Sewa Kendra Strike: ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ
ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕੀਤਾ ਸਮਰਥਨ; ਕਿਹਾ- ਜ਼ਬਰਦਸਤੀ ਧਰਨਾ ਚੁਕਵਾਉਣਾ ਗਲਤ, ਮੁਲਾਜ਼ਮਾਂ ਨੂੰ ਰੋਸ ਪ੍ਰਦਰਸ਼ਨ ਦਾ ਪੂਰਾ ਹੱਕ
10 ਸਾਲਾਂ ਤੋਂ ਮਹਿਜ਼ 10,500 ਰੁਪਏ ਦੀ ਮਾਮੂਲੀ ਤਨਖ਼ਾਹ ‘ਤੇ ਕੰਮ ਕਰਨ ਲਈ ਮਜਬੂਰ ਹਨ ਕਰਮਚਾਰੀ – ਨਵਨੀਤ ਡੋਗਰਾ
ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਸੇਵਾ ਕੇਂਦਰ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਆਪਣੀ ਨਿਗਰਾਨੀ ਹੇਠ ਲਵੇ; ਮੰਗਾਂ ਨਾ ਮੰਨਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ
ਗੁਰਦਾਸਪੁਰ, 27 May 2026- Sewa Kendra Strike: ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ।
ਸੇਵਾ ਕੇਂਦਰ ਦੇ ਕਰਮਚਾਰੀ ਮੁਕੰਮਲ ਕੰਮਕਾਜ ਬੰਦ ਕਰਕੇ ਸੇਵਾ ਕੇਂਦਰਾਂ ਦੇ ਬਾਹਰ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠ ਗਏ ਹਨ। ਮੁਲਾਜ਼ਮਾਂ ਦੇ ਇਸ ਰੋਸ ਪ੍ਰਦਰਸ਼ਨ ਨੂੰ ਉਸ ਸਮੇਂ ਵੱਡਾ ਸਿਆਸੀ ਸਮਰਥਨ ਮਿਲਿਆ ਜਦੋਂ ਗੁਰਦਾਸਪੁਰ ਦੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਖੁਦ ਮੁਲਾਜ਼ਮਾਂ ਦੇ ਹੱਕ ਵਿੱਚ ਧਰਨੇ ‘ਤੇ ਪਹੁੰਚੇ।
ਉਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਿਹਾ ਕਿ ਹਰ ਨਾਗਰਿਕ ਅਤੇ ਮੁਲਾਜ਼ਮ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ ਅਤੇ ਸਰਕਾਰ ਵੱਲੋਂ ਜ਼ਬਰਦਸਤੀ ਉਨ੍ਹਾਂ ਦਾ ਧਰਨਾ ਚੁਕਵਾਇਆ ਨਹੀਂ ਜਾਣਾ ਚਾਹੀਦਾ।
ਇਸ ਹੜਤਾਲ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਵਨੀਤ ਡੋਗਰਾ ਨੇ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਦੇ ਕਰਮਚਾਰੀ ਪੰਜਾਬ ਸਰਕਾਰ ਦੇ ਮਾਲੀਏ (Revenue) ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ, ਪਰ ਪ੍ਰਾਈਵੇਟ ਕੰਪਨੀਆਂ ਦੀ ਮਿਲੀਭੁਗਤ ਕਾਰਨ ਪੰਜਾਬ ਦੇ ਫੰਡ ਸੂਬੇ ਤੋਂ ਬਾਹਰ ਨਿੱਜੀ ਹੱਥਾਂ ਵਿੱਚ ਜਾ ਰਹੇ ਹਨ।
