- ਵੱਖ ਵੱਖ ਵਿਭਾਗਾਂ ਵਿੱਚ ਠੇਕੇ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਤੁਰੰਤ ਪੱਕਾ ਕਰੇ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਝੰਡੇ ਹੇਠ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਵੱਲੋਂ 3 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਰੈਲੀ ਅਤੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਜਾਵੇਗਾ। ਪੰਜਾਬ ਦੀ ਮਾਨ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਠੇਕਾ ਮੁਲਾਜ਼ਮਾਂ ਨਾਲ ਧੱਕਾ ਕਰਦੀ ਆ ਰਹੀ ਹੈ। ਮੁਲਾਜ਼ਮਾਂ ਦਾ ਰੱਜ ਕੇ ਮਾਨਸਿਕ ਤੇ ਆਰਥਿਕ ਸ਼ੋਸਣ ਕੀਤਾ ਜਾ ਰਿਹਾ ਹੈ। ਸੰਘਰਸ਼ ਮੋਰਚੇ ਵੱਲੋਂ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਸਰਕਾਰ ਜਾਣਬੁੱਝ ਕੇ ਖੱਜਲ ਖੁਆਰ ਕਰਨ ਦੇ ਰਾਹ ਪਈ ਹੋਈ ਹੈ।
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਪ੍ਰਧਾਨ ਦਿੱਗਵਿਜੇਪਾਲ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕਰਦਿਆਂ ਕਿਹਾ ਕਿ, ਸਾਥੀਓ! ਅੱਕੇ ਹੋਏ ਠੇਕਾ ਮੁਲਾਜ਼ਮਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਫ਼ੈਸਲਾ ਲਿਆ ਹੈ। ਆਓ! ਭਰਾਤਰੀ ਹਮਾਇਤ ਦੇ ਵਡੇਰੇ ਹਿੱਤਾਂ ਨੂੰ ਮੁਖ਼ਾਤਿਬ ਹੁੰਦਿਆਂ ਆਪਣੇ ਜਮਾਤੀ ਲੋਕਾਂ ਦੇ ਮੋਢੇ ਨਾਲ ਮੋਢਾ ਲਾਈਏ, ਤਾਂ ਜੋ ਉਹਨਾਂ ਦੇ ਰੁਜ਼ਗਾਰ ਨੂੰ ਸੁਰੱਖਿਅਤ ਕੀਤਾ ਜਾ ਸਕੇ। ਡੀਟੀਐੱਫ਼ ਦੇ ਸਮੂਹ ਮੈਂਬਰਾਂ ਅਤੇ ਸਮੁੱਚੇ ਅਧਿਆਪਕ ਵਰਗ ਨੂੰ 3 ਅਕਤੂਬਰ ਨੂੰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ।