Rain Alert: ਪੰਜਾਬ ਦੇ 9 ਜ਼ਿਲ੍ਹਿਆਂ ‘ਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ! ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਪੰਜਾਬ ‘ਚ ਜਲਦ ਖ਼ਤਮ ਹੋਵੇਗਾ ਮਾਨਸੂਨ ਦਾ ਇੰਤਜ਼ਾਰ: 1 ਤੋਂ 3 ਜੁਲਾਈ ਦੇ ਵਿਚਕਾਰ ਦੇਵੇਗਾ ਦਸਤਕ, 29 ਜੂਨ ਤੋਂ ਪ੍ਰੀ-ਮਾਨਸੂਨ ਦਾ ‘ਯੈਲੋ ਅਲਰਟ’
ਚੰਡੀਗੜ੍ਹ, 26 ਜੂਨ 2026-
ਪੰਜਾਬ ਵਿੱਚ ਅੱਤ ਦੀ ਗਰਮੀ ਅਤੇ ਲੂ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਸੂਬੇ ਵਿੱਚ ਮਾਨਸੂਨ ਦਾ ਇੰਤਜ਼ਾਰ ਹੁਣ ਜਲਦ ਹੀ ਖ਼ਤਮ ਹੋਣ ਜਾ ਰਿਹਾ ਹੈ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਵਿਗਿਆਨੀ ਸ਼ਿਵਿੰਦਰ ਮੁਤਾਬਕ ਪੰਜਾਬ ਵਿੱਚ ਮਾਨਸੂਨ 1 ਤੋਂ 3 ਜੁਲਾਈ ਦੇ ਆਸ-ਪਾਸ ਦਸਤਕ ਦੇ ਸਕਦਾ ਹੈ। ਇਸੇ ਦਰਮਿਆਨ ਸ਼ੁੱਕਰਵਾਰ ਸਵੇਰੇ ਫਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਹੋਈ ਤੇਜ਼ ਬਾਰਿਸ਼ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ ਦੱਖਣ-ਪੱਛਮੀ ਮਾਨਸੂਨ ਦੇ ਪੰਜਾਬ ਵਿੱਚ ਦਾਖ਼ਲ ਹੋਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਬਣ ਰਹੇ ਹਨ। ਅਗਲੇ 3 ਤੋਂ 4 ਦਿਨਾਂ ਵਿੱਚ ਮਾਨਸੂਨ ਗੁਜਰਾਤ, ਮੱਧ ਪ੍ਰਦੇਸ਼ ਦੇ ਕੁਝ ਹੋਰ ਹਿੱਸਿਆਂ, ਛੱਤੀਸਗੜ੍ਹ, ਝਾਰਖੰਡ, ਬਿਹਾਰ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਅੱਗੇ ਵਧੇਗਾ।
ਪੰਜਾਬ ਵਿੱਚ ਇਸ ਤੋਂ ਪਹਿਲਾਂ 29 ਜੂਨ ਤੋਂ ਹੀ ਪ੍ਰੀ-ਮਾਨਸੂਨ ਦੀਆਂ ਗਤੀਵਿਧੀਆਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਵਿਭਾਗ ਵੱਲੋਂ ਤਿੰਨ ਦਿਨਾਂ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਸੂਬੇ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।
ਬੀਤੇ ਦਿਨੀਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹੋਈ ਹਲਕੀ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ ਵੀ 1.5 ਡਿਗਰੀ ਦੀ ਕਮੀ ਆਈ ਹੈ, ਜਿਸ ਨਾਲ ਇਹ ਆਮ ਦੇ ਨਜ਼ਦੀਕ ਪਹੁੰਚ ਗਿਆ ਹੈ।
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ 9 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫ਼ਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ‘ਯੈਲੋ ਅਲਰਟ’ ਬਰਕਰਾਰ ਰੱਖਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਬੀਤੇ ਦਿਨੀਂ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਰੀਦਕੋਟ ਵਿੱਚ 40.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸਭ ਤੋਂ ਘੱਟ ਨਿਊਨਤਮ ਤਾਪਮਾਨ ਪਠਾਨਕੋਟ ਵਿੱਚ 22.1 ਡਿਗਰੀ ਰਿਹਾ।
ਅੰਮ੍ਰਿਤਸਰ ਵਿੱਚ ਵੱਧ ਤੋਂ ਵੱਧ 31.2 ਡਿਗਰੀ (ਆਮ ਨਾਲੋਂ 6.3 ਡਿਗਰੀ ਘੱਟ), ਘੱਟੋ-ਘੱਟ 22.4 ਡਿਗਰੀ, ਲੁਧਿਆਣਾ ਵਿੱਚ ਵੱਧ ਤੋਂ ਵੱਧ 36.8 ਡਿਗਰੀ, ਘੱਟੋ-ਘੱਟ 26.0 ਡਿਗਰੀ, ਪਟਿਆਲਾ ਵਿੱਚ ਵੱਧ ਤੋਂ ਵੱਧ 39.0 ਡਿਗਰੀ, ਘੱਟੋ-ਘੱਟ 27.4 ਡਿਗਰੀ, ਬਠਿੰਡਾ ਵਿੱਚ ਵੱਧ ਤੋਂ ਵੱਧ 37.7 ਡਿਗਰੀ, ਘੱਟੋ-ਘੱਟ 23.6 ਡਿਗਰੀ, ਫ਼ਿਰੋਜ਼ਪੁਰ ਵਿੱਚ ਵੱਧ ਤੋਂ ਵੱਧ 33.7 ਡਿਗਰੀ, ਰੂਪਨਗਰ ਵਿੱਚ ਘੱਟੋ-ਘੱਟ 28.5 ਡਿਗਰੀ ਤਾਪਮਾਨ ਰਿਹਾ।

















