Join WhatsApp

Join Now

ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ 5 ਸਤੰਬਰ ਨੂੰ ਏਡਿਡ ਅਧਿਆਪਕ ਮਨਾਉਣਗੇ ਸੂਬਾ ਪੱਧਰੀ ‘ਕਾਲਾ ਦਿਵਸ!’

On: ਸਤੰਬਰ 2, 2026 6:58 ਬਾਃ ਦੁਃ

 

5 ਸਤੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ਕਾਲਾ ਦਿਵਸ ਮਨਾਉਣਗੇ ਏਡਿਡ ਅਧਿਆਪਕ

ਕਾਲੇ ਕੱਪੜੇ ਪਾ ਕੇ ਅਤੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਏਡਿਡ ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਤਨਖ਼ਾਹਾਂ, ਪੀ.ਪੀ.ਓਜ਼ ਅਤੇ ਏਰੀਅਰ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ: ਅਸ਼ਵਨੀ ਕੁਮਾਰ ਮਦਾਨ ਤੇ ਹਰਵਿੰਦਰ ਪਾਲ

ਪਟਿਆਲਾ, 2 ਸਤੰਬਰ : ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਏਡਿਡ ਸਕੂਲ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 5 ਸਤੰਬਰ, ਅਧਿਆਪਕ ਦਿਵਸ ਦੇ ਮੌਕੇ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਆਨੰਦਪੁਰ ਸਾਹਿਬ–ਨੰਗਲ ਰੋਡ) ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਏਡਿਡ ਸਕੂਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਮਦਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਪਾਲ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਅਤੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਦੁੱਖ ਦੀ ਗੱਲ ਹੈ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਵਿਭਾਗ ਅਤੇ ਸਰਕਾਰ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਦੀਆਂ ਰੁਕੀਆਂ ਹੋਈਆਂ ਤਨਖ਼ਾਹਾਂ ਤੁਰੰਤ ਜਾਰੀ ਕਰਨ, ਸੇਵਾ ਮੁਕਤ ਕਰਮਚਾਰੀਆਂ ਦੇ ਪੀ.ਪੀ.ਓ. ਜਾਰੀ ਕਰਨ, ਛੇਵੇਂ ਤਨਖ਼ਾਹ ਕਮਿਸ਼ਨ ਦੇ ਬਕਾਇਆ ਏਰੀਅਰ ਜਾਰੀ ਕਰਨ ਅਤੇ ਹੋਰ ਲੰਬਿਤ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਯੂਨੀਅਨ ਵੱਲੋਂ ਲਗਾਤਾਰ ਸਰਕਾਰ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਜਾ ਰਿਹਾ ਹੈ। ਇਸ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਅਸ਼ਵਨੀ ਕੁਮਾਰ ਮਦਾਨ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਗੰਭੀਰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਘਰਾਂ ਦੇ ਰੋਜ਼ਾਨਾ ਖਰਚੇ, ਬੱਚਿਆਂ ਦੀ ਪੜ੍ਹਾਈ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਨਿਭਾਉਣੀਆਂ ਬਹੁਤ ਮੁਸ਼ਕਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਆਪਣੇ ਹੀ ਹੱਕਾਂ ਲਈ ਸੜਕਾਂ ‘ਤੇ ਉਤਰਨਾ ਪੈਣਾ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

ਹਰਵਿੰਦਰ ਪਾਲ ਨੇ ਦੱਸਿਆ ਕਿ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੇ ਸੱਦੇ ਅਨੁਸਾਰ 5 ਸਤੰਬਰ ਦੇ ਰੋਸ ਧਰਨੇ ਵਿੱਚ ਸੂਬੇ ਭਰ ਤੋਂ ਅਧਿਆਪਕ ਅਤੇ ਕਰਮਚਾਰੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹਾ ਆਪਣੇ ਪੱਧਰ ‘ਤੇ ਰੋਸ ਪ੍ਰਦਰਸ਼ਨ ਦੀ ਪੂਰੀ ਤਿਆਰੀ ਕਰਕੇ ਧਰਨੇ ਵਿੱਚ ਪਹੁੰਚੇਗਾ।

ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਸਾਥੀ ਕਾਲੇ ਕੱਪੜੇ ਪਾ ਕੇ ਅਤੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਨਗੇ। ਇਸ ਤੋਂ ਇਲਾਵਾ “ਤਨਖ਼ਾਹਾਂ ਤੁਰੰਤ ਜਾਰੀ ਕਰੋ”, “ਪੀ.ਪੀ.ਓ. ਜਾਰੀ ਕਰੋ”, “ਏਰੀਅਰ ਤੁਰੰਤ ਜਾਰੀ ਕਰੋ” ਅਤੇ ਹੋਰ ਮੰਗਾਂ ਸਬੰਧੀ ਬੈਨਰ ਅਤੇ ਤਖ਼ਤੀਆਂ ਲੈ ਕੇ ਸਾਥੀ ਧਰਨੇ ਵਿੱਚ ਸ਼ਾਮਲ ਹੋਣਗੇ।

ਦੋਵਾਂ ਜ਼ਿਲ੍ਹਾ ਆਗੂਆਂ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਯੂਨੀਅਨ ਦੇ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ, ਹੱਕਾਂ ਅਤੇ ਭਵਿੱਖ ਦੀ ਰੱਖਿਆ ਲਈ 5 ਸਤੰਬਰ ਨੂੰ ਸਵੇਰੇ 10 ਵਜੇ ਗੰਭੀਰਪੁਰ ਵਿਖੇ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ।

ਉਨ੍ਹਾਂ ਕਿਹਾ ਕਿ ਯੂਨੀਅਨ ਦੀ ਏਕਤਾ ਅਤੇ ਸੰਘਰਸ਼ ਦੀ ਤਾਕਤ ਨਾਲ ਹੀ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕਦਾ ਹੈ। ਇਸ ਲਈ ਸਮੂਹ ਸਾਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਅਤੇ ਇਸ ਇਤਿਹਾਸਕ ਰੋਸ ਪ੍ਰਦਰਸ਼ਨ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ।

 

Leave a Comment