Join WhatsApp

Join Now

253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਵਿਰੋਧ ‘ਚ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

On: October 30, 2026 5:44 PM

 

253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਵਿਰੋਧ ‘ਚ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਮੋਗਾ, 30 ਅਕਤੂਬਰ 2026: ਪੰਜਾਬ ਸਰਕਾਰ ਵੱਲੋਂ 4161 ਭਰਤੀ ਤਹਿਤ ਨਿਯੁਕਤ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਫ਼ੈਸਲੇ ਦੇ ਵਿਰੋਧ ਵਿੱਚ ਅੱਜ ਅਧਿਆਪਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੋਗਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਇਸ ਮੌਕੇ ਅਧਿਆਪਕ ਆਗੂਆਂ ਬਲਜਿੰਦਰ ਧਾਲੀਵਾਲ, ਦਿਗਵਿਜੇਪਾਲ ਸ਼ਰਮਾ ਪ੍ਰਗਟਜੀਤ ਸਿੰਘ ਕਿਸਨਪੁਰਾ, ਗੁਰਪ੍ਰੀਤ ਸਿੰਘ ਅਮੀਵਾਲ, ਸੁਰਿੰਦਰ ਸ਼ਰਮਾ ,ਸੁਖਚੈਨ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਫ਼ੈਸਲਾ ਅਧਿਆਪਕ ਵਰਗ ਦੇ ਭਵਿੱਖ ਨਾਲ ਖਿਲਵਾੜ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੇ ਲੰਬੀ ਪ੍ਰਕਿਰਿਆ ਰਾਹੀਂ ਭਰਤੀ ਹੋ ਕੇ ਆਪਣੀਆਂ ਸੇਵਾਵਾਂ ਸ਼ੁਰੂ ਕੀਤੀਆਂ ਹਨ, ਪਰ ਹੁਣ ਉਨ੍ਹਾਂ ਦੀ ਨੌਕਰੀ ਉੱਤੇ ਖ਼ਤਰੇ ਦੇ ਬੱਦਲ ਮੰਡਰਾਉਣ ਕਾਰਨ ਅਧਿਆਪਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ।

ਆਗੂਆਂ ਸੁਖਪਾਲਜੀਤ ਸਿੰਘ, ਜੱਜਪਾਲ ਸਿੰਘ ਬਾਜੇ ਕੇ, ਹਰਪਿੰਦਰ ਢਿੱਲੋਂ, ਪ੍ਰਦੀਪ ਰੱਖੜਾ, ਸੁਖਮੰਦਰ ਨਿਹਾਲ ਸਿੰਘ ਵਾਲਾ,ਅਮਨਦੀਪ ਸਿੰਘ,ਇੰਦਰਪ੍ਰੀਤ ਸਿੰਘ,ਨਰਿੰਦਰ ਕੁਮਾਰ,ਜਗਤਾਰ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਨੂੰ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਬਜਾਏ ਉਨ੍ਹਾਂ ਦੀ ਨੌਕਰੀ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਕਿਸੇ ਵੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਅਧਿਆਪਕਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵੀ ਪ੍ਰਭਾਵਿਤ ਹੋਵੇਗੀ।

ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਕਾਰਵਾਈ ਤੁਰੰਤ ਰੋਕੀ ਜਾਵੇ ਅਤੇ ਇਨ੍ਹਾਂ ਅਧਿਆਪਕਾਂ ਦੀ ਨੌਕਰੀ ਸੁਰੱਖਿਅਤ ਕਰਨ ਲਈ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਅੰਤ ਵਿੱਚ ਅਧਿਆਪਕ ਜਥੇਬੰਦੀਆਂ ਨੇ ਸਮੂਹ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ 253 ਅਧਿਆਪਕਾਂ ਦੀਆਂ ਸੇਵਾਵਾਂ ਬਚਾਉਣ ਲਈ ਇਕਜੁੱਟ ਹੋ ਕੇ ਸੰਘਰਸ਼ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ। ਇਸ ਸਮੇਂ ਸੁਖਵਿੰਦਰ ਘੋਲੀਆ, ਦਵਿੰਦਰ ਰੌਲੀ, ਦੀਪੂ ਬੁੱਟਰ, ਕੁਲਦੀਪ ਸਿੰਘ, ਕੇਵਲ ਸਿੰਘ ਅਮਨਦੀਪ ਮਾਛੀਕੇ, ਸਵਰਨ ਦਾਸ, ਸੁਖਦੇਵ ਕੁਮਾਰ ਬਿਕਰਮਜੀਤ ਸਿੰਘ ਨਿਰਮਲ ਸਿੰਘ ਚੁੰਗਵਾ, ਅਮਨ ਮਟਵਾਣੀ, ਰਾਜਵੰਤ ਘੋਲੀਆ, ਨਵਦੀਪ ਧੂੜਕੋਟ, ਮੋਨੂੰ, ਨਛੱਤਰ ਧਰਮਕੋਟ, ਨਰਿੰਦਰ ਧਰਮਕੋਟ,ਜਗਮੀਤ,ਪਰਨੀਤ, ਪਵਨ ,ਜਗਜੀਤ ਧਾਲੀਵਾਲ, ਮੈਡਮ ਕਾਮਿਨੀ, ਮੈਡਮ ਸਪਨਾ ਹਾਜ਼ਰ ਸਨ।

 

Leave a Comment