Tomorrow Holiday: ਸਕੂਲਾਂ-ਕਾਲਜਾਂ ‘ਚ 23 ਨਵੰਬਰ ਦੀ ਛੁੱਟੀ ਦਾ ਐਲਾਨ; ADC ਵੱਲੋਂ ਹੁਕਮ ਜਾਰੀ
ਕਪੂਰਥਲਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ: ਨਗਰ ਕੀਰਤਨ ਦੇ ਚੱਲਦਿਆਂ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਵਿੱਦਿਅਕ ਅਦਾਰਿਆਂ ਵਿੱਚ ਭਲਕੇ ਛੁੱਟੀ , ਪ੍ਰੀਖਿਆਵਾਂ ਰਹਿਣਗੀਆਂ ਜਾਰੀ
ਕਪੂਰਥਲਾ, 22 ਨਵੰਬਰ 2026: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ਅਤੇ ਇਸ ਸਬੰਧੀ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਕਪੂਰਥਲਾ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨਿਕ ਹੁਕਮਾਂ ਅਨੁਸਾਰ, 23 ਨਵੰਬਰ 2026 ਨੂੰ (Tomorrow Holiday) ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਅਧੀਨ ਆਉਂਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ-ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ (ਕਪੂਰਥਲਾ) ਸ਼ਿਖਾ ਭਗਤ (ਪੀ.ਸੀ.ਐੱਸ.) ਨੇ ਦੱਸਿਆ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਵਿਖੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਦੇ ਸਬੰਧ ਵਿੱਚ 23 ਨਵੰਬਰ 2026 ਨੂੰ ਸ਼ਹਿਰ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਣਾ ਹੈ।
ਨਗਰ ਕੀਰਤਨ ਦੌਰਾਨ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਪੁੱਜਣ ਦੀ ਸੰਭਾਵਨਾ ਹੈ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਇਕੱਠ ਅਤੇ ਆਵਾਜਾਈ ਵਧਣ ਦੇ ਆਸਾਰ ਹਨ। ਸੰਗਤਾਂ ਦੀ ਭਾਰੀ ਆਮਦ, ਆਵਾਜਾਈ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਅਤੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤੇ ਗਏ ਹਨ, ਤਾਂ ਜੋ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਜਾਂ ਵਿੱਦਿਅਕ ਸੰਸਥਾਵਾਂ ਵਿੱਚ 23 ਨਵੰਬਰ ਨੂੰ ਕਿਸੇ ਵੀ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਪਹਿਲਾਂ ਤੋਂ ਨਿਰਧਾਰਿਤ ਹਨ, ਉਨ੍ਹਾਂ ਸੰਸਥਾਵਾਂ ‘ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਅਜਿਹੀਆਂ ਸੰਸਥਾਵਾਂ ਵਿੱਚ ਪ੍ਰੀਖਿਆਵਾਂ ਆਪਣੇ ਤੈਅ ਸਮੇਂ ਅਨੁਸਾਰ ਹੀ ਲਈਆਂ ਜਾਣਗੀਆਂ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਭਵਿੱਖ ਦਾ ਕੋਈ ਨੁਕਸਾਨ ਨਾ ਹੋਵੇ।
ਇਸ ਤੋਂ ਇਲਾਵਾ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਐਲੀਮੈਂਟਰੀ) ਕਪੂਰਥਲਾ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਸਬ-ਡਵੀਜ਼ਨ ਸੁਲਤਾਨਪੁਰ ਲੋਧੀ ਦੇ ਸਮੂਹ ਸਕੂਲਾਂ ਵਿੱਚ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ। ਪ੍ਰਸ਼ਾਸਨ ਨੇ ਇਲਾਕਾ ਨਿਵਾਸੀਆਂ ਅਤੇ ਵਿੱਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਗਰ ਕੀਰਤਨ ਦੀ ਸਫਲਤਾ ਅਤੇ ਸ਼ਾਂਤੀਪੂਰਵਕ ਪ੍ਰਬੰਧਾਂ ਲਈ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ।
















