ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ
ਗੁਰੂਹਰਸਹਾਏ ਦੇ ਪਿੰਡ ਮੂਸੇ ਵਾਲੇ ਦੇ ਨੌਜਵਾਨ ਦੀ ਅਮਰੀਕਾ ‘ਚ ਮੌਤ, ਚੜ੍ਹਦੀ ਜਵਾਨੀ ‘ਚ ਜਹਾਨੋਂ ਤੁਰ ਗਿਆ ਮਨਦੀਪ ਸਿੰਘ
ਗੁਰੂਹਰਸਹਾਏ, 12 ਜੁਲਾਈ 2026- ਵਿਦੇਸ਼ਾਂ ਦੀ ਧਰਤੀ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅਜਿਹੀ ਹੀ ਇੱਕ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਖ਼ਬਰ ਗੁਰੂਹਰਸਹਾਏ ਦੇ ਨਜ਼ਦੀਕੀ ਪਿੰਡ ਮੂਸੇ ਵਾਲੇ (ਨੇੜੇ ਪੰਜੇ ਕੇ) ਤੋਂ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਅਚਾਨਕ ਮੌਤ ਹੋ ਜਾਣ ਕਾਰਨ ਪਰਿਵਾਰਿਕ ਮੈਂਬਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ, ਪਿੰਡ ਮੂਸੇ ਵਾਲੇ ਦਾ ਰਹਿਣ ਵਾਲਾ ਨੌਜਵਾਨ ਮਨਦੀਪ ਸਿੰਘ (ਪੁੱਤਰ ਸ੍ਰੀ ਗੁਰਨਾਮ ਸਿੰਘ) ਸੁਨਹਿਰੀ ਭਵਿੱਖ ਦੀ ਤਲਾਸ਼ ਅਤੇ ਰੋਜ਼ੀ-ਰੋਟੀ ਕਮਾਉਣ ਦੇ ਲਈ ਕਰੀਬ ਦੋ ਸਾਲ ਪਹਿਲਾਂ ਲੱਖਾਂ ਰੁਪਏ ਕਰਜ਼ਾ ਚੁੱਕ ਕੇ ਅਮਰੀਕਾ ਗਿਆ ਸੀ। ਪਰਿਵਾਰ ਨੂੰ ਉਮੀਦ ਸੀ ਕਿ ਮਨਦੀਪ ਵਿਦੇਸ਼ ਜਾ ਕੇ ਘਰ ਦੀ ਗਰੀਬੀ ਦੂਰ ਕਰੇਗਾ, ਪਰ ਕਿਸਮਤ ਨੂੰ ਕੁਝ ਹੋਰ ਹੀ ਮੰਜ਼ੂਰ ਸੀ।
ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਅਮਰੀਕਾ ਵਿਖੇ ਮਨਦੀਪ ਸਿੰਘ ਅਚਾਨਕ ਬਿਮਾਰ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਦੀ ਸਿਹਤ ਲਗਾਤਾਰ ਵਿਗੜਦੀ ਚਲੀ ਗਈ। ਹਸਪਤਾਲ ਵਿੱਚ ਇਲਾਜ ਅਧੀਨ ਹੋਣ ਦੇ ਬਾਵਜੂਦ ਉਸ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਅਤੇ ਅੱਜ ਸਵੇਰੇ ਉਸ ਨੇ ਆਖਰੀ ਸਾਹ ਲਿਆ।
ਮਨਦੀਪ ਸਿੰਘ ਦੀ ਚੜ੍ਹਦੀ ਜਵਾਨੀ ਵਿੱਚ ਹੋਈ ਇਸ ਬੇਵਕਤੀ ਮੌਤ ਦੀ ਖ਼ਬਰ ਜਿਵੇਂ ਹੀ ਪਿੰਡ ਮੂਸੇ ਵਾਲੇ ਅਤੇ ਇਲਾਕੇ ਵਿੱਚ ਪਹੁੰਚੀ, ਤਾਂ ਚਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਨੌਜਵਾਨ ਦੇ ਘਰ ਅਫਸੋਸ ਪ੍ਰਗਟ ਕਰਨ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕੇ ਦੇ ਲੋਕਾਂ ਅਤੇ ਸਮਾਜ ਸੇਵੀਆਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਲਈ ਪਰਿਵਾਰ ਦੀ ਮਦਦ ਕੀਤੀ ਜਾਵੇ।

















