ਦਲਜੀਤ ਕੌਰ, ਜਲੰਧਰ
ਕਿਰਤੀ ਕਿਸਾਨ ਯੂਨੀਅਨ ਵਲੋਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਾਨਫਰੰਸ ਕਰਕੇ ਭਾਰਤ-ਪਾਕਿਸਤਾਨ ਵਪਾਰ ਨੂੰ ਅਟਾਰੀ-ਵਾਹਗਾ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਦੀ ਮੰਗ ਕੀਤੀ ਹੈ।ਇਸ ਉਪਰੰਤ ਸ਼ਹਿਰ ਚ ਰੋਸ ਮੁਜਾਹਰਾ ਕੀਤਾ ਗਿਆ।
ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਆਪਣੀ ਉਪਜ ਸਮੇਤ ਹੋਰ ਵਰਗਾਂ ਨੂੰ ਵੀਜ਼ਾ ਸ਼ਰਤਾਂ ਖਤਮ ਕਰਕੇ ਪਾਸਪੋਰਟ ’ਤੇ ਸਿੱਧਾ ਵਪਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਪਰ 1200 ਡਾਲਰ ਪ੍ਰਤੀ ਟਨ ਦੀ ਲਾਈ ਸ਼ਰਤ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ ਅਤੇ ਸੂਬਾ ਆਗੂ ਸੰਤੋਖ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨਾਂ ਨੂੰ ਦੁਸ਼ਮਣੀ ਦੀ ਅੱਗ ਬਾਲਣ ਦੀ ਥਾਂ ਦੋਸਤਾਨਾ ਰਿਸ਼ਤਿਆਂ ਨੂੰ ਉਸਾਰਨ ਵੱਲ ਅੱਗੇ ਵਧਣਾ ਚਾਹੀਦਾ ਹੈ। ਇਸ ਸਾਂਝ ਨੂੰ ਉਸਾਰਨ ਵਿੱਚ ਭਾਰਤ-ਪਾਕਿਸਤਾਨ ਵਪਾਰ ਮਹੱਤਵਪੂਰਨ ਕੜੀ ਹੈ।
ਭਾਰਤ ਸਰਕਾਰ ਨੇ 2019 ’ਚ ਪਾਕਿਸਤਾਨ ਨੂੰ ਵਪਾਰ ਲਈ ਅਨੁਕੂਲ ਦੇਸ਼ਾਂ ਦੀ ਸੂਚੀ ਵਿੱਚੋਂ ਖਾਰਜ ਕਰਕੇ ਗੈਰ-ਜ਼ਰੂਰੀ ਵਸਤਾਂ ਉਪਰ 200 ਫੀਸਦੀ ਰੈਗੂਲੇਟਰੀ ਡਿਊਟੀ ਲਗਾ ਦਿੱਤੀ ਸੀ ਜਿਸ ਕਾਰਨ ਪੰਜਾਬ ਦੇ ਸੜਕੀ ਲਾਂਘਿਆਂ ਰਾਹੀਂ ਪਾਕਿਸਤਾਨ ਨਾਲ ਵਪਾਰ ਨਾ ਸਿਰਫ ਤਬਾਹ ਹੋ ਗਿਆ ਬਲਕਿ ਪੰਜਾਬ ਦੇ ਹਿੱਤਾਂ ਨੂੰ ਭਾਰੀ ਢਾਹ ਵੀ ਲੱਗੀ ਸੀ।
ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ 1.35 ਅਰਬ ਡਾਲਰ ਦਾ ਵਪਾਰ ਹੋ ਰਿਹਾ ਹੈ ਪਰ ਇਹ ਵਪਾਰ ਜ਼ਿਆਦਾਤਰ ਅਡਾਨੀ ਦੀ ਮੁੰਦਰਾ ਬੰਦਰਗਾਹ (ਗੁਜਰਾਤ) ਤੋਂ ਸਮੁੰਦਰੀ ਰਸਤੇ ਰਾਹੀਂ ਹੁੰਦਾ ਹੈ।
ਕੇਂਦਰ ਦੀ ਭਾਜਪਾ ਸਰਕਾਰ ’ਤੇ ਅਡਾਨੀ ਵਰਗੇ ਕਾਰਪੋਰੇਟ ਦੇ ਹਿੱਤ ਪੂਰਨ ਅਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਭਾਰਤ ਪਾਕਿ ਸੜਕੀ ਲਾਂਘਾਂ ਖੁੱਲਣ ਨਾਲ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ।
ਇਸਤਰੀ ਵਿੰਗ ਦੇ ਸੂਬਾ ਕਨਵੀਨਰ ਹਰਦੀਪ ਕੌਰ ਕੋਟਲਾ ਨੇ ਕਿਹਾ ਕਿ ਮੌਜੂਦਾ ਸਮੇਂ ਦੋਵਾਂ ਮੁਲਕਾਂ ਵਿਚਕਾਰ 80 ਫੀਸਦੀ ਵਪਾਰ ਸਮੁੰਦਰੀ ਰਸਤਿਆਂ ਰਾਹੀਂ ਜਾਂ ਅਸਿੱਧੇ ਰੂਪ ਵਿੱਚ ਦੁਬਈ ਰਾਹੀਂ ਹੋ ਰਿਹਾ ਹੈ ਜੋ ਬਹੁਤ ਮਹਿੰਗਾ ਪੈਂਦਾ ਹੈ।
ਇਸ ਮੌਕੇ ਟਰੱਕ ਯੂਨੀਅਨ ਫਿਲੌਰ, ਗੁਰਾਇਆਂ, ਨੂਰਮਹਿਲ ਦੇ ਆਗੂ ਰਣਜੀਤ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ, ਸਤਿੰਦਰ ਸਿੰਘ ਧੰਜੂ, ਚਮਕੌਰ ਸਿੰਘ, ਜ਼ਿਲ੍ਹਾ ਸਕੱਤਰ ਗੁਰਕੰਵਲ ਸਿੰਘ, ਤਰਪ੍ਰੀਤ ਸਿੰਘ ਉੱਪਲ, ਮੱਖਣ ਸਿੰਘ ਕੰਦੋਲਾ, ਗੁਰਨਾਮ ਤੱਗੜ, ਸੁਰਿੰਦਰ ਕੰਦੋਲਾ, ਹਰਦੀਪ ਸਿੰਘ, ਸੁਰਜੀਤ ਸਿੰਘ, ਮੰਗਲ ਸਿੰਘ, ਹਰਪ੍ਰੀਤ ਕੌਰ, ਸੁਰਜੀਤ ਕੌਰ, ਦੋਆਬਾ ਸੰਘਰਸ਼ ਕਮੇਟੀ ਦੇ ਬਲਵਿੰਦਰ ਮੱਲੀ ਨੰਗਲਆਦਿ ਨੇ ਸੰਬੋਧਨ ਕੀਤਾ।