Join WhatsApp

Join Now

Punjab ‘ਚ ਆਵਾਰਾ ਕੁੱਤਿਆਂ ਦਾ ਕਹਿਰ; ਸਾਬਕਾ ਸਰਪੰਚ ਨੂੰ ਉਤਾਰਿਆ ਮੌਤ ਦੀ ਘਾਟ!

On: ਜੁਲਾਈ 16, 2026 2:45 ਬਾਃ ਦੁਃ

 

Punjab ‘ਚ ਆਵਾਰਾ ਕੁੱਤਿਆਂ ਦਾ ਕਹਿਰ; ਸਾਬਕਾ ਸਰਪੰਚ ਨੂੰ ਉਤਾਰਿਆ ਮੌਤ ਦੀ ਘਾਟ!

ਜਗਰਾਉਂ ਖੇਤਰ ‘ਚ ਦਹਿਸ਼ਤ: 15 ਦਿਨਾਂ ਵਿੱਚ ਆਵਾਰਾ ਕੁੱਤਿਆਂ ਨੇ ਲਈ ਦੂਜੀ ਜਾਨ, ਪ੍ਰਸ਼ਾਸਨ ਖਿਲਾਫ਼ ਪਿੰਡ ਵਾਸੀਆਂ ‘ਚ ਭਾਰੀ ਰੋਸ

ਜਗਰਾਉਂ, 16 ਜੁਲਾਈ 2026- ਜਗਰਾਉਂ ਇਲਾਕੇ ਵਿੱਚ ਆਵਾਰਾ ਕੁੱਤਿਆਂ ਦਾ ਆਤੰਕ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲੇ ਵਿੱਚ ਪਿੰਡ ਪੱਬੀਆਂ ਵਿਖੇ ਅੱਧੀ ਰਾਤ ਨੂੰ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ 80 ਸਾਲਾ ਸਾਬਕਾ ਸਰਪੰਚ ਜਗਦੀਸ਼ ਸਿੰਘ ‘ਤੇ ਉਨ੍ਹਾਂ ਦੇ ਘਰ ਵਿੱਚ ਹੀ ਹਮਲਾ ਕਰ ਦਿੱਤਾ। ਕੁੱਤਿਆਂ ਦੇ ਇਸ ਬੇਰਹਿਮੀ ਭਰੇ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਸਾਬਕਾ ਸਰਪੰਚ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਮਲਾ ਇੰਨਾ ਭਿਆਨਕ ਸੀ ਕਿ ਕੁੱਤਿਆਂ ਨੇ ਸਾਬਕਾ ਸਰਪੰਚ ਦੀ ਇੱਕ ਬਾਂਹ ਅਤੇ ਇੱਕ ਲੱਤ ਨੂੰ ਪੂਰੀ ਤਰ੍ਹਾਂ ਨੋਚ-ਨੋਚ ਕੇ ਖਾ ਲਿਆ।

ਇਸ ਖ਼ੌਫ਼ਨਾਕ ਅਤੇ ਦਰਦਨਾਕ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ, ਸੋਗ ਅਤੇ ਪ੍ਰਸ਼ਾਸਨ ਖਿਲਾਫ਼ ਭਾਰੀ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ, ਦੇਰ ਰਾਤ ਸਾਬਕਾ ਸਰਪੰਚ ਜਗਦੀਸ਼ ਸਿੰਘ ਆਪਣੇ ਹੀ (ਘਰ) ਖੇਤਾਂ ਵਿੱਚ ਬਣੀ ਮੋਟਰ ‘ਤੇ ਮੌਜੂਦ ਸਨ। ਰਾਤ ਦੇ ਸਮੇਂ ਜਦੋਂ ਉਹ ਬਾਥਰੂਮ ਜਾਣ ਲਈ ਕਮਰੇ ਤੋਂ ਬਾਹਰ ਨਿਕਲੇ, ਤਾਂ ਉੱਥੇ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਆਵਾਰਾ ਕੁੱਤਿਆਂ ਦੇ ਝੁੰਡ ਨੇ ਉਨ੍ਹਾਂ ‘ਤੇ ਅਚਾਨਕ ਹਮਲਾ ਕਰ ਦਿੱਤਾ।

ਵਧੇਰੇ ਉਮਰ ਅਤੇ ਬਜ਼ੁਰਗ ਹੋਣ ਕਾਰਨ ਉਹ ਆਪਣਾ ਬਚਾਅ ਨਹੀਂ ਕਰ ਸਕੇ। ਕੁੱਤਿਆਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਘੇਰ ਲਿਆ ਅਤੇ ਨੋਚਣਾ ਸ਼ੁਰੂ ਕਰ ਦਿੱਤਾ। ਜਗਦੀਸ਼ ਸਿੰਘ ਖੁਦ ਨੂੰ ਬਚਾਉਣ ਵਿੱਚ ਅਸਮਰੱਥ ਰਹੇ ਅਤੇ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਉਨ੍ਹਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ।

