ਪੰਜਾਬ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ; ਪਤੀ ਪਤਨੀ ਦੀ ਮੌਤ! ਤਿੰਨ ਬੱਚਿਆਂ ਦੇ ਸਿਰੋਂ ਉੱਠਿਆ ਮਾਪਿਆਂ ਦਾ ਸਾਇਆ
ਲੁਧਿਆਣਾ ’ਚ ਦਰਦਨਾਕ ਸੜਕ ਹਾਦਸਾ: ਫਾਰਚੂਨਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉੱਠਿਆ ਮਾਪਿਆਂ ਦਾ ਸਾਇਆ
ਪੰਜਾਬ ਨੈੱਟਵਰਕ
ਹੰਬੜਾਂ (ਲੁਧਿਆਣਾ), 27 ਨਵੰਬਰ 2026- ਲੁਧਿਆਣਾ-ਸਿੱਧਵਾਂ ਬੇਟ ਮੁੱਖ ਸੜਕ ’ਤੇ ਕਸਬਾ ਹੰਬੜਾਂ ਨੇੜੇ ਪੈਂਦੇ ਪਿੰਡ ਰਾਣਕੇ ਦੇ ਚੌਕ ਵਿੱਚ ਸ਼ੁੱਕਰਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਫਾਰਚੂਨਰ ਗੱਡੀ ਅਤੇ ਮੋਟਰਸਾਈਕਲ ਵਿਚਾਲੇ ਹੋਈ ਜ਼ਬਰਦਸਤ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਗੱਡੀ ਚਾਲਕ ਨੌਜਵਾਨ ਦਾ ਬਚਾਅ ਹੋ ਗਿਆ। ਇਸ ਘਟਨਾ ਨਾਲ ਮ੍ਰਿਤਕਾਂ ਦੇ ਪਿੰਡ ਮਾਣੀਏਵਾਲ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਜੱਸਾ ਅਤੇ ਉਸ ਦੀ ਪਤਨੀ ਸੁਖਵਿੰਦਰ ਕੌਰ (38) ਵਜੋਂ ਹੋਈ ਹੈ। ਦੋਵੇਂ ਪਿੰਡ ਮਾਣੀਏਵਾਲ ਦੇ ਰਹਿਣ ਵਾਲੇ ਸਨ। ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਕੋਟਲੀ ਜਾ ਰਿਹਾ ਸੀ। ਜਦੋਂ ਉਹ ਪਿੰਡ ਰਾਣਕੇ ਦੇ ਚੌਕ ਵਿੱਚ ਪਹੁੰਚੇ ਤਾਂ ਉਨ੍ਹਾਂ ਦੇ ਮੋਟਰਸਾਈਕਲ ਦੀ ਫਾਰਚੂਨਰ ਗੱਡੀ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੋਵਾਂ ਜੀਆਂ ਨੇ ਘਟਨਾ ਸਥਾਨ ’ਤੇ ਹੀ ਦਮ ਤੋੜ ਦਿੱਤਾ।
ਹਾਦਸੇ ਦੌਰਾਨ ਫਾਰਚੂਨਰ ਗੱਡੀ ਦੇ ਸੁਰੱਖਿਆ ਹਵਾ-ਥੈਲੇ ਖੁੱਲ੍ਹ ਜਾਣ ਕਾਰਨ ਉਸ ਦਾ ਚਾਲਕ ਨੌਜਵਾਨ ਵਾਲ-ਵਾਲ ਬਚ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁੱਲਾਂਪੁਰ ਦਾਖਾ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਦੋਵੇਂ ਨੁਕਸਾਨੇ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ।
ਇਸ ਦਰਦਨਾਕ ਹਾਦਸੇ ਨੇ ਇੱਕ ਪਰਿਵਾਰ ਨੂੰ ਉਜਾੜ ਕੇ ਰੱਖ ਦਿੱਤਾ ਹੈ। ਪਿੰਡ ਮਾਣੀਏਵਾਲ ਦੇ ਨੰਬਰਦਾਰ ਗੁਰਚਰਨ ਸਿੰਘ ਚੰਨਾ ਨੇ ਦੁੱਖ ਪ੍ਰਗਟ ਕਰਦਿਆਂ ਦੱਸਿਆ ਕਿ ਜਸਵਿੰਦਰ ਸਿੰਘ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਪਰਿਵਾਰ ਦੇ ਗੁਜ਼ਾਰੇ ਦੀ ਜ਼ਿੰਮੇਵਾਰੀ ਉਸ ਦੇ ਮੋਢਿਆਂ ’ਤੇ ਸੀ। ਪਤੀ-ਪਤਨੀ ਆਪਣੇ ਪਿੱਛੇ ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ। ਮਾਪਿਆਂ ਦੀ ਅਚਾਨਕ ਮੌਤ ਕਾਰਨ ਤਿੰਨਾਂ ਬੱਚਿਆਂ ਦੇ ਸਿਰ ਤੋਂ ਮਾਪਿਆਂ ਦਾ ਸਾਇਆ ਉੱਠ ਗਿਆ ਹੈ।
ਪੁਲਿਸ ਨੇ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਦਿਆਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
















