Join WhatsApp

Join Now

ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ‘ਯੈਲੋ ਅਲਰਟ’ ਜਾਰੀ

On: November 28, 2026 12:22 PM

 

ਮੌਸਮ ਵਿਭਾਗ ਵੱਲੋਂ ਪੰਜਾਬ ਦੇ 12 ਜ਼ਿਲ੍ਹਿਆਂ ‘ਚ ‘ਯੈਲੋ ਅਲਰਟ’ ਜਾਰੀ, ਦਿਨ ਦੇ ਤਾਪਮਾਨ ਵਿੱਚ ਗਿਰਾਵਟ

ਪੰਜਾਬ ਨੈੱਟਵਰਕ, ਚੰਡੀਗੜ੍ਹ

ਪੰਜਾਬ ਵਿੱਚ ਸਰਦੀ ਦਾ ਮੌਸਮ ਹੁਣ ਆਪਣਾ ਪੂਰਾ ਰੰਗ ਦਿਖਾਉਣ ਲੱਗ ਪਿਆ ਹੈ। ਸੂਬੇ ਭਰ ਵਿੱਚ ਠੰਢ ਹੌਲੀ-ਹੌਲੀ ਜ਼ੋਰ ਫੜ ਰਹੀ ਹੈ ਅਤੇ ਦਿਨ ਦੇ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਹਾਲਾਂਕਿ ਰਾਤ ਦਾ ਪਾਰਾ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ। ਠੰਢ ਦੇ ਨਾਲ-ਨਾਲ ਹੁਣ ਸੂਬੇ ਵਿੱਚ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ। ਖਾਸ ਕਰਕੇ ਸ਼ਹਿਰੀ ਖੇਤਰਾਂ ਤੋਂ ਬਾਹਰ ਖੁੱਲ੍ਹੇ ਮੈਦਾਨਾਂ ਅਤੇ ਹਾਈਵੇਅ ‘ਤੇ ਸਵੇਰ ਦੀ ਸ਼ੁਰੂਆਤ ਹਲਕੀ ਤੋਂ ਦਰਮਿਆਨੀ ਧੁੰਦ ਨਾਲ ਹੋ ਰਹੀ ਹੈ। ਮੌਸਮ ਦੀ ਇਸ ਤਬਦੀਲੀ ਨੂੰ ਦੇਖਦਿਆਂ ਭਾਰਤੀ ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਧੁੰਦ ਨੂੰ ਲੈ ਕੇ ‘ਯੈਲੋ ਅਲਰਟ’ (ਪੀਲੀ ਚਿਤਾਵਨੀ) ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਸ਼ਨੀਵਾਰ 28 ਨਵੰਬਰ ਅਤੇ ਐਤਵਾਰ 29 ਨਵੰਬਰ ਨੂੰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਵਿਭਾਗ ਨੇ ਵਾਹਨ ਚਾਲਕਾਂ ਨੂੰ ਸਵੇਰ ਵੇਲੇ ਸਫ਼ਰ ਕਰਨ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਸੋਮਵਾਰ 30 ਨਵੰਬਰ ਅਤੇ ਉਸ ਤੋਂ ਬਾਅਦ ਆਉਣ ਵਾਲੇ ਦਿਨਾਂ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ ਅਤੇ ਮੌਸਮ ਆਮ ਵਾਂਗ ਸਾਫ਼ ਰਹਿਣ ਦਾ ਅਨੁਮਾਨ ਹੈ।

ਆਗਾਮੀ ਹਫ਼ਤੇ ਯਾਨੀ 3 ਦਸੰਬਰ ਤੱਕ ਦੇ ਮੌਸਮ ਬਾਰੇ ਜਾਣਕਾਰੀ ਦਿੰਦਿਆਂ ਮਾਹਿਰਾਂ ਨੇ ਦੱਸਿਆ ਕਿ ਪੂਰੇ ਹਫ਼ਤੇ ਦੌਰਾਨ ਸੂਬੇ ਵਿੱਚ ਕਿਤੇ ਵੀ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹੇਗਾ। ਤਾਪਮਾਨ ਦੀ ਗੱਲ ਕਰੀਏ ਤਾਂ ਪੱਛਮੀ ਅਤੇ ਦੱਖਣ-ਪੱਛਮੀ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 26 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ, ਜਦਕਿ ਬਾਕੀ ਹਿੱਸਿਆਂ ਵਿੱਚ ਇਹ 22 ਤੋਂ 26 ਡਿਗਰੀ ਤੱਕ ਰਹਿਣ ਦੀ ਉਮੀਦ ਹੈ। ਦੂਜੇ ਪਾਸੇ, ਉੱਤਰੀ ਅਤੇ ਉੱਤਰ-ਪੱਛਮੀ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ, ਜਦਕਿ ਹੋਰਨਾਂ ਇਲਾਕਿਆਂ ਵਿੱਚ ਰਾਤ ਦਾ ਪਾਰਾ 6 ਤੋਂ 8 ਡਿਗਰੀ ਦੇ ਆਸ-ਪਾਸ ਰਹੇਗਾ।

ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦੀ ਕਮੀ ਆਈ ਹੈ। ਬੀਤੇ ਦਿਨ ਸੂਬੇ ਵਿੱਚ ਸਭ ਤੋਂ ਵੱਧ ਗਰਮੀ ਫਰੀਦਕੋਟ ਵਿੱਚ ਰਹੀ, ਜਿੱਥੇ ਪਾਰਾ 28.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ਵਿੱਚ 27.8 ਡਿਗਰੀ ਅਤੇ ਫਿਰੋਜ਼ਪੁਰ ਵਿੱਚ 27.7 ਡਿਗਰੀ ਤਾਪਮਾਨ ਰਿਹਾ। ਸੰਗਰੂਰ ਵਿੱਚ 26.2 ਡਿਗਰੀ, ਮੋਹਾਲੀ ਵਿੱਚ 25.9 ਡਿਗਰੀ ਅਤੇ ਪਟਿਆਲਾ ਵਿੱਚ 25.2 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਵੱਧ ਤੋਂ ਵੱਧ ਪਾਰਾ 25.0 ਡਿਗਰੀ ਰਿਹਾ, ਜਦਕਿ ਗੁਰਦਾਸਪੁਰ ਵਿੱਚ 24.4 ਡਿਗਰੀ ਅਤੇ ਥੀਨ ਡੈਮ ਇਲਾਕੇ ਵਿੱਚ ਸਭ ਤੋਂ ਘੱਟ 23.0 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ।

 

Leave a Comment