Teachers Protest! ਸਰਕਾਰੀ ਲਾਰਿਆਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਫੁੱਟਿਆ ਗੁੱਸਾ! ਟੀਚਰਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਧੱਕਾ-ਮੁੱਕੀ, ਪ੍ਰਦਰਸ਼ਨਕਾਰੀਆਂ ਨੇ ਤੋੜੇ ਬੈਰੀਕੇਡ!
18 ਮਹੀਨੇ ਬੀਤਣ ‘ਤੇ ਵੀ ਨਹੀਂ ਮਿਲੇ ਨਿਯੁਕਤੀ ਪੱਤਰ; ਕੱਚੇ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ, 20 ਨਵੰਬਰ ਦੀ ਮੀਟਿੰਗ ਦਾ ਮਿਲਿਆ ਭਰੋਸਾ
ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੇ ਹੁਕਮਾਂ ਦੇ ਬਾਵਜੂਦ ਬਹਾਲੀ ਨਾ ਹੋਣ ‘ਤੇ ਭੜਕੇ ਅਧਿਆਪਕ, ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਲਾਏ ਦੋਸ਼
ਚੰਡੀਗੜ੍ਹ, 13 ਨਵੰਬਰ 2026: ਪੰਜਾਬ ਸਰਕਾਰ ਦੇ ਲਾਰਿਆਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਤੋਂ ਅੱਕੇ ਕੱਚੇ ਅਧਿਆਪਕਾਂ ਦਾ ਗੁੱਸਾ ਅੱਜ ਸੜਕਾਂ ‘ਤੇ ਫੁੱਟ ਪਿਆ। ‘ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ’ ਵੱਲੋਂ ਸੂਬਾ ਪ੍ਰਧਾਨ ਵਿਕਾਸ ਸਾਹਨੀ ਦੀ ਅਗਵਾਈ ਹੇਠ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਤੋਂ ਲੈ ਕੇ ਚੰਡੀਗੜ੍ਹ ਸਰਹੱਦ ਤੱਕ ਇੱਕ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਚੰਡੀਗੜ੍ਹ ਪੁਲਿਸ ਵਿਚਾਲੇ ਤਿੱਖੀ ਧੱਕਾ-ਮੁੱਕੀ ਵੀ ਹੋਈ ਅਤੇ ਗੁੱਸੇ ਵਿੱਚ ਆਏ ਅਧਿਆਪਕਾਂ ਨੇ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ।
ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਿਕਾਸ ਸਾਹਨੀ ਅਤੇ ਹੋਰ ਆਗੂਆਂ ਨੇ ਪੰਜਾਬ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਹੁਣ ਵੀ ਉਨ੍ਹਾਂ ਦੀ ਯੂਨੀਅਨ ਨਾਲ ਮਤਰੇਈ ਮਾਂ ਵਾਲਾ ਸਲੂਕ ਜਾਰੀ ਰੱਖੇਗੀ, ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਇਸ ਦਾ ਗੰਭੀਰ ਖਮਿਆਜ਼ਾ ਭੁਗਤਣਾ ਪਵੇਗਾ। ਆਗੂਆਂ ਨੇ ਕਿਹਾ ਕਿ ਅਧਿਆਪਕ ਆਪਣੇ ਹੱਕਾਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਸਿਰਫ਼ ਲਾਰੇ ਹੀ ਲਗਾਏ ਜਾ ਰਹੇ ਹਨ, ਜਿਸ ਕਾਰਨ ਅਧਿਆਪਕ ਵਰਗ ਵਿੱਚ ਭਾਰੀ ਨਿਰਾਸ਼ਾ ਅਤੇ ਰੋਸ ਪਾਇਆ ਜਾ ਰਿਹਾ ਹੈ।
ਯੂਨੀਅਨ ਆਗੂਆਂ ਨੇ ਪਿਛਲੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਦੱਸਿਆ ਕਿ 15 ਜੂਨ 2025 ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਵਿੱਤ ਸਕੱਤਰ, ਪ੍ਰਸੋਨਲ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ‘ਤੇ ਆਧਾਰਿਤ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਰਾਹੀਂ 5 ਸਤੰਬਰ 2025 ਤੱਕ ਸਮੂਹ ਕੱਚੇ ਅਧਿਆਪਕਾਂ ਨੂੰ ਮੁੜ ਬਹਾਲ ਕਰਨ ਦੇ ਸਪੱਸ਼ਟ ਹੁਕਮ ਜਾਰੀ ਕੀਤੇ ਗਏ ਸਨ। ਅਫ਼ਸੋਸ ਦੀ ਗੱਲ ਇਹ ਹੈ ਕਿ ਇਸ ਐਲਾਨ ਨੂੰ 18 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਇਸ ਤੋਂ ਇਲਾਵਾ, ਅਗਸਤ 2026 ਦੌਰਾਨ ਹੋਈ ਸਬ-ਕਮੇਟੀ ਦੀ ਮੀਟਿੰਗ ਵਿੱਚ ਵਿੱਤ ਮੰਤਰੀ ਪੰਜਾਬ ਵੱਲੋਂ ਵੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ 5 ਸਤੰਬਰ 2026 ਤੱਕ ਬਹਾਲੀ ਦੀ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਕੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਦੇ ਬਾਵਜੂਦ ਅਧਿਕਾਰੀਆਂ ਵੱਲੋਂ ਫਾਈਲਾਂ ਨੂੰ ਦਬਾ ਕੇ ਰੱਖਿਆ ਗਿਆ ਅਤੇ ਅਧਿਆਪਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਨਹੀਂ ਦਿੱਤਾ ਗਿਆ।
ਮੌਕੇ ‘ਤੇ ਵਧਦੇ ਤਣਾਅ ਅਤੇ ਅਧਿਆਪਕਾਂ ਦੇ ਤਿੱਖੇ ਰੋਹ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਯੂਨੀਅਨ ਆਗੂਆਂ ਨੂੰ 20 ਨਵੰਬਰ ਨੂੰ ਪ੍ਰਸੋਨਲ ਵਿਭਾਗ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਗਿਆ। ਇਸ ਭਰੋਸੇ ਤੋਂ ਬਾਅਦ ਅਧਿਆਪਕਾਂ ਨੇ ਅੱਜ ਦਾ ਰੋਸ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਸਮਾਪਤ ਕਰ ਦਿੱਤਾ। ਹਾਲਾਂਕਿ, ਯੂਨੀਅਨ ਨੇ ਸਪੱਸ਼ਟ ਐਲਾਨ ਕੀਤਾ ਹੈ ਕਿ ਜੇਕਰ 20 ਨਵੰਬਰ ਨੂੰ ਮੀਟਿੰਗ ਨਾ ਹੋਈ ਜਾਂ ਮਸਲੇ ਦਾ ਕੋਈ ਠੋਸ ਹੱਲ ਨਾ ਨਿਕਲਿਆ, ਤਾਂ ਸੂਬੇ ਭਰ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।
ਅੱਜ ਦੇ ਇਸ ਵਿਸ਼ਾਲ ਰੋਸ ਪ੍ਰਦਰਸ਼ਨ ਵਿੱਚ ਲਖਵਿੰਦਰ ਕੌਰ, ਸੁਖਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਸੁਖਦਰਸ਼ਨ ਸਿੰਘ, ਜਰਨੈਲ ਸਿੰਘ, ਵੀਰਪਾਲ ਕੌਰ, ਬਲਵਿੰਦਰ ਕੌਰ, ਮੋਹਨਜੀਤ ਕੌਰ ਅਤੇ ਮਨਿੰਦਰ ਕੁਮਾਰ ਤੋਂ ਇਲਾਵਾ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
















