ਅਧਿਆਪਕ ਵੱਲੋਂ ਵਿਦਿਆਰਥਣ ਨਾਲ ਛੇੜਛਾੜ; ਸਿੱਖਿਆ ਵਿਭਾਗ ਨੇ ਕੀਤੀ ਵੱਡੀ ਕਾਰਵਾਈ

 

ਅਧਿਆਪਕ ਵੱਲੋਂ ਵਿਦਿਆਰਥਣ ਨਾਲ ਛੇੜਛਾੜ; ਸਿੱਖਿਆ ਵਿਭਾਗ ਨੇ ਕੀਤੀ ਵੱਡੀ ਕਾਰਵਾਈ

Punjab Network

ਚੰਬਾ, 19 ਮਾਰਚ 2026: ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਚੰਬਾ ਵਿੱਚ ਸਿੱਖਿਆ ਦੇ ਮੰਦਰ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਘਟਨਾ ਸਾਹਮਣੇ ਆਈ ਹੈ।

ਸੁੰਡਲਾ ਸਿੱਖਿਆ ਬਲਾਕ ਅਧੀਨ ਆਉਂਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਤਾਇਨਾਤ ਇੱਕ ਜੇ.ਬੀ.ਟੀ. (JBT) ਅਧਿਆਪਕ ਨੂੰ ਵਿਦਿਆਰਥਣ ਨਾਲ ਛੇੜਛਾੜ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਵਿਭਾਗ ਨੇ ਸਖ਼ਤ ਕਾਰਵਾਈ ਕੀਤੀ ਹੈ। ਸਿੱਖਿਆ ਵਿਭਾਗ ਨੇ ਦੋਸ਼ੀ ਅਧਿਆਪਕ ਨੂੰ ਸਮੇਂ ਤੋਂ ਪਹਿਲਾਂ ਲਾਜ਼ਮੀ ਸੇਵਾਮੁਕਤੀ (Compulsory Retirement) ਦੇ ਦਿੱਤੀ ਹੈ।

ਜਾਣਕਾਰੀ ਅਨੁਸਾਰ ਇਹ ਮਾਮਲਾ ਪਿਛਲੇ ਸਾਲ ਅਕਤੂਬਰ-2026 ਵਿੱਚ ਸਾਹਮਣੇ ਆਇਆ ਸੀ। ਦੋਸ਼ੀ ਅਧਿਆਪਕ ਸਕੂਲ ਵਿੱਚ ਪੜ੍ਹਦੀ ਇੱਕ ਮਾਸੂਮ ਵਿਦਿਆਰਥਣ ਨਾਲ ਗਲਤ ਵਿਵਹਾਰ ਕਰਦਾ ਸੀ। ਜਦੋਂ ਵਿਦਿਆਰਥਣ ਨੇ ਹਿੰਮਤ ਜੁਟਾ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪਬੀਤੀ ਦੱਸੀ, ਤਾਂ ਪਰਿਵਾਰ ਨੇ ਤੁਰੰਤ ਸਿੱਖਿਆ ਵਿਭਾਗ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ।

ਵਿਭਾਗੀ ਜਾਂਚ ‘ਚ ਸੱਚ ਸਾਬਤ ਹੋਏ ਇਲਜ਼ਾਮ

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਿੱਖਿਆ ਵਿਭਾਗ ਨੇ ਇੱਕ ਵਿਸ਼ੇਸ਼ ਜਾਂਚ ਕਮੇਟੀ ਬਣਾਈ ਸੀ। ਇਸ ਕਮੇਟੀ ਨੇ, ਪੀੜਤ ਵਿਦਿਆਰਥਣ ਦੇ ਬਿਆਨ ਦਰਜ ਕੀਤੇ। ਦੋਸ਼ੀ ਅਧਿਆਪਕ ਅਤੇ ਸਕੂਲ ਦੇ ਹੋਰ ਸਟਾਫ਼ ਤੋਂ ਪੁੱਛਗਿੱਛ ਕੀਤੀ। ਜਾਂਚ ਰਿਪੋਰਟ ਵਿੱਚ ਅਧਿਆਪਕ ‘ਤੇ ਲੱਗੇ ਸਾਰੇ ਦੋਸ਼ ਸਹੀ ਪਾਏ ਗਏ, ਜਿਸ ਤੋਂ ਬਾਅਦ ਇਹ ਰਿਪੋਰਟ ਐਲੀਮੈਂਟਰੀ ਸਿੱਖਿਆ ਵਿਭਾਗ ਚੰਬਾ ਨੂੰ ਸੌਂਪੀ ਗਈ।

ਚੰਬਾ ਦੇ ਐਲੀਮੈਂਟਰੀ ਸਿੱਖਿਆ ਉਪ-ਨਿਰਦੇਸ਼ਕ ਵਿਕਾਸ ਮਹਾਜਨ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਤਹਿਤ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਧਿਆਪਕ ਵਿਰੁੱਧ ਲਾਜ਼ਮੀ ਸੇਵਾਮੁਕਤੀ ਦੀ ਸਖ਼ਤ ਕਾਰਵਾਈ ਕੀਤੀ ਗਈ ਹੈ।

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਅਤੇ ਮਾਪਿਆਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਕੂਲ ਵਰਗੀਆਂ ਸੁਰੱਖਿਅਤ ਥਾਵਾਂ ‘ਤੇ ਵੀ ਬੱਚੀਆਂ ਸੁਰੱਖਿਅਤ ਨਹੀਂ ਹਨ, ਤਾਂ ਇਹ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ। ਮਾਪਿਆਂ ਨੇ ਸਕੂਲਾਂ ਵਿੱਚ ਨਿਗਰਾਨੀ ਅਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰਨ ਦੀ ਮੰਗ ਕੀਤੀ ਹੈ।