ਅਧਿਆਪਕਾਂ ਦੀਆਂ ਬਦਲੀਆਂ ਰੱਦ; DTF ਵੱਲੋਂ ਸਖ਼ਤ ਵਿਰੋਧ
ਬਦਲੀ ਹੋਣ ਵਾਲੇ ਅਧਿਆਪਕਾਂ ਨੂੰ ਤੁਰੰਤ ਰਿਲੀਵ ਕੀਤਾ ਜਾਵੇ- ਡੀ.ਟੀ.ਐਫ਼.
ਮੋਹਾਲੀ, 21 ਮਾਰਚ 2026
ਸਿੱਖਿਆ ਵਿਭਾਗ ਨੇ ਪਿਛਲੇ ਸਾਲ ਔਨਲਾਈਨ ਪ੍ਰਣਾਲੀ ਰਾਹੀਂ ਬਦਲੀਆਂ ਕਰਵਾ ਚੁੱਕੇ ਕਈ ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰ ਦਿੱਤੀਆਂ ਹਨ। ਅਧਿਆਪਕ ਜਥੇਬੰਦੀ DTF ਦਾ ਦਾਅਵਾ ਹੈ ਕਿ, ਸਿੱਖਿਆ ਵਿਭਾਗ ਨੇ ਸਟਾਫ ਘੱਟ ਦੀ ਸ਼ਰਤ ਹੋਣ ਕਾਰਨ ਦੱਸ ਕੇ ਰਿਲੀਵ ਨਾ ਹੋਣ ਵਾਲੇ ਅਧਿਆਪਕਾਂ ਦੀਆਂ ਬਦਲੀਆਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ।
ਸਿੱਖਿਆ ਵਿਭਾਗ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਆਪਣੇ ਘਰਾਂ ਤੋਂ ਦੋ-ਦੋ ਸੌ ਕਿਲੋਮੀਟਰ ਦੂਰ ਬੈਠੇ ਅਧਿਆਪਕਾਂ ਦੀਆਂ ਜਦ ਆਪਣੇ ਘਰਾਂ ਦੇ ਨੇੜੇ ਖਾਲੀ ਸਟੇਸ਼ਨਾਂ ‘ਤੇ ਬਦਲੀਆਂ ਹੋਈਆਂ ਤਾਂ ਉਹਨਾਂ ਨੂੰ ਸੁੱਖ ਦਾ ਸਾਂਹ ਆਇਆ ਸੀ।
ਪਰ ਵਿਭਾਗ ਨੇ ਉਹਨਾਂ ਉੱਪਰ ਸਕੂਲ ਵਿੱਚ 50% ਤੋਂ ਘੱਟ ਹੋਣ ਦੀ ਸ਼ਰਤ ਲਗਾ ਕੇ ਰਿਲੀਵ ਕਰਨ ਤੋਂ ਰੋਕ ਦਿੱਤਾ। ਇਸ ਮਸਲੇ ‘ਤੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦਾ ਵਫਦ ਡੀ ਐੱਸ ਈ ਅਤੇ ਬਦਲੀ ਸੈੱਲ ਦੇ ਅਫਸਰਾਂ ਨੂੰ ਮਿਲ ਕੇ ਅਨੇਕਾਂ ਵਾਰ ਅਪੀਲ ਕਰ ਚੁੱਕਾ ਹੈ ਕਿ ਉਹਨਾਂ ਅਧਿਆਪਕਾਂ ਨੂੰ ਰਿਲੀਵ ਕੀਤਾ ਜਾਵੇ।
ਪਰ ਹੁਣ ਇੱਕ ਸਾਲ ਬਾਅਦ ਉਹਨਾਂ ਨੂੰ ਰਿਲੀਵ ਕਰਨ ਦੀਆਂ ਥਾਂ ਸਿੱਖਿਆ ਵਿਭਾਗ ਨੇ ਉਹਨਾਂ ਦੀਆਂ ਬਦਲੀਆਂ ਰੱਦ ਕਰਨ ਦਾ ਪੱਤਰ ਕੱਢਿਆ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਬਦਲੀ ਕਰਵਾਉਣਾ, ਕੋਈ ਖਾਲਾ ਜੀ ਦਾ ਵਾੜਾ ਨਹੀਂ, ਉਹਨਾਂ ਅਧਿਆਪਕਾਂ ਨੇ ਸਰਕਾਰ ਵੱਲੋਂ ਬਣਾਈ ਪਾਲਿਸੀ ਰਾਹੀਂ ਮੈਰਿਟ ਦੇ ਅਧਾਰ ਤੇ ਬਦਲੀ ਕਰਵਾਈ ਸੀ। ਇਸ ਲਈ ਬਦਲੀਆਂ ਰੱਦ ਕਰਨ ਦਾ ਫ਼ੈਸਲਾ ਉਹਨਾਂ ਦੇ ਬਦਲੀ ਕਰਵਾਉਣ ਦੇ ਅਧਿਕਾਰ ‘ਤੇ ਡਾਕਾ ਹੈ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁੱਖਵਿੰਦਰ ਸੁੱਖੀ, ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿਤ ਸਕੱਤਰ ਜਸਵਿੰਦਰ ਬਠਿੰਡਾ, ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਮੰਗ ਕੀਤੀ ਕਿ ਇਹਨਾਂ ਅਧਿਆਪਕਾਂ ਨੂੰ ਤੁਰੰਤ ਰਿਲੀਵ ਕਰਕੇ ਇਹਨਾਂ ਦੇ ਬਦਲੀਆਂ ਵਾਲੇ ਸਕੂਲਾਂ ਵਿੱਚ ਭੇਜਿਆ ਜਾਵੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਅਗਲੇ ਸੈਸ਼ਨ ਦੇ ਸ਼ੁਰੂ ਵਿੱਚ ਹੀ ਬਦਲੀਆਂ ਲਈ ਅਰਜ਼ੀਆਂ ਮੰਗ ਕੇ ਮੈਰਿਟ ਦੇ ਅਧਾਰ ‘ਤੇ ਬਦਲੀਆਂ ਕੀਤੀਆਂ ਜਾਣ, ਤਾਂ ਜੋ ਸੈਸ਼ਨ ਦੇ ਸ਼ੁਰੂ ਤੋਂ ਵਿਦਿਆਰਥੀਆਂ ਨੂੰ ਅਧਿਆਪਕ ਮਿਲ ਸਕਣ।






