Join WhatsApp

Join Now

ਈਟੀਟੀ ਅਤੇ ਓਸੀਟੀ ਕਾਡਰ ਤੋਂ ਮਾਸਟਰ ਕਾਡਰ ‘ਚ ਕੀਤੀਆਂ ਤਰੱਕੀਆਂ ਵਿੱਚ ਬੇਨਿਯਮੀਆਂ ਵਿਰੁੱਧ ਅਧਿਆਪਕ ਜਥੇਬੰਦੀਆਂ ਨੇ ਡੀ.ਐਸ.ਈ. (ਸੈ. ਸਿ.) ਦਫਤਰ ਨੂੰ ਘੇਰਿਆ

On: October 28, 2026 7:32 PM

 

ਈਟੀਟੀ ਅਤੇ ਓਸੀਟੀ ਕਾਡਰ ਤੋਂ ਮਾਸਟਰ ਕਾਡਰ ‘ਚ ਕੀਤੀਆਂ ਤਰੱਕੀਆਂ ਵਿੱਚ ਬੇਨਿਯਮੀਆਂ ਵਿਰੁੱਧ ਅਧਿਆਪਕ ਜਥੇਬੰਦੀਆਂ ਨੇ ਡੀ.ਐਸ.ਈ. (ਸੈ. ਸਿ.) ਦਫਤਰ ਨੂੰ ਘੇਰਿਆ

ਡੀ.ਐੱਸ.ਈ. (ਸੈਕੰਡਰੀ ਸਿੱਖਿਆ), ਪੰਜਾਬ ਦੇ ਦਫ਼ਤਰ ਦਾ ਘਿਰਾਓ ਕਰਕੇ ਸਰਕਾਰ ਅਤੇ ਸਿੱਖਿਆ ਵਿਭਾਗ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ

ਮਾਸਟਰ ਕਾਡਰ ਦੇ 253 ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਆਰਡਰ ਤੁਰੰਤ ਰੱਦ ਕਰਨ ਦੀ ਮੰਗ

ਮੁਹਾਲੀ, 28 ਅਕਤੂਬਰ 2026: ਈਟੀਟੀ ਅਤੇ ਓਸੀਟੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਕੀਤੀਆਂ ਤਰੱਕੀਆਂ ਵਿੱਚ ਹੋਈਆਂ ਬੇਨਿਯਮੀਆਂ ਅਤੇ ਇਸ ਪ੍ਰਕਿਰਿਆ ਦੌਰਾਨ ਅਪਣਾਈ ਗਈ ਪੱਖਪਾਤੀ ਪਹੁੰਚ ਕਾਰਣ ਲੰਬੇ ਸਮੇਂ ਤੋਂ ਤਰੱਕੀਆਂ ਨੂੰ ਉਡੀਕ ਰਹੇ ਹਜਾਰਾਂ ਅਧਿਆਪਕਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਿਰੁੱਧ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ ਸਿੱਖਿਆ), ਪੰਜਾਬ ਦੇ ਦਫ਼ਤਰ ਦਾ ਘਿਰਾਓ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦਿੱਗਵਿਜੈ ਪਾਲ ਸ਼ਰਮਾ, ਵਿਕਰਮਦੇਵ ਸਿੰਘ, ਸੁੱਖਵਿੰਦਰ ਚਾਹਲ,ਸੁਰਿੰਦਰ ਕੰਬੋਜ, ਬਿਕਰਮਜੀਤ ਕੱਦੋਂ,ਲਛਮਣ ਸਿੰਘ ਨਬੀਪੁਰ, ਟਹਿਲ ਸਿੰਘ ਸਰਾਭਾ, ਵਰਿੰਦਰਜੀਤ ਸਿੰਘ ਬਜਾਜ, ਹਰਜੀਤ ਸਿੰਘ ਅਤੇ ਸਤਵੀਰ ਸਿੰਘ ਰੌਣੀ, ਓਂਕਾਰ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੇ ਸੇਵਾ ਅਧਿਕਾਰਾਂ, ਸੀਨੀਆਰਤਾ ਅਤੇ ਜਾਇਜ਼ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਫ਼ੈਸਲੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਆਗੂਆਂ ਨੇ ਮਾਸਟਰ ਕਾਡਰ ਦੇ 253 ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਆਰਡਰਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਅਧਿਆਪਕ ਆਗੂਆਂ ਨੇ ਕਿਹਾ ਕਿ ਤਰੱਕੀਆਂ ਦੇ ਨਾਂ ’ਤੇ ਅਧਿਆਪਕਾਂ ਨਾਲ ਬੇਇਨਸਾਫ਼ੀ ਕਰਨਾ ਅਤੇ ਉਨ੍ਹਾਂ ਦੇ ਭਵਿੱਖ ਨੂੰ ਅਣਦੇਖਿਆ ਕਰਨਾ ਸਿੱਖਿਆ ਵਿਭਾਗ ਦੀ ਕਾਰਜਪ੍ਰਣਾਲੀ ਅਤੇ ਜਵਾਬਦੇਹੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਤਰੱਕੀ ਹਰ ਯੋਗ ਮੁਲਾਜ਼ਮ ਦਾ ਹੱਕ ਹੈ, ਪਰ ਇਸ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ, ਨਿਯਮਾਂ ਅਨੁਸਾਰ ਅਤੇ ਸਾਰੇ ਸਬੰਧਤ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਨੇਪਰੇ ਚਾੜ੍ਹੀ ਜਾਣੀ ਚਾਹੀਦੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀ ਸ਼ਹਿ ’ਤੇ ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਦੀ ਪ੍ਰਕਿਰਿਆ ਵਿੱਚ ਵੱਡੇ ਪੱਧਰ ’ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ।

