ਕੀ ਪੰਜਾਬ ‘ਚ ਬਣੇਗਾ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ?

 

ਕੀ ਪੰਜਾਬ ‘ਚ ਬਣੇਗਾ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ?

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਰਕਾਰਾਂ ਤੁਰੰਤ ਸਖ਼ਤ ਕਾਨੂੰਨ ਬਣਾਉਣ: ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 20 ਮਾਰਚ 2026:

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੀਆਂ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਅਤੇ ਰੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਇਸ ਮਾਮਲੇ ਵਿੱਚ ਤੁਰੰਤ ਸਖ਼ਤ ਕਾਨੂੰਨ ਬਣਾਏ ਜਾਣ।

ਜਥੇਦਾਰ ਬਾਬਾ ਬਲਬੀਰ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸਿੱਖ ਕੌਮ ਦੇ ਮਾਣ-ਸਨਮਾਨ ਦੀ ਰਾਖੀ ਕਰਨ ਵਿੱਚ ਨਾਕਾਮ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਕਸਰ ਘਟਨਾ ਸਥਾਨ ਤੋਂ ਫੜੇ ਗਏ ਵਿਅਕਤੀਆਂ ਨੂੰ ‘ਨੀਮ ਪਾਗਲ’ ਦੱਸ ਕੇ ਬਚਾਉਣ ਦਾ ਨਿੰਦਣਯੋਗ ਯਤਨ ਕੀਤਾ ਜਾਂਦਾ ਹੈ, ਜਿਸ ਕਾਰਨ ਅਸਲ ਸਾਜ਼ਿਸ਼ਘਾੜੇ ਬਚ ਨਿਕਲਦੇ ਹਨ।

ਮੌਜੂਦਾ ਕਾਨੂੰਨੀ ਧਾਰਾਵਾਂ ਅਪਰਾਧੀਆਂ ਨੂੰ ਨੱਥ ਪਾਉਣ ਲਈ ਕਾਫ਼ੀ ਨਹੀਂ ਹਨ, ਜਿਸ ਕਾਰਨ ਅਜਿਹੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਬਾਬਾ ਬਲਬੀਰ ਸਿੰਘ ਨੇ ਪੁਰਜ਼ੋਰ ਮੰਗ ਕੀਤੀ ਕਿ ਮੌਜੂਦਾ ਕਾਨੂੰਨੀ ਧਾਰਾਵਾਂ ਵਿੱਚ ਸੋਧ ਕਰਕੇ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਤੋਂ ਸਖ਼ਤ ਸਜ਼ਾਵਾਂ ਨਿਰਧਾਰਿਤ ਕੀਤੀਆਂ ਜਾਣ। ਇੱਕ ਅਜਿਹਾ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ ਜੋ ਅਪਰਾਧੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਿੰਮਤ ਨਾ ਕਰ ਸਕੇ।

ਉਨ੍ਹਾਂ ਕਿਹਾ ਕਿ ਸਖ਼ਤ ਕਾਨੂੰਨ ਬਣਾਉਣਾ ਸਿੱਖ ਸੰਗਤਾਂ ਦੀ ਚਿਰੋਕਣੀ ਮੰਗ ਹੈ, ਜਿਸ ਨੂੰ ਸਰਕਾਰਾਂ ਵੱਲੋਂ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਛੇੜਛਾੜ ਅਤੇ ਅੰਗ ਪਾੜਨ ਜਾਂ ਸਾੜਨ ਵਰਗੀਆਂ ਦੁਖਦਾਈ ਘਟਨਾਵਾਂ ਗੁਰਦੁਆਰਾ ਸਾਹਿਬਾਨ ਦੇ ਅੰਦਰ ਹੀ ਵਾਪਰ ਰਹੀਆਂ ਹਨ, ਜੋ ਕਿ ਪੰਥ ਲਈ ਬਹੁਤ ਹੀ ਪੀੜਾਦਾਇਕ ਹੈ।