ਉਨ੍ਹਾਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਣਾਲੀ ਨੂੰ ਤੁਰੰਤ ਖ਼ਤਮ ਕੀਤਾ ਜਾਵੇ ਅਤੇ ਪੂਰੇ ‘ਪੰਜਾਬ ਸੇਵਾ ਕੇਂਦਰ ਪ੍ਰੋਜੈਕਟ’ ਨੂੰ ਸਿੱਧਾ ਪੰਜਾਬ ਸਰਕਾਰ ਦੀ ਨਿਗਰਾਨੀ ਹੇਠ ਚਲਾਇਆ ਜਾਵੇ।
ਯੂਨੀਅਨ ਆਗੂ ਨੇ ਦੱਸਿਆ ਕਿ ਸੇਵਾ ਕੇਂਦਰ ਦੇ ਕਰਮਚਾਰੀ ਪਿਛਲੇ 10 ਸਾਲਾਂ ਤੋਂ ਮਹਿਜ਼ 10,500 ਰੁਪਏ ਦੀ ਮਾਮੂਲੀ ਤਨਖ਼ਾਹ ‘ਤੇ ਕੰਮ ਕਰ ਰਹੇ ਹਨ, ਜੋ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਘਰ ਦਾ ਗੁਜ਼ਾਰਾ ਚਲਾਉਣ ਲਈ ਬਿਲਕੁਲ ਨਾਕਾਫ਼ੀ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੰਪਨੀ ਦਾ ਸਰਕਾਰ ਨਾਲ ਇਕਰਾਰਨਾਮਾ (Contract) ਤਾਂ 5 ਸਾਲਾਂ ਦਾ ਹੈ, ਪਰ ਉਹ ਅੱਗੇ ਆਪਰੇਟਰਾਂ ਨਾਲ ਮਹਿਜ਼ 6-6 ਮਹੀਨਿਆਂ ਦਾ ਕੰਟਰੈਕਟ ਕਰਦੀ ਹੈ ਤਾਂ ਜੋ ਮੁਲਾਜ਼ਮਾਂ ਨੂੰ ਦਬਾਅ ਹੇਠ ਰੱਖਿਆ ਜਾ ਸਕੇ। ਕਈ ਆਪਰੇਟਰਾਂ ਤੋਂ ਤਾਂ ਐਤਵਾਰ ਵਾਲੇ ਦਿਨ ਵੀ ਜ਼ਬਰਦਸਤੀ ਕੰਮ ਕਰਵਾਇਆ ਜਾਂਦਾ ਹੈ।
ਕਰਮਚਾਰੀਆਂ ਨੇ ਆਪਣੇ ਕੰਮ ਦੇ ਅੰਕੜੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2018 ਤੋਂ ਹੁਣ ਤੱਕ ਸੇਵਾ ਕੇਂਦਰਾਂ ਵੱਲੋਂ ਕਰੋੜਾਂ (ਲਗਭਗ 1.49 ਕਰੋੜ) ਸੇਵਾ ਅਰਜ਼ੀਆਂ ‘ਤੇ ਸਫਲਤਾਪੂਰਵਕ ਕਾਰਵਾਈ ਕੀਤੀ ਗਈ ਹੈ।
ਸਾਲਾਨਾ ਲਗਭਗ 80.76 ਲੱਖ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਸ ਵਿੱਚੋਂ ਇਕੱਲੇ ਚੱਲ ਰਹੇ ਮੌਜੂਦਾ ਮਹੀਨੇ ਦੌਰਾਨ ਹੀ 13.66 ਲੱਖ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ। ਮੁਲਾਜ਼ਮਾਂ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਜਨਤਾ ਦੀ ਸੇਵਾ ਕਰ ਰਹੇ ਹਨ, ਪਰ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋਏ।
ਧਰਨਾਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ, ਜਿਵੇਂ ਕਿ ਤਨਖ਼ਾਹਾਂ ਵਿੱਚ ਵਾਧਾ ਅਤੇ ਪੱਕਾ ਕਰਨਾ, ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਇਸ ਸੰਘਰਸ਼ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖਾ ਅਤੇ ਤੇਜ਼ ਕੀਤਾ ਜਾਵੇਗਾ।






