Join WhatsApp

Join Now

ਅਸੀਂ ਭਾਜਪਾ ਨਾਲ ਗੱਠਜੋੜ ਕਰਨ ਲਈ ਤਿਆਰ! ਚੰਦੂਮਾਜਰਾ ਦਾ ਵੱਡਾ ਬਿਆਨ

On: ਸਤੰਬਰ 3, 2026 2:20 ਬਾਃ ਦੁਃ

 

ਅਸੀਂ ਭਾਜਪਾ ਨਾਲ ਗੱਠਜੋੜ ਕਰਨ ਲਈ ਤਿਆਰ! ਚੰਦੂਮਾਜਰਾ ਦਾ ਵੱਡਾ ਬਿਆਨ

ਪੰਜਾਬ ਅਤੇ ਪੰਥਕ ਦੇ ਮੁੱਦਿਆਂ ਲਈ ਐਨਡੀਏ ਦਾ ਹਿੱਸਾ ਬਣਨ ਲਈ ਤਿਆਰ ਹਾਂ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਚੰਡੀਗੜ੍ਹ, 3 ਸਤੰਬਰ 2026: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਥਕ ਅਤੇ ਪੰਜਾਬ ਨਾਲ ਸਬੰਧਤ ਅਹਿਮ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਐਨਡੀਏ ਦਾ ਹਿੱਸਾ ਬਣਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਰਾਜ ਬਣਾਉਣ ਸਮੇਤ ਕਈ ਅਹਿਮ ਮਸਲੇ ਹਨ, ਜਿਨ੍ਹਾਂ ਲਈ ਕੇਂਦਰ ਸਰਕਾਰ ਦੇ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਆਵਾਜ਼ ਉਠਾਉਣ ਦੀ ਲੋੜ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਦੀ ਪਾਰਟੀ ਪੰਥਕ ਅਤੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸਲਿਆਂ ਸਬੰਧੀ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਤੋਂ ਲੈ ਕੇ ਪੰਜਾਬ ਦੇ ਰਾਜਪਾਲ ਤੱਕ ਨਾਲ ਮੁਲਾਕਾਤਾਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਵੀ ਵਿਸ਼ੇਸ਼ ਤੌਰ ’ਤੇ ਚਿੱਠੀ ਲਿਖ ਕੇ ਇਨ੍ਹਾਂ ਮੁੱਦਿਆਂ ਵੱਲ ਧਿਆਨ ਦਿਵਾਇਆ ਹੈ।

ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਬਾਰੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਮਸਲਾ ਸਿਰਫ਼ ਕਾਨੂੰਨੀ ਜਾਂ ਸਰਕਾਰੀ ਮਾਨਤਾਵਾਂ ਤੱਕ ਸੀਮਤ ਨਹੀਂ ਹੈ, ਸਗੋਂ ਇਹ ਮਨੁੱਖੀ ਅਧਿਕਾਰਾਂ ਅਤੇ ਇਨਸਾਨੀਅਤ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਆਉਂਦੀ ਹੈ ਤਾਂ ਕਈ ਵਾਰ ਕਾਨੂੰਨੀ ਅਤੇ ਹੋਰ ਅੜਿੱਕੇ ਵੀ ਦੂਰ ਕੀਤੇ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਹਵਾਰਾ ਦੇ ਮਾਮਲੇ ਵਿੱਚ ਕਾਨੂੰਨ, ਮਾਨਤਾਵਾਂ ਅਤੇ ਇਨਸਾਨੀਅਤ, ਤਿੰਨੇ ਹੀ ਇਹ ਮੰਗ ਕਰਦੇ ਹਨ ਕਿ ਉਨ੍ਹਾਂ ਨੂੰ ਆਪਣੀ ਮਾਂ ਨੂੰ ਮਿਲਣ ਲਈ ਪੈਰੋਲ ਦਿੱਤੀ ਜਾਵੇ। ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਗਈ ਸੀ, ਜਿਸ ਦਾ ਜਵਾਬ ਵੀ ਪ੍ਰਾਪਤ ਹੋਇਆ ਹੈ। ਉਨ੍ਹਾਂ ਮੁਤਾਬਕ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਇਹ ਮਾਮਲਾ ਗ੍ਰਹਿ ਮੰਤਰਾਲੇ ਨੂੰ ਭੇਜੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਇਸ ਸਬੰਧੀ ਅਗਲੀ ਕਾਰਵਾਈ ਹੋਵੇਗੀ।

