ਕੜਾਕੇ ਦੀ ਗਰਮੀ ‘ਚ ਪਰਿਵਾਰਾਂ ਸਮੇਤ ਥਰਮਲ ਦੇ ਠੇਕਾ ਮੁਲਾਜ਼ਮਾਂ ਧਰਨੇ ‘ਤੇ ਡਟੇ! ਕਿਹਾ- ਨੋਟੀਫਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਰਹੇਗਾ ਲਗਾਤਾਰ ਜਾਰੀ
ਲਹਿਰਾ ਮੁਹੱਬਤ, 21 ਜੂਨ 2026 – ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 09 ਜੂਨ ਤੋਂ ਪਰਿਵਾਰਾਂ ਸਮੇਤ ਸੁਰੂ ਕੀਤਾ ਧਰਨਾ ਲਗਾਤਾਰ 13ਵੇਂ ਦਿਨ ਵੀ ਜਾਰੀ ਰਿਹਾ।
ਇਸ ਸਮੇਂ ਹਾਜ਼ਿਰ ਆਗੂਆਂ ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ, ਲਛਮਣ ਸਿੰਘ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਪਾਵਰ ਕਾਰਪੋਰੇਸ਼ਨ ਦੇ ਹਜ਼ਾਰਾਂ ਠੇਕਾ ਮੁਲਾਜ਼ਮ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਵੱਖ-ਵੱਖ ਪੋਸਟਾਂ ਤੇ ਤਨਦੇਹੀ ਨਾਲ਼ ਸੇਵਾਵਾਂ ਦਿੰਦੇ ਆ ਰਹੇ ਹਨ ਅਤੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ।
ਪਰ ਪੰਜਾਬ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਠੇਕਾ ਮੁਲਾਜ਼ਮਾਂ ਦੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ 24 ਮਈ ਨੂੰ ਬਿਜਲੀ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਵਿੱਚ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ਵੱਲੋਂ ਖੰਨਾ ਵਿਖੇ ਤਾਲਮੇਲ ਕਮੇਟੀ ਦੇ ਆਗੂਆਂ ਨਾਲ਼ ਕੀਤੀ ਪੈਨਲ ਮੀਟਿੰਗ ਵਿੱਚ ਚੋਣ ਜਾਬਤੇ ਉਪਰੰਤ ਵਿਭਾਗ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਅਤੇ ਤਨਖ਼ਾਹ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਸੀ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਵਿੱਚ ਤਹਿ ਹੋਈਆਂ ਸਹਿਮਤੀਆਂ ਦਾ ਲਿਖਤੀ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਪਰ ਹੁਣ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਮੀਟਿੰਗ ਵਿੱਚ ਤਹਿ ਹੋਈਆਂ ਸਹਿਮਤੀਆਂ ਤੋਂ ਭੱਜ ਰਹੀ ਹੈ। ਜਿਸਦੇ ਵਿਰੋਧ ਵਜੋਂ ਥਰਮਲ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ਪਲਾਂਟ ਦੇ ਮੁੱਖ ਗੇਟ ਤੇ ਧਰਨਾ ਲਗਾਤਾਰ ਤੇਰਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਕਿ ਜਦ ਤੱਕ ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ਼ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਤਦ ਤੱਕ ਧਰਨਾ ਲਗਾਤਾਰ ਜਾਰੀ ਰਹੇਗਾ।

















