ਦੁਖਦ ਖ਼ਬਰ: ਦਰਦਨਾਕ ਸੜਕ ਹਾਦਸੇ ‘ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ
ਤੜਕੇ 2 ਵਜੇ ਗੁਰਦੁਆਰਾ ਸਾਹਿਬ ਕਥਾ ਕਰਨ ਜਾ ਰਹੇ ਸਨ ਬਾਬਾ ਜੀ; ਪੁਲਿਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ
ਸਮਾਣਾ, 27 ਅਪ੍ਰੈਲ 2026:
ਭਵਾਨੀਗੜ੍ਹ ਸੜਕ ’ਤੇ ਐਤਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪ੍ਰਸਿੱਧ ਕਥਾ ਵਾਚਕ ਬਾਬਾ ਭਰਪੂਰ ਸਿੰਘ (56) ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਹ ਪਿੰਡ ਗਾਜੇਵਾਸ ਤੋਂ ਸਮਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਕਥਾ ਕਰਨ ਲਈ ਜਾ ਰਹੇ ਸਨ।
ਜਾਂਚ ਅਧਿਕਾਰੀ ਏ.ਐੱਸ.ਆਈ. ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ, ਬਾਬਾ ਭਰਪੂਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਐਤਵਾਰ ਤੜਕੇ ਕਰੀਬ 2 ਵਜੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰੋਂ ਨਿਕਲੇ ਸਨ। ਜਦੋਂ ਉਹ ਕੁਲਾਰਾਂ ਮੋੜ ਨੇੜੇ ਪਹੁੰਚੇ ਤਾਂ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਬਾਬਾ ਜੀ ਮੋਟਰਸਾਈਕਲ ਸਮੇਤ ਸੜਕ ’ਤੇ ਜਾ ਗਿਰੇ। ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਬਾਬਾ ਜੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ, ਜਿੱਥੋਂ ਕਾਰਵਾਈ ਮੁਕੰਮਲ ਕਰਨ ਉਪਰੰਤ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।






