ਵਾਤਾਵਰਨ ਦੀ ਸੁਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ! ਰੁੱਖਾਂ ਦੀ ਕਟਾਈ, ਵੱਧ ਰਿਹਾ ਪ੍ਰਦੂਸ਼ਣ ਅਤੇ ਕੁਦਰਤੀ ਸਰੋਤਾਂ ਦੀ ਬੇਲੋੜੀ ਵਰਤੋਂ ਕਾਰਨ ਧਰਤੀ ਦਾ ਸੰਤੁਲਨ ਹੋ ਰਿਹੈ ਪ੍ਰਭਾਵਿਤ
ਜਸਵੀਰ ਸੋਨੀ
ਬੁਢਲਾਡਾ, 8 ਜੂਨ 2026:
ਵਿਸ਼ਵ ਵਾਤਾਵਰਨ ਦਿਵਸ ਮੌਕੇ ਜੀਆਈਐਮਟੀ ਕਾਲਜ, ਬੁਢਲਾਡਾ ਵਿਖੇ ਵਾਤਾਵਰਨ ਸੁਰੱਖਿਆ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਚੇਅਰਮੈਨ ਡਾ. ਨਵੀਨ ਸਿੰਗਲਾ ਨੇ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਰੁੱਖਾਂ ਦੀ ਕਟਾਈ, ਵੱਧ ਰਿਹਾ ਪ੍ਰਦੂਸ਼ਣ ਅਤੇ ਕੁਦਰਤੀ ਸਰੋਤਾਂ ਦੀ ਬੇਲੋੜੀ ਵਰਤੋਂ ਕਾਰਨ ਧਰਤੀ ਦਾ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਰੇਖਾ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਲਈ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਸਾਫ਼-ਸੁਥਰੀਆਂ ਅਤੇ ਵਾਤਾਵਰਨ ਪੱਖੀ ਆਦਤਾਂ ਅਪਣਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਘਟਾਉਣ, ਪਾਣੀ ਦੀ ਬਚਤ ਕਰਨ ਅਤੇ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦੀ ਅਪੀਲ ਕੀਤੀ।
ਪ੍ਰੋਜੈਕਟ ਇੰਚਾਰਜ ਲੈਕਚਰਾਰ ਲੋਕੇਸ਼ ਕੁਮਾਰ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ‘ਤੇ ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਕਾਲਜ ਕੈਂਪਸ ਵਿੱਚ ਵੱਖ-ਵੱਖ ਕਿਸਮ ਦੇ ਛਾਂਦਾਰ ਅਤੇ ਫਲਦਾਰ ਪੌਦੇ ਲਗਾਏ ਗਏ।
ਉਨ੍ਹਾਂ ਕਿਹਾ ਕਿ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਕਰਨਾ ਵੀ ਬਹੁਤ ਜ਼ਰੂਰੀ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਨ ਮਿਲ ਸਕੇ। ਸਮਾਗਮ ਦੌਰਾਨ ਕਾਲਜ ਦੇ ਅਧਿਆਪਕਾਂ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੰਕਲਪ ਲਿਆ।


















