ਸਿੱਖਿਆ ਖੇਤਰ ‘ਚ ਆਏ ਕ੍ਰਾਂਤੀਕਾਰੀ ਬਦਲਾਅ! CM ਮਾਨ ਨੇ ਦਾਅਵਾ ਕਰਦਿਆਂ ਕਿਹਾ- ਪੰਜਾਬ ਬਣਿਆ ਨੰਬਰ-ਵਨ ਸੂਬਾ
ਸਿੱਖਿਆ ਖੇਤਰ ਵਿਚ ਇਤਿਹਾਸਕ ਪ੍ਰਾਪਤੀ ਉੱਤੇ ਸੀਐਮ ਦਾ ਬਿਆਨ ਕਿਹਾ, 27ਵੇਂ ਸਥਾਨ ਤੋਂ ਛਾਲ ਮਾਰ ਕੇ ਪੰਜਾਬ ਦੇਸ਼ ਭਰ ‘ਚੋਂ ਬਣਿਆ ਨੰਬਰ ਇੱਕ
ਚੰਡੀਗੜ੍ਹ, 3 ਅਗਸਤ 2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਿੱਖਿਆ ਖੇਤਰ ਵਿੱਚ ਆਏ ਕ੍ਰਾਂਤੀਕਾਰੀ ਬਦਲਾਅ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ‘ਚੋਂ 27ਵੇਂ ਸਥਾਨ ਤੋਂ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੀਲ ਦਾ ਪੱਥਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦਾ ਸਾਫ਼ ਪ੍ਰਮਾਣ ਹੈ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤਾ ਗਿਆ ਲਗਾਤਾਰ ਅਤੇ ਸੁਚੱਜਾ ਨਿਵੇਸ਼ ਹੀ ਅੱਜ ਸਰਕਾਰੀ ਸਕੂਲਾਂ ਨੂੰ ਬੁਲੰਦੀਆਂ ’ਤੇ ਲੈ ਕੇ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਸਰਕਾਰੀ ਸਕੂਲਾਂ ਦੀ ਹਾਲਤ ਮਾੜੀ ਹੋ ਗਈ ਸੀ, ਪਰ ਮੌਜੂਦਾ ਸਰਕਾਰ ਨੇ ਇਸ ਖੇਤਰ ਨੂੰ ਸਭ ਤੋਂ ਪਹਿਲੀ ਪ੍ਰਾਇਮਰੀ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ। ਸਕੂਲਾਂ ਨੂੰ ਆਧੁਨਿਕ ਤਕਨਾਲੋਜੀ, ‘ਸਮਾਰਟ ਕਲਾਸਰੂਮ’ ਅਤੇ ਵਧੀਆ ਲੈਬਾਰਟਰੀਆਂ ਨਾਲ ਲੈਸ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਅਧਿਆਪਕਾਂ ਦੇ ਪੜ੍ਹਾਉਣ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਸਿੰਗਾਪੁਰ ਅਤੇ ਹੋਰ ਵਿਦੇਸ਼ਾਂ ਵਿੱਚ ਵਿਸ਼ੇਸ਼ ਪ੍ਰੋਫੈਸ਼ਨਲ ਟ੍ਰੇਨਿੰਗ (ਸਿਖਲਾਈ) ਲਈ ਭੇਜਿਆ ਗਿਆ ਹੈ। ਅਧਿਆਪਕਾਂ ਨੂੰ ਆਧੁਨਿਕ ਅਤੇ ਨਵੀਨਤਮ ਤਰੀਕਿਆਂ ਨਾਲ ਪੜ੍ਹਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ, ਜਿਸ ਦਾ ਸਿੱਧਾ ਅਸਰ ਬੱਚਿਆਂ ਦੀ ਪੜ੍ਹਾਈ ‘ਤੇ ਦਿਖਾਈ ਦੇ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਮੁੱਚੇ ਸੁਧਾਰਾਂ ਦਾ ਹੀ ਨਤੀਜਾ ਹੈ ਕਿ ਅੱਜ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਮੁੜ ਬਹਾਲ ਹੋਇਆ ਹੈ। ਅੱਜ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ‘ਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸਿੱਖਿਆ ਕ੍ਰਾਂਤੀ ਦਾ ਇਹ ਸਫ਼ਰ ਇੱਥੇ ਹੀ ਨਹੀਂ ਰੁਕੇਗਾ। ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਬੱਚੇ ਨੂੰ ਉੱਚ ਮਿਆਰੀ, ਮੁੱਫ਼ਤ ਅਤੇ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਭਵਿੱਖ ਵਿੱਚ ਦੇਸ਼ ਅਤੇ ਦੁਨੀਆ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ।
















