Friday, March 1, 2024
No menu items!
HomePunjabਪੰਜਾਬ ਭਰ 'ਚ ਠੇਕਾ ਮੁਲਾਜ਼ਮਾਂ ਵਲੋਂ ਗਣਤੰਤਰ ਦਿਵਸ ਮੌਕੇ ਨਿੱਜੀਕਰਨ ਦੇ ਵਿਰੁੱਧ...

ਪੰਜਾਬ ਭਰ ‘ਚ ਠੇਕਾ ਮੁਲਾਜ਼ਮਾਂ ਵਲੋਂ ਗਣਤੰਤਰ ਦਿਵਸ ਮੌਕੇ ਨਿੱਜੀਕਰਨ ਦੇ ਵਿਰੁੱਧ ਜ਼ਬਰਦਸਤ ਪ੍ਰਦਰਸ਼ਨ

 

ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰੇ ਸਰਕਾਰ:- ਮੋਰਚਾ ਆਗੂ

ਪੰਜਾਬ ਨੈੱਟਵਰਕ, ਚੰਡੀਗੜ੍ਹ/ਬਠਿੰਡਾ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਅਤੇ ਟੈਕਨੀਕਲ ਸਰਵਿਸ ਯੂਨੀਅਨ ਪੰਜਾਬ (ਭੰਗਲ) ਦੇ ਸੱਦੇ ਤੇ ਸਰਕਾਰੀ ਅਦਾਰਿਆਂ ਦੇ ਆਊਟਸੋਰਸ਼ਡ/ਇਨਲਿਸਟਮੈਂਟ ਅਤੇ ਰੈਗੂਲਰ/ਪੈਂਸਨਰਜ਼ ਮੁਲਾਜ਼ਮਾਂ ਨੇ ‘ਗਣਤੰਤਰ ਦਿਵਸ’ ਮੌਕੇ ਟੀਚਰਹੋਮ ਵਿੱਚ ਇਕੱਤਰ ਹੋਣ ਉਪਰੰਤ ਡੀ.ਸੀ.ਦਫ਼ਤਰ ਤੱਕ ਕਾਲੇ ਝੰਡਿਆਂ ਨਾਲ਼ ਰੋਸ਼ ਮੁਜ਼ਾਹਰਾ ਕਰਕੇ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਨਾਇਬ ਤਹਿਸੀਲਦਾਰ (ਸੰਗਤ ਮੰਡੀ) ਜਗਤਾਰ ਸਿੰਘ ਰਾਹੀਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ।

ਇਸ ਸਮੇਂ ਹਾਜ਼ਿਰ ਮੋਰਚੇ ਦੇ ਸੂਬਾਈ/ਜ਼ਿਲਾ/ਮੁਲਾਜ਼ਮ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਸਿੰਘ ਪੰਨੂੰ,ਸੰਦੀਪ ਖ਼ਾਨ,ਹਰਜਿੰਦਰ ਬਰਾੜ,ਅਮਨਦੀਪ ਸਿੰਘ, ਸਤਿੰਦਰ ਸਿੰਘ ਸੋਨੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਕੌਮਾਂਤਰੀ ਮੁਦਰਾ ਫੰਡ ਕੋਸ਼ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ, ਪਾਣੀ, ਸਿਹਤ, ਸਿੱਖਿਆ,ਆਵਾਜਾਈ,ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ, ਲੇਬਰ, ਬਿਜਲੀ, ਪਾਣੀ, ਸੁਰੱਖਿਆ,ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ।

ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਨਾ-ਮਾਤਰ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਹੈ ਅਤੇ ਨਵੇਂ ਲੇਬਰ ਕਾਨੂੰਨਾਂ ਵਿੱਚ ਤਨਖਾਹ ਤਹਿ ਕਰਨ ਦੇ ਨਿਯਮ ਨੂੰ ਰੱਦ ਕਰਕੇ ਇਹ ਅਧਿਕਾਰ ਨਿੱਜੀ ਕੰਪਨੀਆਂ ਨੂੰ ਦੇ ਦਿੱਤਾ ਹੈ।

