Road Accident: Punjab ‘ਚ ਭਿਆਨਕ ਸੜਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 3 ਲੋਕਾਂ ਦੀ ਮੌਤ-ਕਈ ਗੰਭੀਰ ਜ਼ਖ਼ਮੀ 

 

Road Accident: Punjab ‘ਚ ਭਿਆਨਕ ਸੜਕ ਹਾਦਸਾ; ਸਵਾਰੀਆਂ ਨਾਲ ਭਰੀ ਬੱਸ ਪਲਟੀ, 3 ਲੋਕਾਂ ਦੀ ਮੌਤ-ਕਈ ਗੰਭੀਰ ਜ਼ਖ਼ਮੀ 

ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਬੱਸ ਪਿੰਡ ਦਲੇਰ ਖੁਰਦ ਦੇ ਮੋੜ ਨੇੜੇ ਹੋਈ ਹਾਦਸਾਗ੍ਰਸਤ

ਮੌਕੇ ‘ਤੇ ਪਹੁੰਚੀ ਪੁਲਿਸ ਨੇ ਰਾਹਤ ਕਾਰਜ ਕੀਤੇ ਸ਼ੁਰੂ, ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਕਰਵਾਇਆ ਦਾਖ਼ਲ

ਗੁਰਦਾਸਪੁਰ/ਦੀਨਾਨਗਰ, 22 ਮਈ 2026:

Road Accident: ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ (National Highway) ‘ਤੇ ਅੱਜ ਉਸ ਸਮੇਂ ਇੱਕ ਬਹੁਤ ਹੀ ਦਰਦਨਾਕ ਅਤੇ ਭਿਆਨਕ ਸੜਕ ਹਾਦਸਾ ਵਾਪਰਿਆ, ਜਦੋਂ ਪਿੰਡ ਦਲੇਰ ਖੁਰਦ ਦੇ ਮੋੜ ਨੇੜੇ ਸਵਾਰੀਆਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ।

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਬੱਸ ਦੇ ਪਲਟਦਿਆਂ ਹੀ ਉਸ ਦੇ ਪਿੱਛੇ ਆ ਰਹੀਆਂ ਤਿੰਨ ਤੇਜ਼ ਰਫ਼ਤਾਰ ਕਾਰਾਂ ਵੀ ਆਪਸ ਵਿੱਚ ਬੁਰੀ ਤਰ੍ਹਾਂ ਟਕਰਾ ਗਈਆਂ। ਇਸ ਖ਼ੂਨੀ ਹਾਦਸੇ ਵਿੱਚ ਹੁਣ ਤੱਕ ਤਿੰਨ ਲੋਕਾਂ ਦੀ ਮੌਤ ਹੋਣ ਦੀ ਅਫ਼ਸੋਸਜਨਕ ਖ਼ਬਰ ਸਾਹਮਣੇ ਆਈ ਹੈ, ਜਦਕਿ ਕਈ ਹੋਰ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੱਸ ਅੰਮ੍ਰਿਤਸਰ ਤੋਂ ਸਵਾਰੀਆਂ ਲੈ ਕੇ ਜੰਮੂ ਵੱਲ ਜਾ ਰਹੀ ਸੀ। ਜਿਵੇਂ ਹੀ ਬੱਸ ਅੰਮ੍ਰਿਤਸਰ-ਪਠਾਨਕੋਟ ਹਾਈਵੇਅ ‘ਤੇ ਸਥਿਤ ਪਿੰਡ ਦਲੇਰ ਖੁਰਦ ਦੇ ਮੋੜ ਦੇ ਕੋਲ ਪਹੁੰਚੀ, ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਸੜਕ ਦੇ ਵਿਚਕਾਰ ਹੀ ਪਲਟ ਗਈ।

ਬੱਸ ਦੇ ਪਲਟਣ ਕਾਰਨ ਹਾਈਵੇਅ ‘ਤੇ ਪਿੱਛੇ ਆ ਰਹੀਆਂ ਗੱਡੀਆਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ, ਜਿਸ ਕਾਰਨ ਇੱਕ ਤੋਂ ਬਾਅਦ ਇੱਕ ਤਿੰਨ ਕਾਰਾਂ ਅਤੇ ਬੱਸ ਆਪਸ ਵਿੱਚ ਟਕਰਾ ਕੇ ਹਾਦਸਾਗ੍ਰਸਤ ਹੋ ਗਈਆਂ। ਘਟਨਾ ਤੋਂ ਬਾਅਦ ਹਾਈਵੇਅ ‘ਤੇ ਚੀਕ-ਚਿਹਾਰਾ ਮਚ ਗਿਆ ਅਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਤੁਰੰਤ ਭਾਰੀ ਫ਼ੋਰਸ ਸਮੇਤ ਮੌਕੇ ‘ਤੇ ਪਹੁੰਚਿਆ। ਪੁਲਿਸ ਮੁਲਾਜ਼ਮਾਂ ਨੇ ਰਾਹਗੀਰਾਂ ਦੀ ਮਦਦ ਨਾਲ ਬੜੀ ਮੁਸ਼ੱਕਤ ਤੋਂ ਬਾਅਦ ਬੱਸ ਅਤੇ ਕਾਰਾਂ ਵਿੱਚ ਫਸੀਆਂ ਸਵਾਰੀਆਂ ਨੂੰ ਬਾਹਰ ਕੱਢਿਆ।

ਪੁਲਿਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਦਕਿ ਸਾਰੇ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਐਂਬੂਲੈਂਸਾਂ ਰਾਹੀਂ ਨਜ਼ਦੀਕੀ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਹਾਈਵੇਅ ‘ਤੇ ਟ੍ਰੈਫਿਕ ਨੂੰ ਸੁਚਾਰੂ ਕਰਵਾ ਦਿੱਤਾ ਗਿਆ ਹੈ।