Join WhatsApp

Join Now

ਦਿਲਾਂ ਨੂੰ ਜੋੜਨ ਵਾਲਾ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ! ਦੋਵਾਂ ਪੰਜਾਬਾਂ ਦੀ ਸਾਂਝ ਦਾ ਆਧਾਰ ਸਾਡੀ ਮਾਂ ਬੋਲੀ ਪੰਜਾਬੀ: ਜਥੇਦਾਰ ਗੜਗੱਜ

On: November 22, 2026 3:18 PM

 

ਦਿਲਾਂ ਨੂੰ ਜੋੜਨ ਵਾਲਾ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ! ਦੋਵਾਂ ਪੰਜਾਬਾਂ ਦੀ ਸਾਂਝ ਦਾ ਆਧਾਰ ਸਾਡੀ ਮਾਂ ਬੋਲੀ ਪੰਜਾਬੀ: ਜਥੇਦਾਰ ਗੜਗੱਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਦੀ ਅਪੀਲ, ਗੁਰਧਾਮਾਂ ਦੇ ਦਰਸ਼ਨਾਂ ਲਈ ‘ਆਨ-ਅਰਾਈਵਲ ਵੀਜ਼ਾ’ ਦੀ ਕੀਤੀ ਮੰਗ

ਸਿੱਖ ਸੰਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਗੁਰਧਾਮਾਂ ਦੇ ਦਰਸ਼ਨ ਸੌਖੇ ਬਣਾਏ ਜਾਣ, ਪਾਕਿਸਤਾਨ ਜਾਣ ਵਾਲੇ ਜਥਿਆਂ ਦੀ ਗਿਣਤੀ ਵਧਾਉਣ ਦੀ ਉੱਠੀ ਮੰਗ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਹਾੜੇ ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਥੇ ਭੇਜਣ ਲਈ ਸ਼੍ਰੋਮਣੀ ਕਮੇਟੀ ਨੇ ਪਾਸ ਕੀਤਾ ਮਤਾ: ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ, 22 ਨਵੰਬਰ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਤੋਂ ਜਲਦ ਮੁੜ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ ਹੈ। ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਸੱਚੇ ਪਾਤਸ਼ਾਹ ਕਿਰਪਾ ਕਰਨ ਤਾਂ ਜੋ ਦਿਲਾਂ ਨੂੰ ਆਪਸ ਵਿੱਚ ਜੋੜਨ ਵਾਲਾ ਇਹ ਪਵਿੱਤਰ ਲਾਂਘਾ ਮੁੜ ਖੁੱਲ੍ਹ ਸਕੇ ਅਤੇ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰ ਸਕਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਵਾਂ ਪੰਜਾਬਾਂ ਦੀ ਆਪਸੀ ਸਾਂਝ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਵੇਂ ਸਰਹੱਦ ਦੇ ਇਸ ਪਾਸੇ ਚੜ੍ਹਦਾ ਪੰਜਾਬ ਹੈ ਜਾਂ ਉਸ ਪਾਸੇ ਲਹਿੰਦਾ ਪੰਜਾਬ, ਦੋਵਾਂ ਦੀ ਬੋਲੀ ਇੱਕ ਹੀ ਹੈ। ਸਾਡੀ ਮਾਖਿਓਂ ਮਿੱਠੀ ਮਾਂ ਬੋਲੀ ਪੰਜਾਬੀ ਹੀ ਸਾਡੀਆਂ ਆਪਸੀ ਸਾਂਝਾਂ, ਪਿਆਰ ਅਤੇ ਮੁਹੱਬਤ ਦਾ ਮੁੱਖ ਆਧਾਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਮਿਹਰ ਭਰੀ ਨਜ਼ਰ ਕਰਨਗੇ ਅਤੇ ਇਹ ਲਾਂਘਾ ਛੇਤੀ ਖੁੱਲ੍ਹੇਗਾ, ਜਿਸ ਨਾਲ ਦੋਵਾਂ ਮੁਲਕਾਂ ਦੇ ਲੋਕਾਂ ਵਿੱਚ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।

ਇਸ ਮੌਕੇ ਉਨ੍ਹਾਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੁੱਕੇ ਗਏ ਅਹਿਮ ਕਦਮਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਜਥੇਦਾਰ ਸਾਹਿਬ ਨੇ ਦੱਸਿਆ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਇੱਕ ਮਤਾ ਪਾਸ ਕੀਤਾ ਗਿਆ ਹੈ, ਜਿਸ ਤਹਿਤ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਣ ਵਾਲੇ ਜਥਿਆਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਮੰਗ ਰੱਖੀ ਗਈ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਪ੍ਰੋਟੋਕਾਲ ਤਹਿਤ ਜਾਣ ਵਾਲੇ ਜਥਿਆਂ ਵਿੱਚ ਦੋ ਹੋਰ ਜਥੇ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ। ਇਸ ਵਿੱਚ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਥਾ ਭੇਜਣ ਦੀ ਇਜਾਜ਼ਤ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਚੂਨਾ ਮੰਡੀ, ਲਾਹੌਰ ਵਿਖੇ ਨਤਮਸਤਕ ਹੋਣ ਲਈ ਵੀ ਸਿੱਖ ਸੰਗਤਾਂ ਦੇ ਜਥੇ ਨੂੰ ਭੇਜਣ ਦੀ ਪ੍ਰਵਾਨਗੀ ਦਿੱਤੀ ਜਾਣੀ ਚਾਹੀਦੀ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਨੂੰ ਆਪਸੀ ਮੁਹੱਬਤ ਅਤੇ ਅਮਨ ਦਾ ਪੈਗਾਮ ਦਿੰਦਿਆਂ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸੌਖੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮੰਗ ਕੀਤੀ ਕਿ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨਾਂ ਵਾਸਤੇ ‘ਆਨ-ਅਰਾਈਵਲ ਵੀਜ਼ਾ’ (ਮੌਕੇ ‘ਤੇ ਵੀਜ਼ਾ) ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਵੀਜ਼ਾ ਪ੍ਰਕਿਰਿਆ ਨੂੰ ਸਰਲ ਬਣਾਉਣ ਨਾਲ ਆਮ ਸੰਗਤ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕੇਗੀ, ਜੋ ਕਿ ਸਮੁੱਚੀ ਸਿੱਖ ਸੰਗਤ ਦੀ ਚਿਰੋਕਣੀ ਮੰਗ ਹੈ।

 

Leave a Comment