ਪਿੰਡ ਵਾਸੀਆਂ ਵਿੱਚ ਇਸ ਗੱਲ ਨੂੰ ਲੈ ਕੇ ਵਧੇਰੇ ਗੁੱਸਾ ਹੈ ਕਿ ਅਜਿਹੀ ਘਟਨਾ ਪਿੰਡ ਵਿੱਚ ਪਹਿਲੀ ਵਾਰ ਨਹੀਂ ਵਾਪਰੀ। ਮਹਿਜ਼ 15 ਦਿਨ ਪਹਿਲਾਂ ਵੀ ਇਸੇ ਪਿੰਡ ਵਿੱਚ ਆਵਾਰਾ ਕੁੱਤਿਆਂ ਦੇ ਝੁੰਡ ਨੇ ਬਿਹਾਰ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਮਜ਼ਦੂਰ ‘ਤੇ ਹਮਲਾ ਕਰਕੇ ਉਸ ਨੂੰ ਵੀ ਮੌਤ ਦੇ ਘਾਟ ਉਤਾਰ ਦਿੱਤਾ ਸੀ। ਲਗਾਤਾਰ ਹੋ ਰਹੀਆਂ ਇਨ੍ਹਾਂ ਮੌਤਾਂ ਨੇ ਪਿੰਡ ਵਾਸੀਆਂ ਦੇ ਮਨਾਂ ਵਿੱਚ ਅਜਿਹਾ ਖੌਫ਼ ਪੈਦਾ ਕਰ ਦਿੱਤਾ ਹੈ ਕਿ ਲੋਕ ਹੁਣ ਰਾਤ ਦੇ ਸਮੇਂ ਆਪਣੇ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਨ ਲੱਗ ਪਏ ਹਨ। ਬੱਚਿਆਂ ਅਤੇ ਬਜ਼ੁਰਗਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ।

ਪਿੰਡ ਦੇ ਨਿਵਾਸੀ ਜਗਰਾਜ ਸਿੰਘ ਨੇ ਪ੍ਰਸ਼ਾਸਨਿਕ ਢਿੱਲ-ਮੱਠ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਦੱਸਿਆ ਕਿ ਆਵਾਰਾ ਕੁੱਤਿਆਂ ਦਾ ਡਰ ਇਸ ਕਦਰ ਵਧ ਚੁੱਕਾ ਹੈ ਕਿ ਲੋਕ ਹਨੇਰਾ ਹੁੰਦੇ ਹੀ ਆਪਣੇ ਘਰਾਂ ਦੇ ਅੰਦਰ ਤਾੜੇ ਜਾਂਦੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਤੁਰੰਤ ਇਸ ਗੰਭੀਰ ਸਮੱਸਿਆ ਵੱਲ ਧਿਆਨ ਨਾ ਦਿੱਤਾ, ਤਾਂ ਪਿੰਡ ਵਾਸੀਆਂ ਵੱਲੋਂ ਪ੍ਰਸ਼ਾਸਨ ਖਿਲਾਫ਼ ਤਿੱਖਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਫੜਨ ਅਤੇ ਉਨ੍ਹਾਂ ਦੇ ਪੱਕੇ ਪ੍ਰਬੰਧਨ ਲਈ ਤੁਰੰਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਵੀ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਕੋਈ ਹੋਰ ਵੱਡੀ ਦੁਖਾਂਤਕ ਘਟਨਾ ਵਾਪਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਗਰਾਉਂ ਸ਼ਹਿਰ ਵਿੱਚ ਵੀ ਸਿਰਫ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਆਵਾਰਾ ਕੁੱਤਿਆਂ ਨੇ 18 ਲੋਕਾਂ ਨੂੰ ਵੱਢ ਕੇ ਜ਼ਖਮੀ ਕਰ ਦਿੱਤਾ ਸੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਹਾਹਾਕਾਰ ਮੱਚ ਗਈ ਸੀ। ਲਗਾਤਾਰ ਵਾਪਰ ਰਹੀਆਂ ਇਹ ਖੂਨੀ ਘਟਨਾਵਾਂ ਨਗਰ ਕੌਂਸਲ ਅਤੇ ਸਥਾਨਕ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰਦੀਆਂ ਹਨ ਕਿ ਆਖਰਕਾਰ ਪ੍ਰਸ਼ਾਸਨ ਕਿਸੇ ਵੱਡੇ ਹਾਦਸੇ ਦੀ ਉਡੀਕ ਕਿਉਂ ਕਰ ਰਿਹਾ ਸੀ ਅਤੇ ਪਹਿਲਾਂ ਹੀ ਕੋਈ ਠੋਸ ਕਾਰਵਾਈ ਕਿਉਂ ਨਹੀਂ ਕੀਤੀ ਗਈ।

 

Leave a Comment