ਐਨਡੀਏ ਵਿੱਚ ਸ਼ਾਮਲ ਹੋਣ ਦੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਥਕ ਮਸਲਿਆਂ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਸਾਹਮਣੇ ਮਜ਼ਬੂਤੀ ਨਾਲ ਰੱਖਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਬਚਾਇਆ ਨਹੀਂ ਜਾ ਸਕਦਾ ਜੇਕਰ ਉਸ ਨੂੰ ਵਿਸ਼ੇਸ਼ ਸ਼੍ਰੇਣੀ ਦੇ ਰਾਜ ਦਾ ਦਰਜਾ ਦੇਣ ਸਮੇਤ ਉਸ ਦੀਆਂ ਵਿਸ਼ੇਸ਼ ਲੋੜਾਂ ’ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਜਾਵੇ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵੀ ਐਨਡੀਏ ਵਿੱਚ ਵਾਪਸੀ ਦੀਆਂ ਚਰਚਾਵਾਂ ਸਬੰਧੀ ਪੁੱਛੇ ਜਾਣ ’ਤੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਬਾਦਲ ਵਿਚਕਾਰ ਕੀ ਗੱਲਬਾਤ ਚੱਲ ਰਹੀ ਹੈ ਜਾਂ ਨਹੀਂ, ਇਸ ਬਾਰੇ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਆਪਣੇ ਹਿਸਾਬ ਨਾਲ ਫੈਸਲੇ ਕਰਦੀਆਂ ਹਨ, ਜਦਕਿ ਉਨ੍ਹਾਂ ਦੀ ਪਾਰਟੀ ਆਪਣੇ ਮੁੱਦਿਆਂ ਅਤੇ ਨੀਤੀਆਂ ਦੇ ਆਧਾਰ ’ਤੇ ਫੈਸਲਾ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਦੋਵੇਂ ਧਿਰਾਂ ਕਿਸੇ ਪੱਧਰ ’ਤੇ ਇਕੱਠੀਆਂ ਹੁੰਦੀਆਂ ਹਨ ਤਾਂ ਵੀ ਉਹ ਪੰਥਕ ਅਤੇ ਪੰਜਾਬ ਦੇ ਮੁੱਦਿਆਂ ’ਤੇ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਰੱਖਦੇ ਰਹਿਣਗੇ।

ਪੁਰਾਣੀ ਪਾਰਟੀ ਵਿੱਚ ‘ਘਰ ਵਾਪਸੀ’ ਅਤੇ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੀ ਮੰਗ ਸਬੰਧੀ ਚਰਚਾ ਨੂੰ ਉਨ੍ਹਾਂ ਰੱਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਖੁਦ ਵਿਧਾਨ ਸਭਾ ਚੋਣ ਨਹੀਂ ਲੜਨਗੇ। ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਬਾਰੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਸਥਾਨ ’ਤੇ ਅਜਿਹੀ ਘਟਨਾ ਕਿਸੇ ਨੂੰ ਵੀ ਮਨਜ਼ੂਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਹਿੰਸਾ ਦੀ ਸਾਰਿਆਂ ਵੱਲੋਂ ਨਿੰਦਾ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਵੀ ਇਸ ਘਟਨਾ ’ਤੇ ਅਫ਼ਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਇਸ ਮਾਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਟੈਲੀਫੋਨ ’ਤੇ ਗੱਲਬਾਤ ਹੋਈ ਸੀ।

 

Leave a Comment