Join WhatsApp

Join Now

SGPC ਪ੍ਰਧਾਨ ਧਾਮੀ ਦੀ ਰਿਹਾਇਸ਼ ਦਾ ਘਿਰਾਓ; ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਮੰਗਿਆ ਅਸਤੀਫ਼ਾ

On: ਸਤੰਬਰ 28, 2026 8:50 ਬਾਃ ਦੁਃ

 

SGPC ਪ੍ਰਧਾਨ ਧਾਮੀ ਦੀ ਰਿਹਾਇਸ਼ ਦਾ ਘਿਰਾਓ; ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਮੰਗਿਆ ਅਸਤੀਫ਼ਾ

ਹੁਸ਼ਿਆਰਪੁਰ ‘ਚ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਘਰ ਬਾਹਰ ਜ਼ਬਰਦਸਤ ਰੋਸ ਧਰਨਾ; ਮੰਗਿਆ ਅਸਤੀਫ਼ਾ, ਸਮਰਥਕਾਂ ਵੱਲੋਂ ਵੀ ਪਲਟਵਾਰ

ਹੁਸ਼ਿਆਰਪੁਰ, 28 ਸਤੰਬਰ 2026- ਬਹਿਰੀਨ ਤੋਂ ਆਈ ਬੀਬੀ ਵਾਲੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਦੀ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਵਿਵਾਦਿਤ ਮਾਮਲੇ ਦੇ ਸਬੰਧ ਵਿੱਚ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਵਾਸ ਅਸਥਾਨ ਦੇ ਬਾਹਰ ਇੱਕ ਜ਼ਬਰਦਸਤ ਰੋਸ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ‘ਤੇ ਗੰਭੀਰ ਸਵਾਲ ਚੁੱਕਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ।

ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਅਹੁਦੇਦਾਰਾਂ, ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਮੁੱਖ ਤੌਰ ‘ਤੇ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਅਤੇ ਭੁਪਿੰਦਰ ਸਿੰਘ ਸੱਜਣ ਆਦਿ ਆਗੂ ਮੌਜੂਦ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਬੰਧਾਂ ਵਿੱਚ ਫੈਲੀਆਂ ਖ਼ਾਮੀਆਂ ਅਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਗਾਏ।

ਧਰਨਾਕਾਰੀਆਂ ਨੇ ਬੋਲਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ‘ਤੇ ਦਰਜ ਹੋਈ ਐਫ.ਆਈ.ਆਰ. (FIR) ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਬੁਲਾਰਿਆਂ ਨੇ ਆਖਿਆ ਕਿ ਬਹਿਰੀਨ ਵਾਲਾ ਮਾਮਲਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ‘ਤੇ ਲੱਗ ਰਹੇ ਦੋਸ਼ ਸਿੱਖ ਕੌਮ ਲਈ ਅਤਿ ਸ਼ਰਮਸਾਰ ਕਰਨ ਵਾਲੀ ਘਟਨਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸੰਸਥਾ ਵਿੱਚ ਵਾਪਰ ਰਹੀਆਂ ਅਜਹੀਆਂ ਘਟਨਾਵਾਂ ਅਤੇ ਪ੍ਰਬੰਧਕੀ ਨਾਕਾਮੀਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ।

ਉਨ੍ਹਾਂ ਕਿਹਾ ਕਿ ਜਦੋਂ ਤੱਕ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਕੌਮ ਵਿੱਚ ਪਾਇਆ ਜਾ ਰਿਹਾ ਰੋਸ ਸ਼ਾਂਤ ਨਹੀਂ ਹੋਵੇਗਾ, ਇਸ ਲਈ ਧਾਮੀ ਨੂੰ ਨੈਤਿਕਤਾ ਦੇ ਆਧਾਰ ‘ਤੇ ਤੁਰੰਤ ਪਦ ਛੱਡ ਦੇਣਾ ਚਾਹੀਦਾ ਹੈ।

ਧਾਮੀ ਦੇ ਸਮਰਥਕਾਂ ਨੇ ਕੀਤਾ ਪਲਟਵਾਰ– ‘ਘਿਰਾਓ ਕਰਨ ਵਾਲੇ ਸਰਕਾਰ ਦੇ ਹੱਥਾਂ ‘ਚ ਖੇਡ ਰਹੇ ਹਨ’

ਦੂਜੇ ਪਾਸੇ, ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਲਗਾਏ ਗਏ ਇਸ ਧਰਨੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਸਮਰਥਕਾਂ ਨੇ ਵੀ ਡਟ ਕੇ ਵਿਰੋਧ ਕੀਤਾ। ਘਟਨਾ ਸਥਾਨ ‘ਤੇ ਪਹੁੰਚੇ ਧਾਮੀ ਦੇ ਸਮਰਥਕਾਂ ਨੇ ਧਰਨਾਕਾਰੀਆਂ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਧਰਨਾਕਾਰੀਆਂ ‘ਤੇ ਤਿੱਖਾ ਹਮਲਾ ਬੋਲਿਆ।

ਉਨ੍ਹਾਂ ਕਿਹਾ ਕਿ ਧਰਨਾ ਦੇਣ ਵਾਲੇ ਇਹ ਲੋਕ ਕਿਸੇ ਧਾਰਮਿਕ ਜਾਂ ਕੌਮੀ ਹਿੱਤ ਲਈ ਨਹੀਂ, ਬਲਕਿ ਸਰਕਾਰ ਦੇ ਹੱਥਾਂ ਵਿੱਚ ਖੇਡ ਕੇ ਸਿੱਖ ਕੌਮ ਨੂੰ ਖੇਰੂੰ-ਖੇਰੂੰ ਕਰਨ ‘ਚ ਤੁਲੇ ਹੋਏ ਹਨ। ਮੰਨਣ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵਰਗੀ ਮਾਨਯੋਗ ਸੰਸਥਾ ਅਤੇ ਇਸ ਦੇ ਪ੍ਰਧਾਨ ਨੂੰ ਬਦਨਾਮ ਕਰਨ ਲਈ ਇਹ ਸਾਰਾ ਡਰਾਮਾ ਰਚਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਆਪਣੇ ਪ੍ਰਬੰਧਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਚਲਾ ਰਹੀ ਹੈ ਅਤੇ ਅਜਿਹੇ ਵਿਰੋਧਾਂ ਨਾਲ ਸੰਸਥਾ ਦੇ ਅਕਸ ਨੂੰ ਢਾਹ ਨਹੀਂ ਲਗਾਈ ਜਾ ਸਕਦੀ।

ਧਰਨੇ ਨੂੰ ਦੇਖਦਿਆਂ ਮੌਕੇ ‘ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇੜ੍ਹੇ ਕਰੜੇ ਇੰਤਜ਼ਾਮ ਕੀਤੇ ਗਏ ਸਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੋਵਾਂ ਧਿਰਾਂ ਵਿਚਾਲੇ ਵਧੇ ਤਣਾਅ ਕਾਰਨ ਇਲਾਕੇ ਵਿੱਚ ਸਿਆਸੀ ਅਤੇ ਧਾਰਮਿਕ ਮਾਹੌਲ ਕਾਫ਼ੀ ਗਰਮਾਇਆ ਹੋਇਆ ਹੈ।

 

Leave a Comment