Weather Alert – ਸਾਵਧਾਨ! ਪੰਜਾਬ ‘ਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਦੀ ਚੇਤਾਵਨੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਪੰਜਾਬ ਸਮੇਤ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ; ਤਾਪਮਾਨ ‘ਚ ਆਵੇਗੀ ਗਿਰਾਵਟ

ਨਵੀਂ ਦਿੱਲੀ/ਚੰਡੀਗੜ੍ਹ, 29 ਜੂਨ 2026
ਐਤਵਾਰ ਸਵੇਰੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਇਸੇ ਦੌਰਾਨ, ਭਾਰਤ ਮੌਸਮ ਵਿਭਾਗ (IMD) ਨੇ ਪੰਜਾਬ ਸਮੇਤ ਦੇਸ਼ ਦੇ 17 ਰਾਜਾਂ ਲਈ ਖ਼ਰਾਬ ਮੌਸਮ ਦੀ ਗੰਭੀਰ ਚੇਤਾਵਨੀ ਜਾਰੀ ਕੀਤੀ ਹੈ। ਅਗਲੇ ਕੁਝ ਘੰਟਿਆਂ ਵਿੱਚ ਕਈ ਰਾਜਾਂ ਵਿੱਚ ਤੇਜ਼ ਮੀਂਹ, ਗਰਜ-ਚਮਕ ਅਤੇ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਤੱਕ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਅਸਥਿਰ ਰਹੇਗਾ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਤੋਂ ਅਗਲੇ 6 ਦਿਨਾਂ ਤਕ ਕੁਝ ਇਲਾਕਿਆਂ ਵਿੱਚ ਚਮਕਦਾਰ ਧੁੱਪ ਅਤੇ ਉੱਚ ਨਮੀ (Umidity) ਰਹੇਗੀ, ਜਦੋਂ ਕਿ ਕੁਝ ਹਿੱਸਿਆਂ ਵਿੱਚ ਮੀਂਹ ਤੇ ਗਰਜ-ਤੂਫਾਨ ਆ ਸਕਦਾ ਹੈ। ਪੱਛਮੀ ਗੜਬੜੀ (Western Disturbance) ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ।
ਮੌਸਮ ਦੀ ਗਤੀਵਿਧੀ ਤੇਜ਼ ਹੋਵੇਗੀ। 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 29 ਜੂਨ ਤੋਂ 2 ਜੁਲਾਈ ਤੱਕ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਬਠਿੰਡਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ, ਗਰਜ-ਤੂਫਾਨ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਅਨੁਸਾਰ, ਫਿਲਹਾਲ ਤਾਪਮਾਨ ਸਥਿਰ ਰਹੇਗਾ, ਪਰ ਚੰਗੀ ਬਾਰਿਸ਼ ਤੋਂ ਬਾਅਦ ਵੱਧ ਤੋਂ ਵੱਧ ਤਾਪਮਾਨ ਵਿੱਚ 4 ਤੋਂ 6 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆਵੇਗੀ, ਜਿਸ ਨਾਲ ਗਰਮੀ ਦਾ ਜ਼ੋਰ ਟੁੱਟ ਜਾਵੇਗਾ।
ਮੌਨਸੂਨ ਇਸ ਵਾਰ ਆਪਣੇ ਨਿਰਧਾਰਿਤ ਸਮੇਂ ਤੋਂ ਪਿੱਛੇ ਚੱਲ ਰਿਹਾ ਹੈ। ਅਗਲੇ 3-4 ਦਿਨਾਂ ਵਿੱਚ ਇਹ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਪਹੁੰਚੇਗਾ। ਇਸ ਤੋਂ ਬਾਅਦ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਚੰਡੀਗੜ੍ਹ, ਉੱਤਰੀ ਪੰਜਾਬ ਅਤੇ ਹਰਿਆਣਾ ਵਿੱਚ ਦਸਤਕ ਦੇਵੇਗਾ।
IMD ਦੇ ਬੁਲੇਟਿਨ ਅਨੁਸਾਰ, ਉੱਤਰ ਅਤੇ ਮੱਧ ਭਾਰਤ ਦੇ ਕਈ ਹਿੱਸਿਆਂ ਵਿੱਚ ਮੌਸਮ ਤੇਜ਼ੀ ਨਾਲ ਕਰਵਟ ਲੈ ਰਿਹਾ ਹੈ। ਮੁੱਖ ਤੌਰ ‘ਤੇ ਪ੍ਰਭਾਵਿਤ ਹੋਣ ਵਾਲੇ ਰਾਜਾਂ ਵਿੱਚ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ ਅਤੇ ਰਾਜਸਥਾਨ ਸ਼ਾਮਲ ਹਨ।
ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ (Waterlogging) ਦੀ ਸਮੱਸਿਆ ਹੋ ਸਕਦੀ ਹੈ, ਜਿਸ ਨਾਲ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਲੋਕਾਂ ਨੂੰ ਬਿਨਾਂ ਵਜ੍ਹਾ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਖਰਾਬ ਮੌਸਮ ਦੌਰਾਨ ਦਰੱਖਤਾਂ, ਬਿਜਲੀ ਦੇ ਖੰਭਿਆਂ ਜਾਂ ਕਮਜ਼ੋਰ ਇਮਾਰਤਾਂ ਦੇ ਨੇੜੇ ਖੜ੍ਹੇ ਹੋਣ ਤੋਂ ਬਚਣ ਲਈ ਕਿਹਾ ਗਿਆ ਹੈ।

















