ਭਗਵੰਤ ਮਾਨ ਸਰਕਾਰ ਵਿਰੁੱਧ ਅਧਿਆਪਕ ਵਰਗ ‘ਚ ਭਾਰੀ ਰੋਸ! ਈ.ਟੀ.ਯੂ. ਪੰਜਾਬ ਨੇ ਸੰਗਰੂਰ ਮੋਰਚੇ ਨੂੰ ਕਾਮਯਾਬ ਬਣਾਉਣ ਲਈ ਕੀਤਾ ਵੱਡਾ ਐਲਾਨ:ਪੰਨੂ, ਲਾਹੌਰੀਆ
ਸੰਗਰੂਰ ਪੱਕੇ ਮੋਰਚੇ ‘ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਭਰਵੀਂ ਸ਼ਮੂਲੀਅਤ: ਜ਼ਿਲ੍ਹਾ ਵਾਰ ਡਿਊਟੀਆਂ ਲੱਗੀਆਂ
ਚੰਡੀਗੜ੍ਹ / ਸੰਗਰੂਰ, 15 ਨਵੰਬਰ 2026: ਸੂਬੇ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ ਵਿੱਢੇ ਗਏ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸੰਗਰੂਰ ਵਿਖੇ ਚੱਲ ਰਹੇ ਪੱਕੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾ ਰਹੀ ਹੈ। 19 ਨਵੰਬਰ ਤੱਕ ਚੱਲਣ ਵਾਲੇ ਇਸ ਸੂਬਾ ਪੱਧਰੀ ਪੱਕੇ ਮੋਰਚੇ ਨੂੰ ਸਫਲ ਬਣਾਉਣ ਲਈ ਜਥੇਬੰਦੀ ਵੱਲੋਂ ਪੂਰੀ ਤਿਆਰੀ ਖਿੱਚ ਲਈ ਗਈ ਹੈ ਅਤੇ ਪੰਜਾਬ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਐਲੀਮੈਂਟਰੀ ਅਧਿਆਪਕ ਕਾਫ਼ਲਿਆਂ ਦੇ ਰੂਪ ਵਿੱਚ ਸੰਗਰੂਰ ਵੱਲ ਕੂਚ ਕਰ ਰਹੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਸਾਂਝਾ ਮੁਲਾਜ਼ਮ ਮੰਚ (ਤਾਲਮੇਲ ਕਮੇਟੀ) ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਲੀਡਰਸ਼ਿਪ, ਖਾਸ ਕਰਕੇ ਆਗੂ ਪੰਨੂ ਅਤੇ ਹੋਰ ਸੀਨੀਅਰ ਸਾਥੀਆਂ ਦੀ ਅਗਵਾਈ ਹੇਠ ਇਸ ਮੋਰਚੇ ਵਿੱਚ ਸ਼ਮੂਲੀਅਤ ਕਰਨ ਲਈ ਠੋਸ ਰਣਨੀਤੀ ਉਲੀਕੀ ਗਈ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੌਰਾਨ ਅਨੁਸ਼ਾਸਨ ਅਤੇ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੀਆਂ ਤਰੀਕਾਂ ਅਨੁਸਾਰ ਬਾਕਾਇਦਾ ਡਿਊਟੀਆਂ ਲਗਾਈਆਂ ਗਈਆਂ ਹਨ।
ਦਲਜੀਤ ਸਿੰਘ ਲਾਹੌਰੀਆ ਨੇ ਅੱਗੇ ਦੱਸਿਆ ਕਿ ਸੂਬੇ ਦਾ ਹਰ ਜ਼ਿਲ੍ਹਾ ਆਪਣੀ ਲਗਾਈ ਗਈ ਡਿਊਟੀ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾ ਰਿਹਾ ਹੈ। ਵੱਖ-ਵੱਖ ਜ਼ਿਲ੍ਹਿਆਂ ਦੀਆਂ ਇਕਾਈਆਂ ਵੱਲੋਂ ਅਧਿਆਪਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਅਧਿਆਪਕ ਸਾਥੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸੰਗਰੂਰ ਵਿਖੇ ਲੱਗ ਰਹੇ ਪੱਕੇ ਮੋਰਚੇ ਵਿੱਚ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਵਿੱਚ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਵਰਗ ਨੂੰ ਸੜਕਾਂ ‘ਤੇ ਉੱਤਰਨ ਲਈ ਮਜਬੂਰ ਹੋਣਾ ਪਿਆ ਹੈ।
ਜਥੇਬੰਦੀ ਦੇ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਐਲੀਮੈਂਟਰੀ ਅਧਿਆਪਕ ਆਪਣੇ ਹੱਕਾਂ ਦੀ ਰਾਖੀ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਦਾ ਠੋਸ ਹੱਲ ਕੱਢੇ। ਲਾਹੌਰੀਆ ਨੇ ਸਮੂਹ ਐਲੀਮੈਂਟਰੀ ਅਧਿਆਪਕ ਸਾਥੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਦੀਆਂ ਨਿਰਧਾਰਤ ਤਰੀਕਾਂ ਅਨੁਸਾਰ ਵੱਧ ਤੋਂ ਵੱਧ ਗਿਣਤੀ ਵਿੱਚ ਸੰਗਰੂਰ ਪੱਕੇ ਮੋਰਚੇ ਵਿੱਚ ਪਹੁੰਚਣ ਤਾਂ ਜੋ ਸੁੱਤੀ ਪਈ ਸਰਕਾਰ ਨੂੰ ਜਗਾਇਆ ਜਾ ਸਕੇ। ਉਨ੍ਹਾਂ ਦ੍ਰਿੜ੍ਹਤਾ ਨਾਲ ਕਿਹਾ ਕਿ ਜਦੋਂ ਤੱਕ ਅਧਿਆਪਕਾਂ ਅਤੇ ਮੁਲਾਜ਼ਮਾਂ ਦੇ ਹੱਕ ਬਹਾਲ ਨਹੀਂ ਹੁੰਦੇ, ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਪੂਰੇ ਜ਼ੋਰ-ਸ਼ੋਰ ਨਾਲ ਜਾਰੀ ਰਹੇਗਾ।
ਇਸ ਮੌਕੇ ਹਰਜਿੰਦਰ ਪਾਲ ਸਿੰਘ ਪੰਨੂ, ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ, ਬੀ.ਕੇ.ਮਹਿਮੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿੰਘ, ਸੋਹਣ ਸਿੰਘ, ਖੁਸ਼ਪ੍ਰੀਤ ਸਿੰਘ ਕੰਗ, ਅੰਮ੍ਰਿਤਪਾਲ ਸਿੰਘ ਸੇਖੋਂ, ਰਵੀ ਵਾਹੀ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੋਹਾਨ, ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ, ਸਤਬੀਰ ਸਿੰਘ ਬੋਪਾਰਾਏ, ਗੁਰਵਿੰਦਰ ਸਿੰਘ ਬੱਬੂ, ਤਰਸੇਮ ਲਾਲ ਜਲੰਧਰ, ਰਿਸ਼ੀ ਕੁਮਾਰ ਜਲੰਧਰ, ਸੰਜੀਤ ਸਿੰਘ ਨਿੱਜਰ, ਮਨਿੰਦਰ ਸਿੰਘ ਪੰਜਗਰਾਈਆਂ ਆਦਿ ਆਗੂ ਹਾਜਰ ਸਨ।
