ਆਗੂਆਂ ਨੇ ਇਹ ਵੀ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਐੱਚਟੀ, ਸੀਐੱਚਟੀ ਤੋਂ ਬੀਪੀਈਓ, ਮਾਸਟਰ ਕਾਡਰ ਤੋਂ ਹੈੱਡਮਾਸਟਰ ਅਤੇ ਲੈਕਚਰਾਰ, ਹੈੱਡਮਾਸਟਰ ਤੋਂ ਪ੍ਰਿੰਸੀਪਲ ਅਤੇ ਪ੍ਰਿੰਸੀਪਲ ਤੋਂ ਡੀਈਓ ਦੀਆਂ ਤਰੱਕੀਆਂ ਲੰਬੇ ਸਮੇਂ ਤੋਂ ਨਹੀਂ ਕੀਤੀਆਂ ਗਈਆਂ। ਇਸ ਕਾਰਨ ਸਿੱਖਿਆ ਵਿਭਾਗ ਵਿੱਚ ਅਹਿਮ ਪ੍ਰਸ਼ਾਸਨਿਕ ਅਹੁਦਿਆਂ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਆਗੂਆਂ ਅਨੁਸਾਰ ਬੀਪੀਈਓ ਦੀਆਂ ਲਗਭਗ 55 ਫ਼ੀਸਦੀ, ਹੈੱਡਮਾਸਟਰ ਦੀਆਂ 30 ਫ਼ੀਸਦੀ ਅਤੇ ਪ੍ਰਿੰਸੀਪਲ ਦੀਆਂ 60 ਫ਼ੀਸਦੀ ਅਸਾਮੀਆਂ ਖਾਲੀ ਹਨ। ਇਨ੍ਹਾਂ ਖਾਲੀ ਅਸਾਮੀਆਂ ਕਾਰਣ ਸਿੱਖਿਆ ਪ੍ਰਬੰਧ ਨਾਲ ਸਬੰਧਤ ਕੰਮ ਪ੍ਰਭਾਵਿਤ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਪਹਿਲਾਂ ਹੀ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਨੀਤੀਆਂ, ਗ਼ੈਰ-ਵਿੱਦਿਅਕ ਡਿਊਟੀਆਂ ਅਤੇ ਸੇਵਾ ਸ਼ਰਤਾਂ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਦੂਜੇ ਪਾਸੇ, ਸਰਕਾਰ ਵੱਲੋਂ ਅਖੌਤੀ ‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਵਿਭਾਗ ਦੀ ਕਾਰਜਪ੍ਰਣਾਲੀ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਗੰਭੀਰ ਬਣਾ ਰਹੀ ਹੈ।

ਗੁਰਵਿੰਦਰ ਸਸਕੌਰ, ਰੇਸ਼ਮ ਖੇਮੂਆਣਾ, ਮਹਿੰਦਰ ਕੌੜਿਆਂ ਵਾਲੀ ਐਨ ਡੀ ਤਿਵਾੜੀ, ਕ੍ਰਿਸ਼ਨ ਸਿੰਘ ਦੁੱਗਾ, ਗੁਰਜੀਤ ਸਿੰਘ ਮਾਛੀਕੇ, ਕਰਮਜੀਤ ਜਲਾਲ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਿੱਖਿਆ ਵਿਭਾਗ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਅਤੇ ਪ੍ਰਭਾਵਿਤ ਅਧਿਆਪਕਾਂ ਦੇ ਇਤਰਾਜ਼ਾਂ ਦਾ ਨਿਯਮਾਂ ਅਤੇ ਨਿਆਂ ਦੇ ਆਧਾਰ ’ਤੇ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਆਪਕ ਜਥੇਬੰਦੀਆਂ ਆਪਣੇ ਹੱਕਾਂ ਦੀ ਰਾਖੀ ਲਈ ਇਕਜੁੱਟ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ ਵਿਰੁੱਧ ਸਾਂਝੀ ਆਵਾਜ਼ ਬੁਲੰਦ ਕਰਦੀਆਂ ਰਹਿਣਗੀਆਂ।

ਆਗੂਆਂ ਨੇ ਦੋਸ਼ ਲਗਾਉਂਦੀਆਂ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਸਕੂਲਾਂ ਵਿੱਚ ਅਪਣੀ ਸਿਆਸਤ ਨੂੰ ਚਮਕਾਉਣ ਲਈ ਸਕੂਲਾਂ ਨੀਂਹ ਪੱਥਰ ਲਗਾਉਣ ਜਾ ਰਹੀ ਹੈ, ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਫ਼ੈਸਲਾ ਕੀਤਾ ਕਿ ਸਿੱਖਿਆ ਦਾ ਉਜਾੜਾ ਕਰਨ ਵਾਲੀ ਸਰਕਾਰ ਨੂੰ ਇਹਨਾਂ ਨੀਂਹ ਪੱਥਰ ਲਗਾਉਣ ਵਾਲੇ ਐੱਮ ਐਲ ਏ ਨੂੰ ਰੋਸ/ਸਵਾਲ ਪੱਤਰ ਦਿੱਤੇ ਜਾਣਗੇ ਜਾਣਗੇ। ਧਰਨੇ ਦੇ ਦਬਾਅ ਸਦਕਾ ਸਿੱਖਿਆ ਸਕੱਤਰ ਵੱਲੋਂ 30 ਅਕਤੂਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਗਿਆ ਇਸ ਉਪਰੰਤ ਦਫਤਰ ਦੇ ਘਿਰਾਓ ਦੀ ਸਮਾਪਤੀ ਕੀਤੀ।

 

Leave a Comment