‘ਪੰਜਾਬ ’ਚ ਕਾਨੂੰਨ-ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ’! ਰਾਜਕੁਮਾਰ ਵੇਰਕਾ ਦਾ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ
ਚੰਡੀਗੜ੍ਹ, 8 ਸਤੰਬਰ 2026: ਸੀਨੀਅਰ ਕਾਂਗਰਸੀ ਆਗੂ ਰਾਜਕੁਮਾਰ ਵੇਰਕਾ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਸੂਬੇ ਵਿੱਚ ਗੈਂਗਸਟਰਵਾਦ, ਨਸ਼ਿਆਂ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਇਸ ਸਮੇਂ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਖ਼ਰਾਬ ਹੈ ਅਤੇ ਸਵਾਲ ਪੁੱਛਣ ਵਾਲਿਆਂ ਨੂੰ ਕਥਿਤ ਤੌਰ ’ਤੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ।
ਵੇਰਕਾ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਵੱਲੋਂ ਫਿਰੌਤੀਆਂ ਮੰਗਣ, ਲੋਕਾਂ ਨੂੰ ਡਰਾਉਣ ਅਤੇ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ, ਕਿਸਾਨ, ਮੁਲਾਜ਼ਮ ਅਤੇ ਵਪਾਰੀ ਆਪਣੀਆਂ ਹੱਕੀ ਮੰਗਾਂ ਲਈ ਸੜਕਾਂ ’ਤੇ ਹਨ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਧਰਨਾਕਾਰੀਆਂ ’ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕਰ ਰਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਕੋਈ ਵਿਅਕਤੀ ਪੰਜਾਬ ਵਿੱਚ ਨਸ਼ਿਆਂ ਜਾਂ ਹੋਰ ਸਮੱਸਿਆਵਾਂ ਸਬੰਧੀ ਸਰਕਾਰ ਤੋਂ ਸਵਾਲ ਪੁੱਛਦਾ ਹੈ ਤਾਂ ਉਸ ਨੂੰ ਕਥਿਤ ਤੌਰ ’ਤੇ ਦਬਾਅ ਅਤੇ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ। ਵੇਰਕਾ ਨੇ ਕਿਹਾ ਕਿ ਅਜਿਹੇ ਹਾਲਾਤ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਸਾਬਕਾ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਸਵਾਲ ’ਤੇ ਵੇਰਕਾ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਿਸ ਪਾਰਟੀ ਨੇ ਪੰਜਾਬ ਵਿੱਚੋਂ ਗੈਂਗਸਟਰਵਾਦ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਉਹੀ ਹੁਣ ਕਥਿਤ ਤੌਰ ’ਤੇ ਗੈਂਗਸਟਰਾਂ ਨੂੰ ਆਪਣੀ ਸਿਆਸੀ ਛਤਰੀ ਹੇਠ ਲਿਆ ਰਹੀ ਹੈ। ਉਨ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਜੇਲ੍ਹ ਪ੍ਰਬੰਧਾਂ ’ਤੇ ਵੀ ਸਵਾਲ ਚੁੱਕੇ।
ਵੇਰਕਾ ਨੇ ਤਨਜ਼ ਕਰਦਿਆਂ ਕਿਹਾ ਕਿ ਜੇਕਰ ਗੈਂਗਸਟਰਾਂ ਨੂੰ ਹੀ ਸਿਆਸੀ ਮੁੱਖਧਾਰਾ ਵਿੱਚ ਲਿਆਉਣਾ ਹੈ ਤਾਂ ਫਿਰ ਨਸ਼ਾ ਵੇਚਣ ਅਤੇ ਹੋਰ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਵੀ ਟਿਕਟਾਂ ਦੇਣੀਆਂ ਬਾਕੀ ਰਹਿ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਦਾ ਹਿਸਾਬ ਜ਼ਰੂਰ ਮੰਗਣਗੇ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਚੰਡੀਗੜ੍ਹ ਵਿੱਚ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਅਪੀਲ ਕੀਤੀ ਕਿ ਕਾਂਗਰਸ ਆਗੂਆਂ ਨੂੰ ਰਾਜਪਾਲ ਤੱਕ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਕੈਪਟਨ ਅਮਰਿੰਦਰ ਸਿੰਘ ਦੇ ਮੁੜ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਸਵਾਲ ’ਤੇ ਵੇਰਕਾ ਨੇ ਕਿਹਾ ਕਿ ਫਿਲਹਾਲ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਦਿੱਤਾ ਗਿਆ। ਹਾਲਾਂਕਿ, ਜੇਕਰ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਵਿੱਚ ਆਉਣਾ ਚਾਹੁੰਦੇ ਹਨ ਤਾਂ ਪਾਰਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
