ਸੂਬੇ ਦੀ ‘ਆਪ’ ਸਰਕਾਰ ਵੱਲੋੰ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ, ਇਸ ਹੱਲੇ ਤਹਿਤ ਬਿਜਲੀ ਖੇਤਰ ਦੇ ਗਰਿੱਡਾਂ ਨੂੰ ਧੜਾ-ਧੜ ਕੰਪਨੀਆਂ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪੰਚਾਇਤੀਕਰਨ ਕਰਨ ਦੀ ਨੀਅਤ ਨਾਲ਼ ਪਿੰਡਾਂ ਦੀਆਂ ਪਾਣੀ ਦੀਆਂ ਟੈਂਕੀਆਂ ਨੂੰ ਪੰਚਾਇਤਾਂ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਸਕਾਡਾ ਅਤੇ ਜਲ-ਨਲ ਮਿੱਤਰ ਸਕੀਮਾਂ ਤਹਿਤ ਲੋਕਾਂ ਤੋਂ ਪੀਣ ਵਾਲੇ ਪਾਣੀ ਅਤੇ ਰੁਜ਼ਗਾਰ ਦੀ ਸਹੂਲਤ ਖੋਹੀ ਜਾ ਰਹੀ ਹੈ।

ਆਗੂਆਂ ਨੇ ਕਿਹਾ ਇੱਕ ਪਾਸੇ ਅੱਜ ‘ਗਣਤੰਤਰ ਦਿਵਸ’ ਮੌਕੇ ਹਾਕਮਾਂ ਵੱਲੋਂ ਦੇਸ ਆਜ਼ਾਦ ਹੋਣ ਅਤੇ ਦੇਸ ਵਾਸੀਆਂ ਨੂੰ ਸੰਵਿਧਾਨ ਮੁਤਬਿਕ ਕੁੱਲ ਸਹੂਲਤਾਂ ਦੇਣ ਦੀਆਂ ਟਾਹਰਾਂ ਮਾਰੀਆਂ ਜਾਣਗੀਆਂ, ਦੂਜੇ ਪਾਸੇ ਹਾਕਮਾਂ ਵੱਲੋੰ ਦੇਸ਼ ਦੇ ਕੁੱਲ ਪੈਦਾਵਾਰੀ ਸਰੋਤਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਠੇਕਾ ਮੁਲਾਜ਼ਮਾਂ ਨੂੰ ਮਿਲਦੇ ਨਿਗੂਣੇ ਰੁਜ਼ਗਾਰ ਨੂੰ ਖੋਹਕੇ ਕਿਰਤ ਦੀ ਲੁੱਟ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ ਅਤੇ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਕਾਰਨ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ ਨੂੰ ਮਿਲਦੀਆਂ ਨਾ-ਮਾਤਰ ਸਹੂਲਤਾਂ ਤੇ ਕੱਟ ਲਾਇਆ ਜਾ ਰਿਹਾ ਹੈ।

ਜਿਸ ਦੇ ਵਿਰੋਧ ਵਜੋਂ ‘ਗਣਤੰਤਰ ਦਿਵਸ’ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ-ਰੈਗੂਲਰ/ਪੈਂਸਨਰਜ਼ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਸਮੁੱਚੇ ਪੰਜਾਬ ਵਿੱਚ ਜਿਲ੍ਹਾ ਅਤੇ ਤਹਿਸੀਲ ਪੱਧਰ ਤੇ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ,ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ/ ਪੰਚਾਇਤੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

ਸਮੂਹ ਸੰਘਰਸ਼ਸ਼ੀਲ ਕਿਸਾਨਾਂ-ਮਜ਼ਦੂਰਾਂ-ਰੈਗੂਲਰ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ,ਮੋਰਚੇ ਦੇ ਸੂਬਾਈ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ ‘ਮੋਰਚੇ’ ਦੀ ਸੂਬਾ ਕਮੇਟੀ ਨੂੰ 19 ਵਾਰ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਹੀਂ ਕੀਤੀ,ਜੇਕਰ ਮੁੱਖ ਮੰਤਰੀ ਪੰਜਾਬ ਵੱਲੋੰ ‘ਮੋਰਚੇ’ ਦੀ ਸੂਬਾ ਕਮੇਟੀ ਨੂੰ ਮੀਟਿੰਗ ਦਾ ਸਮਾਂ ਦੇਕੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ‘ਮੋਰਚੇ’ ਦੇ ਬੈਨਰ ਹੇਠ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments