਾਉਣ, ਠੇਕਾ ਭਰਤੀ ਦੀ ਨੀਤੀ ਰੱਦ ਕਰਨ ਤੇ ਸਭਨਾਂ ਲੋੜਵੰਦਾਂ ਦੇ ਰੈਗੂਲਰ ਰੁਜ਼ਗਾਰ ਦਾ ਪ੍ਰਬੰਧ ਕਰਨ, ਨਿੱਜੀਕਰਨ ਦੀਆਂ ਨੀਤੀਆਂ ਮੁੱਢੋਂ ਰੱਦ ਕਰਨ ਅਤੇ ਸੰਸਾਰ ਵਪਾਰ ਸੰਸਥਾ ’ਚੋਂ ਬਾਹਰ ਆਉਣ ਵਰਗੇ ਮੁੱਦਿਆਂ ਸਮੇਤ ਸਾਂਝੀਆਂ ਅਹਿਮ ਮੰਗਾਂ ’ਤੇ ਸਾਂਝਾ ਸੰਘਰਸ਼ ਉਸਾਰਨ ਦਾ ਹੋਕਾ ਦਿੱਤਾ ਜਾਵੇਗਾ।

ਉਹਨਾਂ ਆਖਿਆ ਕਿ ਕੰਮ ਦਿਹਾੜੀ ਦੇ 12 ਘੰਟੇ ਕਰਨ ਦਾ ਪੰਜਾਬ ਸਰਕਾਰ ਦਾ ਨੋਟੀਫਿਕੇਸ਼ਨ ਰੱਦ ਕਰਨ, ਖੇਤ ਮਜ਼ਦੂਰਾਂ ਸਮੇਤ ਸਫਾਈ, ਉਸਾਰੀ, ਮਨਰੇਗਾ ਤੇ ਭੱਠਾ ਮਜ਼ਦੂਰਾਂ ਲਈ ਸਾਲ ਭਰ ਵਾਸਤੇ ਕੰਮ, ਆਰਥਿਕ ਸੁਰੱਖਿਆ ਤੇ ਸਨਮਾਨਯੋਗ ਗੁਜ਼ਾਰੇ ਵਾਲੀ ਤਨਖਾਹ ਦੇਣ, ਪ੍ਰਾਈਵੇਟ ਥਰਮਲਾਂ ਨਾਲ ਕੀਤੇ ਸਮਝੌਤੇ ਰੱਦ ਕਰਨ, ਬਿਜਲੀ ਕਨੂੰਨ 2003 ਤੇ ਸੋਧ ਬਿੱਲ 2022ਰੱਦ ਕਰਨ ਤੇ ਸਮੁੱਚੇ ਬਿਜਲੀ ਖੇਤਰ ਦਾ ਸਰਕਾਰੀਕਰਨ ਕਰਨ, ਪਾਣੀ ਦੇ ਸੋਮਿਆਂ ਨੂੰ ਦੇਸੀ ਵਿਦੇਸ਼ੀ ਬਹੁਕੌਮੀ ਕੰਪਨੀਆਂ ਹਵਾਲੇ ਕਰਨ ਦੇ ਕਦਮ ਫੌਰੀ ਰੋਕਣ, ਕੌਮੀ ਸਿੱਖਿਆ ਨੀਤੀ 2020 ਫੌਰੀ ਰੱਦ ਕਰਨ ਤੇ ਸੂਬੇ ਅੰਦਰ ਪ੍ਰਾਈਵੇਟ ਯੂਨਿਵਰਸਿਟੀਆਂ ਖੋਲ੍ਹਣ ’ਤੇ ਰੋਕ ਲਾਉਣ, ਸਭਨਾਂ ਲੋੜਵੰਦ ਬੇ-ਘਰੇ ਪੇਂਡੂ ਤੇ ਸ਼ਹਿਰੀ ਲੋਕਾਂ ਨੂੰ ਪਲਾਟ ਤੇ ਮਕਾਨ ਦੇਣ, ਸੜਕਾਂ ’ਤੇ ਟੋਲ ਟੈਕਸ ਲਾਉਣ ਦੀ ਨੀਤੀ ਰੱਦ ਕਰਨ ,ਕਾਲੇ ਕਾਨੂੰਨ ਰੱਦ ਕਰਨ ਤੇ ਨਸ਼ਿਆਂ ਦੇ ਧੰਦੇ ਨੂੰ ਫੌਰੀ ਨੱਥ ਪਾਉਣ ਵਰਗੇ ਲੋਕ ਮਸਲਿਆਂ ਨੂੰ ਵੀ ਪ੍ਰਮੁੱਖਤਾ ਨਾਲ ਉਭਾਰਿਆ ਜਾਵੇਗਾ।

ਅੱਜ ਦੀ ਮੀਟਿੰਗ ਨੇ ਪੰਜਾਬ ਦੀਆਂ ਹੋਰਨਾਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਉਹ ਵੀ ਸਾਂਝੀ ਸ਼ਹੀਦੀ ਕਾਨਫਰੰਸ ਦਾ ਹਿੱਸਾ ਬਣਨ। ਅੱਜ ਦੀ ਮੀਟਿੰਗ ਵਿੱਚ ਹਰਜਿੰਦਰ ਸਿੰਘ ਮੋਲਡਰ ਤੇ ਸਟੀਲ ਵਰਕਰਜ਼ ਯੂਨੀਅਨ, ਬਲਜਿੰਦਰ ਸਿੰਘ ਮਾਨ ਜੀ ਐੱਸ ਟੀ ਪੀ ਠੇਕਾ ਮੁਲਾਜ਼ਮ ਮੋਰਚਾ, ਸਤਵਿੰਦਰ ਸਿੰਘ ਤੇ ਚੰਦਰ ਸ਼ਰਮਾ ਟੀ ਐੱਸ ਯੂ ਭੰਗਲ, ਜ਼ੋਰਾ ਸਿੰਘ ਨਸਰਾਲੀ ਤੇ ਲਛਮਣ ਸਿੰਘ ਸੇਵੇਵਾਲਾ ਪੰਜਾਬ ਖੇਤ ਮਜ਼ਦੂਰ ਯੂਨੀਅਨ, ਜਸਵੀਰ ਸਿੰਘ ਵੇਰਕਾ ਮਿਲਕ ਤੇ ਕੈਟਲਫੀਡ ਆਊਟਸੋਰਸ ਯੂਨੀਅਨ ਪੰਜਾਬ,ਹਾਕਮ ਸਿੰਘ ਧਨੇਠਾ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ, ਜਗਰੂਪ ਸਿੰਘ ਥਰਮਲ ਪਲਾਂਟ ਲਹਿਰਾ ਮੁਹੱਬਤ, ਬਲਿਹਾਰ ਸਿੰਘ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ, ਗੁਰਵਿੰਦਰ ਸਿੰਘ ਪੰਨੂ ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ, ਜਗਜੀਤ ਸਿੰਘ ਪੀ ਐਸ ਪੀ ਸੀ ਐਲ ਅਤੇ ਪੀ ਐਸ ਟੀ ਸੀ ਐਲ ਬਠਿੰਡਾ,ਗੁਲਾਬ ਸਿੰਘ ਪੁਰਾਣੀ ਪੈਨਸ਼ਨ ਪ੍ਰਾਪਤੀ ਸਾਂਝਾ ਮੋਰਚਾ, ਜਗਸੀਰ ਸਿੰਘ ਭੰਗੂ ਜੀ ਐੱਚ ਟੀ ਪੀ ਠੇਕਾ ਮੁਲਾਜ਼ਮ ਯੂਨੀਅਨ ਆਜ਼ਾਦ, ਅਮਿਤੋਜ ਮੌੜ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ,ਝੰਡਾ ਸਿੰਘ ਜੇਠੂਕੇ ਭਾਕਿਯੂ ਏਕਤਾ ਉਗਰਾਹਾਂ ਅਤੇ ਰੂਪ ਸਿੰਘ ਛੰਨਾਂ ਵੀ ਮੌਜੂਦ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments