Sewa Kendra Employees Protest: ਹੁਣ ਸੇਵਾ ਕੇਂਦਰ ਮੁਲਾਜ਼ਮਾਂ ‘ਤੇ ਚੱਲੀਆਂ ਪੁਲਿਸ ਦੀਆਂ ਡਾਗਾਂ; ਉਖਾੜਿਆ ਧਰਨਾਕਾਰੀਆਂ ਦਾ ਟੈਂਟ!
Sewa Kendra Employees Protest: ਨਵੀਂ ਅਨਾਜ ਮੰਡੀ ‘ਚ ਸੂਬਾ ਪੱਧਰੀ ਰੈਲੀ ਦੌਰਾਨ ਪੁਲਿਸ ਦੀ ਵੱਡੀ ਕਾਰਵਾਈ, ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ਵਿੱਚ- ਕਿਸਾਨ ਜਥੇਬੰਦੀਆਂ ਅਤੇ ਪੈਨਸ਼ਨਰਾਂ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਮਾਰਿਆ ਹਾਅ ਦਾ ਨਾਅਰਾ- “ਮੰਗਾਂ ਮੰਨਣ ਦੀ ਬਜਾਏ ਦਮਨਕਾਰੀ ਰਵੱਈਆ ਅਪਣਾ ਰਹੀ ਹੈ ਸਰਕਾਰ”- ਮੁਲਾਜ਼ਮ ਆਗੂ
ਚੰਡੀਗੜ੍ਹ, 7 ਜੂਨ 2026:
Sewa Kendra Employees Protest: ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਅਤੇ ਪੰਜਾਬ ਪੁਲਿਸ ਵਿਚਾਲੇ ਉਸ ਸਮੇਂ ਟਕਰਾਅ ਵਾਲੀ ਸਥਿਤੀ ਬਣ ਗਈ, ਜਦੋਂ ਪੁਲਿਸ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਮੁਲਾਜ਼ਮਾਂ ਨੂੰ ਪਹਿਲਾਂ ਹੀ ਹਿਰਾਸਤ ਵਿੱਚ ਲੈ ਲਿਆ। ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ‘ਤੇ ਨਵੀਂ ਅਨਾਜ ਮੰਡੀ ਸੁਨਾਮ ਵਿਖੇ ਸੂਬਾ ਪੱਧਰੀ ਰੋਸ ਰੈਲੀ ਰੱਖੀ ਗਈ ਸੀ, ਜਿਸ ਵਿੱਚ ਪੰਜਾਬ ਭਰ ਤੋਂ ਸੈਂਕੜੇ ਮੁਲਾਜ਼ਮ ਇਕੱਠੇ ਹੋਏ ਸਨ।
ਸਵੇਰ ਤੋਂ ਹੀ ਮੁਲਾਜ਼ਮਾਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਸੀ, ਪਰ ਸਥਿਤੀ ਉਦੋਂ ਤਣਾਅਪੂਰਨ ਹੋ ਗਈ ਜਦੋਂ ਪੁਲਿਸ ਨੇ ਅਨਾਜ ਮੰਡੀ ਵਿੱਚ ਭਾਰੀ ਫੋਰਸ ਤਾਇਨਾਤ ਕਰ ਦਿੱਤੀ। ਪ੍ਰਤੱਖਦਰਸ਼ੀਆਂ ਅਨੁਸਾਰ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਸਖ਼ਤੀ ਵਰਤੀ ਅਤੇ ਧਰਨੇ ਲਈ ਲਾਇਆ ਟੈਂਟ ਵੀ ਉਖਾੜ ਦਿੱਤਾ।
ਇਸ ਤੋਂ ਇਲਾਵਾ ਮੰਡੀ ਦੇ ਮੁੱਖ ਗੇਟ ਬੰਦ ਕਰਕੇ ਪਹਿਰਾ ਲਗਾ ਦਿੱਤਾ ਗਿਆ। ਪੁਲਿਸ ਨੇ ਕਈ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਸੁਨਾਮ, ਛਾਜਲੀ ਅਤੇ ਲੌਂਗੋਵਾਲ ਸਮੇਤ ਵੱਖ-ਵੱਖ ਥਾਣਿਆਂ ਵਿੱਚ ਭੇਜ ਦਿੱਤਾ। ਹਾਲਾਂਕਿ, ਇਸ ਸਖ਼ਤੀ ਦੇ ਬਾਵਜੂਦ ਕਈ ਮੁਲਾਜ਼ਮ ਚੋਰ ਰਸਤਿਆਂ ਰਾਹੀਂ ਮੰਡੀ ਪਹੁੰਚ ਕੇ ਵਿਰੋਧ ਪ੍ਰਦਰਸ਼ਨ ਕਰਦੇ ਰਹੇ।
ਮੁਲਾਜ਼ਮਾਂ ਉੱਤੇ ਹੋਈ ਇਸ ਕਾਰਵਾਈ ਦੀ ਖ਼ਬਰ ਮਿਲਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਸਾਬਕਾ ਸੈਨਿਕ ਜਥੇਬੰਦੀਆਂ, ਡੀ.ਟੀ.ਐੱਫ. ਅਤੇ ਪੈਨਸ਼ਨਰ ਐਸੋਸੀਏਸ਼ਨਾਂ ਦੇ ਆਗੂ ਵੱਡੀ ਗਿਣਤੀ ਵਿੱਚ ਮੌਕੇ ‘ਤੇ ਪਹੁੰਚ ਗਏ।
ਕਿਸਾਨ ਆਗੂ ਦਰਬਾਰਾ ਸਿੰਘ ਛਾਜਲਾ, ਜਸਵੰਤ ਸਿੰਘ ਤੋਲਾਵਾਲ ਅਤੇ ਹੋਰਨਾਂ ਨੇ ਪੁਲਿਸ ਕਾਰਵਾਈ ਦੀ ਨਿਖੇਧੀ ਕਰਦਿਆਂ ਹਿਰਾਸਤ ਵਿੱਚ ਲਏ ਮੁਲਾਜ਼ਮਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਡੰਡੇ ਦੇ ਜ਼ੋਰ ‘ਤੇ ਮੁਲਾਜ਼ਮਾਂ ਦੀ ਆਵਾਜ਼ ਨਹੀਂ ਦਬਾ ਸਕਦੀ।
ਕੀ ਹਨ ਮੁੱਖ ਮੰਗਾਂ?
ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਸੂਬਾਈ ਸਰਪ੍ਰਸਤ ਅਵਤਾਰ ਅਕਬਰਪੁਰ ਸੰਗਰੂਰ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ, ਤਨਖ਼ਾਹਾਂ ਵਿੱਚ ਵਾਧਾ ਕਰਨ ਅਤੇ ਠੇਕਾ ਪ੍ਰਣਾਲੀ (Contract System) ਨੂੰ ਖ਼ਤਮ ਕਰਨ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਮੰਗਾਂ ਪੂਰੀਆਂ ਕਰਨ ਦੀ ਬਜਾਏ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ।
ਦੂਜੇ ਪਾਸੇ, ਐੱਸ.ਪੀ. ਨਵਰੀਤ ਸਿੰਘ ਵਿਰਕ ਨੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਉੱਚ ਪੱਧਰ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਾਣਕਾਰੀ ਅਨੁਸਾਰ, ਦੇਰ ਸ਼ਾਮ ਤੱਕ ਪੁਲਿਸ ਨੇ ਹਿਰਾਸਤ ਵਿੱਚ ਲਏ ਗਏ ਮੁਲਾਜ਼ਮਾਂ ਨੂੰ ਹੌਲੀ-ਹੌਲੀ ਰਿਹਾਅ ਕਰਨਾ ਸ਼ੁਰੂ ਕਰ ਦਿੱਤਾ ਸੀ।
















